ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਬੇਅਦਬੀ ਦੀਆਂ ਘਟਨਾਵਾਂ ਤੇ ਬਹਿਬਲ ਕਲਾਂ ਗੋਲੀਕਾਂਡ ਦੇ ਦੋਸ਼ੀਆਂ ਦੀ ਪਛਾਣ ਕਰਕੇ ਕਾਨੂੰਨ ਮੁਤਾਬਕ ਢੁਕਵੀਆਂ ਸਜ਼ਾਵਾਂ ਦਿੱਤੀਆਂ ਜਾਣ। ਚੰਦੂਮਾਜਰਾ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਰਹੇ ਕੌਮੀ ਇਨਸਾਫ਼ ਮੋਰਚਾ ਦੇ ਮੈਂਬਰਾਂ ਵਿਰੁੱਧ ਪਰਚਾ ਦਰਜ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਲਦੀ ਤੇ ਤੇਲ ਪਾਉਣ ਦਾ ਕੰਮ ਕੀਤਾ ਹੈ, ਜਿਸ ਕਾਰਨ ਸਿੱਖ ਸੰਗਤ ਵਿੱਚ ਰੋਸ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਸਲਾਹ ਦਿੱਤੀ ਕਿ ਪੱਕੇ ਮੋਰਚੇ ਦੇ ਮੋਹਰੀ ਆਗੂਆਂ ਦੇ ਵਫ਼ਦ ਨੂੰ ਆਪਣੇ ਨਾਲ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕੋਲ ਜਾਣ ਤੇ ਬੰਦੀ ਸਿੱਖ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦਾ ਰਾਹ ਪੱਧਰਾ ਕਰਨ ਕਿਉਂਕਿ ਪ੍ਰੋ. ਭੁੱਲਰ ਦੀ ਰਿਹਾਈ ਦੀ ਫਾਈਲ ਇੱਕ ਸਾਲ ਤੋਂ ਕੇਜਰੀਵਾਲ ਦੀ ਟੇਬਲ ਤੇ ਪਈ ਹੈ। ਇਸ ਨਾਲ ਬਾਕੀ ਕੈਦੀਆਂ ਦੀ ਰਿਹਾਈ ਦਾ ਰਾਹ ਵੀ ਪੱਧਰਾ ਹੋਵੇਗਾ। ਚੰਦੂਮਾਜਰਾ ਨੇ ਮੁੱਖ ਮੰਤਰੀ ਨੂੰ ਇਸ ਮਾਮਲੇ ਵਿੱਚ ਸਰਬ ਪਾਰਟੀ ਮੀਟਿੰਗ ਸੱਦਣ ਅਤੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦ ਕੇ ਪੰਜਾਬੀਆਂ ਦੀਆਂ ਇਕਸੁਰਤਾ ਤੇ ਇੱਕਜੁਟਤਾ ਨਾਲ ਬਣਾਉਣ ਤਾਂ ਜੋ ਕੇਂਦਰ ਸਰਕਾਰ ਅਤੇ ਬਾਕੀ ਸੂਬਿਆਂ ਦੀਆਂ ਸਰਕਾਰਾਂ ਸਾਹਮਣੇ ਬੰਦੀ ਸਿੰਘਾ ਰਿਹਾਈ ਲਈ ਪ੍ਰਭਾਵ ਬਣ ਸਕੇ। ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਕਥਿਤ ਢਿੱਲ, ਕਮਜ਼ੋਰੀ ਦਾ ਲਾਭ ਲੈਂਦਿਆਂ ਕੇਂਦਰ ਸਰਕਾਰ ਲੋਕ ਤੇ ਲੋਕਤੰਤਰੀ ਢਾਂਚੇ ਨੂੰ ਸੱਟ ਮਾਰ ਕੇ ਪੰਜਾਬ ਦੇ ਅਧਿਕਾਰਾਂ ਚ ਸਿੱਧਾ ਦਖਲ ਦੇ ਰਹੀ ਹੈ, ਜਿਹੜਾ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਬਹੁਤ ਹੀ ਦੁੱਖ ਦੀ ਗੱਲ ਹੈ ਕਿ ਪੰਜਾਬ ਪੰਜਾਬੀਆਂ ਦੇ ਹੱਥ ਵਿੱਚ ਨਹੀਂ ਤੇ ਗੈਰ ਪੰਜਾਬੀ ਸਰਕਾਰ ਨੂੰ ਚਲਾ ਰਹੇ ਹਨ, ਜਿਸ ਕਾਰਨ ਪੰਜਾਬ ਦੇ ਮੁੱਦਿਆਂ ਨੂੰ ਅੱਖੋਂ ਪਰੋਖੇ ਕੀਤਾ ਜਾ ਰਿਹਾ ਹੈ।