ਕਾਂਗਰਸ ਹਾਈਕਮਾਨ ਨੇ ਜਲੰਧਰ ਕੈਂਟ ਤੋਂ ਵਿਧਾਇਕ ਅਤੇ ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਤੇ ਓਲੰਪੀਅਨ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਨਵਾਂ ਪ੍ਰਦੇਸ਼ ਪ੍ਰਧਾਨ ਨਿਯੁਕਤ ਕੀਤਾ ਹੈ। ਹਾਈਕਮਾਨ ਵੱਲੋਂ ਸ਼ੁੱਕਰਵਾਰ ਦੇਰ ਸ਼ਾਮ ਕੀਤੇ ਗਏ ਇਸ ਐਲਾਨ ਨਾਲ ਪੰਜਾਬ ਕਾਂਗਰਸ ਦੀ ਅਗਵਾਈ ਨੂੰ ਲੈ ਕੇ ਪਿਛਲੇ ਕੁਝ ਦਿਨਾਂ ਤੋਂ ਚੱਲ ਰਹੀਆਂ ਚਰਚਾਵਾਂ ’ਤੇ ਵਿਰਾਮ ਲੱਗ ਗਿਆ ਹੈ।
ਪਰਗਟ ਸਿੰਘ ਦੀ ਨਿਯੁਕਤੀ ਤੋਂ ਕੁਝ ਘੰਟੇ ਪਹਿਲਾਂ ਹੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਨਵੀਂ ਦਿੱਲੀ ਵਿੱਚ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਤੋਂ ਆਪਣਾ ਅਸਤੀਫ਼ਾ ਸੌਂਪਿਆ ਸੀ। ਮੁਲਾਕਾਤ ਦੌਰਾਨ ਪੰਜਾਬ ਦੇ ਸਿਆਸੀ ਹਾਲਾਤ, ਪਾਰਟੀ ਦੀਆਂ ਚੁਣੌਤੀਆਂ, ਸੰਗਠਨ ਨੂੰ ਮਜ਼ਬੂਤ ਕਰਨ ਅਤੇ ਆਉਣ ਵਾਲੀ ਰਣਨੀਤੀ ਬਾਰੇ ਚਰਚਾ ਹੋਈ।
ਪਰਗਟ ਸਿੰਘ ਦੇ ਸਾਹਮਣੇ ਹੁਣ ਪਾਰਟੀ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਤਿਆਰ ਕਰਨ ਦੇ ਨਾਲ-ਨਾਲ ਸੰਗਠਨ ਅੰਦਰ ਤਾਲਮੇਲ ਬਣਾਉਣ ਦੀ ਚੁਣੌਤੀ ਹੋਵੇਗੀ। ਇਸ ਤੋਂ ਪਹਿਲਾਂ ਕਾਂਗਰਸ ਹਾਈਕਮਾਨ ਨੇ ਪੰਜਾਬ ਦੇ ਪ੍ਰਦੇਸ਼ ਇੰਚਾਰਜ ਵਜੋਂ ਭੂਪੇਸ਼ ਬਘੇਲ ਦੀ ਥਾਂ ਸਚਿਨ ਪਾਇਲਟ ਨੂੰ ਜ਼ਿੰਮੇਵਾਰੀ ਸੌਂਪੀ ਸੀ। ਹਾਈਕਮਾਨ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ 1 ਜੁਲਾਈ ਨੂੰ ਐਲਾਨੀਆਂ ਗਈਆਂ ਵੱਖ-ਵੱਖ ਚੋਣ ਸਬੰਧੀ ਕਮੇਟੀਆਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਜਾਵੇਗਾ।
ਪਰਗਟ ਸਿੰਘ ਨੇ 2012 ਵਿੱਚ ਸਿਆਸਤ ਵਿੱਚ ਕਦਮ ਰੱਖਿਆ ਸੀ। ਉਹ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ’ਤੇ ਜਲੰਧਰ ਕੈਂਟ ਤੋਂ ਪਹਿਲੀ ਵਾਰ ਵਿਧਾਇਕ ਚੁਣੇ ਗਏ। ਨਵੰਬਰ 2016 ਵਿੱਚ ਅਕਾਲੀ ਦਲ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋਣ ਤੋਂ ਬਾਅਦ ਉਨ੍ਹਾਂ ਨੇ 2017 ਅਤੇ 2022 ਦੀਆਂ ਵਿਧਾਨ ਸਭਾ ਚੋਣਾਂ ਕਾਂਗਰਸ ਦੀ ਟਿਕਟ ’ਤੇ ਜਿੱਤੀਆਂ। ਚਰਨਜੀਤ ਸਿੰਘ ਚੰਨੀ ਦੀ ਸਰਕਾਰ ਵਿੱਚ ਸਤੰਬਰ 2021 ਤੋਂ ਮਾਰਚ 2022 ਤੱਕ ਉਹ ਕੈਬਨਿਟ ਮੰਤਰੀ ਵੀ ਰਹੇ। ਉਨ੍ਹਾਂ ਕੋਲ ਸਕੂਲ ਸਿੱਖਿਆ, ਉੱਚ ਸਿੱਖਿਆ, ਖੇਡਾਂ ਤੇ ਯੁਵਾ ਸੇਵਾਵਾਂ ਅਤੇ ਐਨਆਰਆਈ ਮਾਮਲਿਆਂ ਦੇ ਵਿਭਾਗ ਰਹੇ।
ਉਧਰ, ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਰਾਜਾ ਵੜਿੰਗ ਨੇ ਕਿਹਾ ਕਿ ਉਨ੍ਹਾਂ ਦਾ ਕਿਸੇ ਨਾਲ ਕੋਈ ਵਿਵਾਦ ਨਹੀਂ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਪਣੇ ਕਰੀਬ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਪੰਜਾਬ ਕਾਂਗਰਸ ਦੇ ਤਜਰਬੇ ਅਤੇ ਪਾਰਟੀ ਸਾਹਮਣੇ ਮੌਜੂਦ ਚੁਣੌਤੀਆਂ ਬਾਰੇ ਹਾਈਕਮਾਨ ਨਾਲ ਚਰਚਾ ਕੀਤੀ ਹੈ। ਵੜਿੰਗ ਨੇ ਕਿਹਾ ਕਿ ਪਾਰਟੀ ਨੂੰ ਜਦੋਂ ਵੀ ਉਨ੍ਹਾਂ ਦੀਆਂ ਸੇਵਾਵਾਂ ਦੀ ਲੋੜ ਹੋਵੇਗੀ, ਉਹ ਉਪਲਬਧ ਰਹਿਣਗੇ।
Punjab congress leadership passed to pargat singh following raja warring s resignation
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)