ਸਾਬਕਾ ਕੇਂਦਰੀ ਮੰਤਰੀ ਤੇ ਬਠਿੰਡਾ ਦੇ ਐੱਮਪੀ ਹਰਸਿਮਰਤ ਕੌਰ ਬਾਦਲ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਪੰਜਾਬੀਆਂ ਨੂੰ ਦੱਸਣ ਕਿ ਉਨ੍ਹਾਂ ਨੇ ਸਰਕਾਰੀ ਖ਼ਰੀਦ ਮੰਡੀਆਂ ਖ਼ਤਮ ਕਰ ਕੇ ਪੰਜਾਬ ਦੇ 9 ਜ਼ਿਲ੍ਹਿਆਂ ਵਿਚ 11 ਪ੍ਰਾਈਵੇਟ ਗੋਦਾਮਾਂ ਨੂੰ ਖ਼ਰੀਦ ਕੇਂਦਰ ਐਲਾਨਣ ਦੇ ਕਾਰਪੋਰੇਟ ਘਰਾਣਿਆਂ ਤੋਂ ਕਿੰਨੇ ਪੈਸੇ ਲਏ ਹਨ।
ਬਠਿੰਡਾ ਦੇ ਐੱਮਪੀ ਜਿਨ੍ਹਾਂ ਨੇ ਸੋਮਵਾਰ ਨੂੰ ਹਲਕੇ ਦੇ ਦੌਰੇ ਦੌਰਾਨ ਸਰੂਦਲਗੜ੍ਹ ਵਿਧਾਨ ਸਭਾ ਹਲਕੇ ਵਿਚ ਝੰਡਾ ਖੁਰਦ ਪਿੰਡ ਵਿਚ ਜਨਤਕ ਇਕੱਠ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ 11 ਗੋਦਾਮਾਂ ਨੂੰ ਖ਼ਰੀਦ ਕੇਂਦਰ ਐਲਾਨ ਕੇ ਭਗਵੰਤ ਮਾਨ ਨੇ ਕੇਂਦਰ ਸਰਕਾਰ ਦਾ ਏਜੰਡਾ ਲਾਗੂ ਕਰ ਦਿੱਤਾ ਤੇ ਤਿੰਨ ਕਾਲੇ ਖੇਤੀ ਕਾਨੂੰਨਾਂ ਜਿਨ੍ਹਾਂ ਨੂੰ ਕਿਸਾਨ ਜਥੇਬੰਦੀਆਂ ਦੇ ਡੇਢ ਸਾਲ ਦੇ ਸੰਘਰਸ਼ ਪਿੱਛੋਂ ਖ਼ਤਮ ਕਰ ਦਿੱਤਾ ਗਿਆ ਸੀ, ਵਿਚੋਂ ਇਕ ਨੂੰ ਲਾਗੂ ਕਰ ਦਿੱਤਾ ਹੈ।
ਕਿਸਾਨਾਂ ਨੂੰ ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ ਪੰਜਾਬ ਦੀਆਂ ਮੰਡੀਆਂ ਦੇ ਨਿੱਜੀਕਰਨ ਦੀ ਘਟੀਆ ਸਾਜ਼ਿਸ਼ ਨੂੰ ਮਾਤ ਪਾਉਣ ਲਈ ਇਕਜੁੱਟ ਹੋਣ ਦੀ ਅਪੀਲ ਕਰਦਿਆਂ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸੂਬੇ ਲਈ ਇਹ ਜੰਗ ਜਿੱਤਣ ਵਾਸਤੇ 700 ਤੋਂ ਜ਼ਿਆਦਾ ਕਿਸਾਨਾਂ ਨੇ ਸ਼ਹਾਦਤਾਂ ਦਿੱਤੀਆਂ ਸਨ। ਅਸੀਂ ਇਸ ਕਿਸਾਨ ਵਿਰੋਧੀ ਸਰਕਾਰ ਵੱਲੋਂ ਸਾਡੀਆਂ ਸਰਕਾਰੀ ਮੰਡੀਆਂ ਦਾ ਨਿੱਜੀਕਰਨ ਕਰਨ ਦੀ ਆਗਿਆ ਦੇ ਕੇ ਸ਼ਹਾਦਤਾਂ ਨੂੰ ਬੇਕਾਰ ਨਹੀਂ ਜਾਣ ਦੇ ਸਕਦੇ।
