ਰਿਵਾਲਵਰ ਨਾਲ ਸੈਲਫੀ ਲੈਂਦੇ ਸਮੇਂ ਚੱਲੀ ਗੋਲੀ, 12ਵੀਂ ਜਮਾਤ ਦੇ ਵਿਦਿਆਰਥੀ ਦੀ ਮੌਤ

ਕਸਬਾ ਧਰਮਕੋਟ ਦੇ ਪਿੰਡ ਬਾਜੇਕੇ ਦੇ ਰਹਿਣ ਵਾਲੇ 17 ਸਾਲਾ ਨੌਜਵਾਨ ਦੀ ਪਿਤਾ ਦਾ ਲਾਇਸੈਂਸੀ ਰਿਵਾਲਵਰ ਸਾਫ਼ ਕਰਦੇ ਸਮੇਂ ਅਚਾਨਕ ਗੋਲੀ ਲੱਗਣ ਨਾਲ ਮੌਤ ਹੋ ਗਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਚ ਲੈ ਕੇ ਮੋਗਾ ਦੇ ਸਿਵਲ ਹਸਪਤਾਲ ਚੋਂ ਪੋਸਟਮਾਰਟਮ ਕਰਵਾ ਕੇ ਵਾਰਸਾਂ ਦੇ ਹਵਾਲੇ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਧਰਮਕੋਟ ਦੇ ਏਐਸਆਈ ਜਸਵੀਰ ਸਿੰਘ ਨੇ ਦੱਸਿਆ ਕਿ 17 ਸਾਲਾ ਗੁਰਵਿੰਦਰ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਬਾਜੇਕੇ ਬੀਤੀ ਸ਼ਾਮ ਆਪਣੇ ਪਿਤਾ ਦਾ ਲਾਇਸੈਂਸੀ ਰਿਵਾਲਵਰ ਸਾਫ਼ ਕਰ ਰਿਹਾ ਸੀ। ਇਸ ਦੌਰਾਨ ਜਦੋਂ ਉਹ ਮੋਬਾਈਲ ਵਿਚ ਸੈਲਫੀ ਲੈਣ ਲੱਗਿਆ ਤਾਂ ਰਿਵਾਲਵਰ ਤੋਂ ਗੋਲੀ ਚੱਲ ਗਈ, ਜੋ ਉਸ ਦੇ ਸਿਰ ਵਿਚ ਲੱਗੀ। ਨੌਜਵਾਨ ਨੂੰ ਗੰਭੀਰ ਹਾਲਤ ਵਿਚ ਮੋਗਾ ਦੇ ਇਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਦੇ ਬਿਆਨਾਂ ਦੇ ਆਧਾਰ ਤੇ ਕਾਰਵਾਈ ਕਰਦੇ ਹੋਏ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ।




