ਦੁੱਧ ਦਾ ਦੁੱਧ ਅਤੇ ਪਾਣੀ ਦਾ ਪਾਣੀ, ਅਡਾਨੀ ਮੁੱਦੇ ਤੇ ਰਾਹੁਲ ਗਾਂਧੀ ਨੇ ਮੋਦੀ ਸਰਕਾਰ ਨੂੰ ਘੇਰਿਆ

ਅਡਾਨੀ ਗਰੁੱਪ ਤੇ ਲੱਗੇ ਧੋਖਾਧੜੀ ਦੇ ਦੋਸ਼ਾਂ ਨੂੰ ਲੈ ਕੇ ਵਿਰੋਧੀ ਧਿਰ ਲਗਾਤਾਰ ਸਰਕਾਰ ਤੇ ਹਮਲਾਵਰ ਹੈ। ਇਸ ਮੁੱਦੇ ਤੇ ਸੋਮਵਾਰ (6 ਫਰਵਰੀ) ਨੂੰ ਵੀ ਸੰਸਦ ਦੇ ਦੋਵਾਂ ਸਦਨਾਂ ਚ ਹੰਗਾਮਾ ਹੋਇਆ, ਜਿਸ ਤੋਂ ਬਾਅਦ ਕਾਰਵਾਈ ਮੰਗਲਵਾਰ (7 ਫਰਵਰੀ) ਤੱਕ ਲਈ ਮੁਲਤਵੀ ਕਰ ਦਿੱਤੀ ਗਈ। ਇਸ ਦੌਰਾਨ ਕਾਂਗਰਸ ਸੰਸਦ ਰਾਹੁਲ ਗਾਂਧੀ (Rahul Gandhi) ਨੇ ਵੀ ਇਸ ਮੁੱਦੇ ਨੂੰ ਲੈ ਕੇ ਸਰਕਾਰ ਤੇ ਹਮਲਾ ਬੋਲਿਆ ਹੈ।
ਰਾਹੁਲ ਗਾਂਧੀ ਨੇ ਸੋਮਵਾਰ ਨੂੰ ਕਿਹਾ, ਸਰਕਾਰ ਪੂਰੀ ਕੋਸ਼ਿਸ਼ ਕਰੇਗੀ ਕਿ ਸੰਸਦ ਚ ਅਡਾਨੀ ਮੁੱਦੇ ਤੇ ਕੋਈ ਚਰਚਾ ਨਾ ਹੋਵੇ। ਸਰਕਾਰ ਨਹੀਂ ਚਾਹੁੰਦੀ ਕਿ ਅਡਾਨੀ ਮੁੱਦੇ ਤੇ ਸੰਸਦ ਚ ਚਰਚਾ ਹੋਵੇ, ਉਹ ਡਰੀ ਹੋਈ ਹੈ। ਸਰਕਾਰ ਨੂੰ ਚਰਚਾ ਕਰਨੀ ਚਾਹੀਦੀ ਹੈ। ਪਾਰਲੀਮੈਂਟ ਵਿੱਚ ਇਸ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ। ਇਸ ਬਾਰੇ ਸੰਸਦ ਵਿੱਚ ਚਰਚਾ ਹੋਣੀ ਚਾਹੀਦੀ ਹੈ, ਅਡਾਨੀ ਦੇ ਪਿੱਛੇ ਕੌਣ ਤਾਕਤ ਹੈ, ਦੇਸ਼ ਨੂੰ ਪਤਾ ਹੋਣਾ ਚਾਹੀਦਾ ਹੈ।
ਕਾਂਗਰਸੀ ਸੰਸਦ ਮੈਂਬਰ ਨੇ ਦੋਸ਼ ਲਾਇਆ ਕਿ, ਮੈਂ ਲੰਬੇ ਸਮੇਂ ਤੋਂ ਸਰਕਾਰ ਬਾਰੇ ਕਹਿ ਰਿਹਾ ਹਾਂ ਕਿ ਹਮ ਦੋ, ਹਮਾਰੇ ਦੋ। ਹੁਣ ਮੋਦੀ ਜੀ ਪੂਰੀ ਕੋਸ਼ਿਸ਼ ਕਰਨਗੇ ਕਿ ਅਡਾਨੀ ਜੀ ਤੇ ਚਰਚਾ ਨਾ ਕੀਤੀ ਜਾਵੇ। ਇਸ ਦਾ ਕਾਰਨ ਹੈ, ਕਾਰਨ ਤੁਸੀਂ ਜਾਣਦੇ ਹੋ । ਮੈਂ ਇਹ ਮੁੱਦਾ 2-3 ਸਾਲਾਂ ਤੋਂ ਉਠਾ ਰਿਹਾ ਹਾਂ। ਮੈਂ ਚਾਹੁੰਦਾ ਹਾਂ ਕਿ ਦੁੱਧ ਦਾ ਦੁੱਧ ਪਾਣੀ ਦਾ ਪਾਣੀ ਹੋ ਜਾਵੇ। ਲੱਖਾਂ ਕਰੋੜਾਂ ਦੇ ਭ੍ਰਿਸ਼ਟਾਚਾਰ ਬਾਰੇ ਚਰਚਾ ਹੋਣੀ ਚਾਹੀਦੀ ਹੈ।
ਕਾਂਗਰਸ ਸਮੇਤ ਕਈ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਨੇ ਸੋਮਵਾਰ ਨੂੰ ਅਡਾਨੀ ਗਰੁੱਪ ਤੇ ਲਗਾਏ ਗਏ ਦੋਸ਼ਾਂ ਦੇ ਮਾਮਲੇ ਨੂੰ ਲੈ ਕੇ ਸੰਸਦ ਭਵਨ ਦੇ ਕੰਪਲੈਕਸ ਚ ਮਹਾਤਮਾ ਗਾਂਧੀ ਦੀ ਮੂਰਤੀ ਦੇ ਸਾਹਮਣੇ ਪ੍ਰਦਰਸ਼ਨ ਕੀਤਾ। ਵਿਰੋਧੀ ਧਿਰ ਨੇ ਇੱਕ ਸਾਂਝੀ ਸੰਸਦੀ ਕਮੇਟੀ (ਜੇਪੀਸੀ) ਦੇ ਗਠਨ ਜਾਂ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਮਾਮਲੇ ਦੀ ਜਾਂਚ ਦੀ ਮੰਗ ਕੀਤੀ।