ਬੀਬੀ ਬਾਦਲ ਨੇ ਮੁੱਖ ਮੰਤਰੀ ਨੂੰ ਇਹ ਵੀ ਪੁੱਛਿਆ ਕਿ ਜੇਕਰ ‘ਆਪ’ ਦਾ ਕਾਂਗਰਸ ਨਾਲ ਗੱਠਜੋੜ ਨਹੀਂ ਹੈ ਤਾਂ ਫਿਰ ਉਹਨਾਂ ਦਿੱਲੀ ਵਿਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿਚ ਲੱਗੇ ਧਰਨੇ ਵਿਚ ਕਾਂਗਰਸ ਨਾਲ ਸਟੇਜ ਕਿਉਂ ਸਾਂਝੀ ਕੀਤੀ। ਉਹਨਾਂ ਕਿਹਾ ਕਿ ਇਸ ਤੋਂ ਸਾਬਤ ਹੁੰਦਾ ਹੈ ਕਿ ਕਾਂਗਰਸ ਤੇ ‘ਆਪ’ ਪੰਜਾਬ ਵਿਚ ਸੰਸਦੀ ਚੋਣਾਂ ਵੱਖ-ਵੱਖ ਲੜਨ ਦਾ ਡਰਾਮਾ ਕਰ ਰਹੀਆਂ ਹਨ।
ਉਨ੍ਹਾਂ ਕਾਂਗਰਸ ਪਾਰਟੀ ਨੂੰ ਆਪਣੇ ਦੋਗਲੇ ਮਿਆਰ ਦਾ ਜਵਾਬ ਦੇਣ ਲਈ ਆਖਿਆ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਹੀ ਸਭ ਤੋਂ ਪਹਿਲਾਂ ਸ਼ਰਾਬ ਘੁਟਾਲੇ ਦਾ ਮੁੱਦਾ ਚੁੱਕਿਆ ਅਤੇ ਇਸਦੀ ਜਾਂਚ ਮੰਗੀ। ਹੁਣ ਉਹੀ ਪਾਰਟੀ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕੀਤੇ ਜਾਣ ਅਤੇ ਅਦਾਲਤਾਂ ਵੱਲੋਂ ਉਸ ਨੂੰ ਜ਼ਮਾਨਤ ਨਾ ਦੇਣ ਦੇ ਮਾਮਲੇ ਵਿਚ ‘ਆਪ’ ਨੂੰ ਬਚਾਉਣ ਵਾਸਤੇ ਧਰਨੇ ਲਗਾ ਰਹੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸੰਤਾਪ ਹੰਢਾ ਰਿਹਾ ਹੈ। ਪਹਿਲਾਂ ਪੰਜਾਬ ਦੇ ਸਰਕਾਰੀ ਖ਼ਜ਼ਾਨੇ ਨੂੰ ਲੁੱਟ ਕੇ ‘ਆਪ’ ਦਾ ਵਿਸਥਾਰ ਕੀਤਾ ਗਿਆ ਤੇ ਇਸ ਨੂੰ ਕੌਮੀ ਪਾਰਟੀ ਬਣਾਇਆ ਗਿਆ ਤੇ ਹੁਣ ਸੂਬੇ ਦੇ ਸਰਕਾਰੀ ਫੰਡ ਅਰਵਿੰਦ ਕੇਜਰੀਵਾਲ ਨੂੰ ਬਚਾਉਣ ਵਾਸਤੇ ਖ਼ਰਚੇ ਜਾ ਰਹੇ ਹਨ। ਇਹ ਬਹੁਤ ਹੀ ਨਿੰਦਣਯੋਗ ਗੱਲ ਹੈ। ਉਹਨਾਂ ਕਿਹਾ ਕਿ ਭਗਵੰਤ ਮਾਨ ਦੱਸਣ ਕਿ ਉਹਨਾਂ ਨੇ ਦਿੱਲੀ ਡੇਰੇ ਕਿਉਂ ਲਗਾਏ ਹਨ ਤੇ ਪੰਜਾਬ ਨੂੰ ਕਿਉਂ ਨਹੀਂ ਚਲਾ ਰਹੇ ਜੋ ਉਹਨਾਂ ਦਾ ਮੁੱਢਲਾ ਫਰਜ਼ ਬਣਦਾ ਹੈ। ਪੰਜਾਬੀਆਂ ਨੂੰ ਕਾਂਗਰਸ ਤੇ ‘ਆਪ’ ਦੋਵਾਂ ਦੇ ਮਨਸੂਬਿਆਂ ਤੋਂ ਸੁਚੇਤ ਰਹਿਣ ਦੀ ਅਪੀਲ ਕਰਦਿਆਂ ਬਾਦਲ ਨੇ ਕਿਹਾ ਕਿ ਦੋਵੇਂ ਪਾਰਟੀਆਂ ਪੰਜਾਬ ਵਿਰੋਧੀ ਹਨ।
No Alliance With Congress Then Why Share Stage During Dharna Harsimrat Kaur Badal
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)