ਫ਼ਿਰੋਜ਼ਪੁਰ ਵਿੱਚ 8 ਸਾਲ ਦੇ ਇਕ ਬੱਚੇ ਦੀ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਜਾਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਬੱਚੇ ਦੀ ਪਹਿਚਾਣ ਮਨਮੀਤ ਸ਼ਰਮਾ ਵਜੋਂ ਹੋਈ ਹੈ, ਜੋ ਆਰਐੱਸਡੀ ਰਾਜ ਰਤਨ ਪਬਲਿਕ ਸਕੂਲ ਵਿੱਚ ਦੂਜੀ ਜਮਾਤ ਦਾ ਵਿਦਿਆਰਥੀ ਸੀ।

ਜਾਣਕਾਰੀ ਅਨੁਸਾਰ ਮਨਮੀਤ ਆਪਣੇ ਘਰ ਦੀ ਛੱਤ ’ਤੇ ਪਤੰਗ ਉਡਾ ਰਿਹਾ ਸੀ ਕਿ ਅਚਾਨਕ ਉਸ ਨੂੰ ਘਬਰਾਹਟ ਮਹਿਸੂਸ ਹੋਈ। ਉਸ ਨੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਦੱਸਿਆ ਕਿ ਉਸ ਦੀ ਤਬੀਅਤ ਠੀਕ ਨਹੀਂ ਹੈ ਅਤੇ ਉਸ ਨੂੰ ਕਾਫ਼ੀ ਤਕਲੀਫ਼ ਹੋ ਰਹੀ ਹੈ।

ਪਰਿਵਾਰ ਵੱਲੋਂ ਬੱਚੇ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਡਾਕਟਰਾਂ ਮੁਤਾਬਕ ਮੌਤ ਦਾ ਕਾਰਨ ਅਚਾਨਕ ਪਿਆ ਦਿਲ ਦਾ ਦੌਰਾ ਦੱਸਿਆ ਜਾ ਰਿਹਾ ਹੈ।

ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਆਰਐੱਸਡੀ ਰਾਜ ਰਤਨ ਪਬਲਿਕ ਸਕੂਲ ਦੇ ਡਾਇਰੈਕਟਰ ਪ੍ਰੋਫੈਸਰ ਐੱਸਪੀ ਆਨੰਦ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਮਨਮੀਤ ਪੜ੍ਹਾਈ ਵਿੱਚ ਬਹੁਤ ਹੁਸ਼ਿਆਰ ਅਤੇ ਮਿਹਨਤੀ ਬੱਚਾ ਸੀ।

ਬੱਚੇ ਦੀ ਅਚਾਨਕ ਮੌਤ ਦੀ ਖ਼ਬਰ ਨਾਲ ਸਕੂਲ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਸਕੂਲ ਮੈਨੇਜਮੈਂਟ ਵੱਲੋਂ ਪੀੜਤ ਪਰਿਵਾਰ ਨਾਲ ਡੂੰਘੀ ਹਮਦਰਦੀ ਜਤਾਈ ਗਈ ਹੈ ਅਤੇ ਦੁੱਖ ਦੀ ਇਸ ਘੜੀ ਵਿੱਚ ਪਰਿਵਾਰ ਦੇ ਨਾਲ ਖੜ੍ਹੇ ਹੋਣ ਦਾ ਭਰੋਸਾ ਦਿੱਤਾ ਗਿਆ ਹੈ।