8 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਅਤੇ ਸਿੱਖ ਪਾਰਲੀਮੈਂਟ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਦੁਪਹਿਰ 1 ਵਜੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਲਾਨਾ ਜਰਨਲ ਹਾਊਸ ਵਿਚ ਅਹੁਦੇਦਾਰਾਂ ਦੀ ਚੋਣ ਕੀਤੀ ਜਾਵੇਗੀ। ਸ਼੍ਰੋਮਣੀ ਕਮੇਟੀ ਦੇ ਕੁੱਲ 185 ਮੈਂਬਰਾਂ ਵਿਚੋਂ 30 ਦਾ ਅਕਾਲ ਚਲਾਣਾ ਅਤੇ 4 ਮੈਂਬਰਾਂ ਦਾ ਅਸਤੀਫ਼ਾ ਦੇ ਜਾਣ ਕਾਰਨ 151 ਮੈਂਬਰ ਹੀ ਆਪਣੀ ਵੋਟ ਦਾ ਇਸਤਮਾਲ ਕਰ ਸਕਦੇ ਹਨ। ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਬਹੁਤੇ ਮੈਂਬਰ ਹੋਣ ਕਾਰਨ ਮੁੜ ਇਸੇ ਪਾਰਟੀ ਦਾ ਪ੍ਰਧਾਨ ਬਣਨਾ ਲਗਪਗ ਤੈਅ ਮੰਨਿਆ ਜਾ ਰਿਹਾ ਹੈ।ਪਿਛਲੇ ਸਾਲ 9 ਨਵੰਬਰ ਨੂੰ ਹੋਈ ਚੋਣ ਵਿਚ ਕੁੱਲ 146 ਵੋਟਾਂ ਪਈਆਂ ਸਨ ਜਿਨ੍ਹਾਂ ਵਿੱਚੋਂ ਮੌਜੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ 104 ਅਤੇ ਸਾਬਕਾ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਤੋਂ ਬਾਗੀ ਹੋਏ ਬੀਬੀ ਜਗੀਰ ਕੌਰ ਨੂੰ 42 ਵੋਟਾਂ ਪ੍ਰਾਪਤ ਹੋਈਆਂ ਸਨ।

ਇਸ ਵਾਰ ਸਭ ਕੁਝ ਸ਼ਾਂਤ ਚੱਲ ਰਿਹਾ ਹੈ, ਕਿਉਂਕਿ ਬੀਬੀ ਜਗੀਰ ਕੌਰ ਦੀਆਂ ਬਾਗ਼ੀ ਸੁਰਾਂ ਨੂੰ ਦੇਖਦਿਆਂ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਪ੍ਰਧਾਨਗੀ ਲਈ ਆਪਣਾ ਉਮੀਦਵਾਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਪਹਿਲਾਂ ਹੀ ਐਲਾਨ ਦਿੱਤਾ ਸੀ ਪਰ ਇਸ ਵਾਰ ਇਸ ਤਰ੍ਹਾਂ ਦਾ ਕੁਝ ਵੀ ਨਹੀਂ ਹੈ। ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕੋਰ ਕਮੇਟੀ ਦੇ ਕੁਝ ਮੈਂਬਰਾਂ ਨਾਲ ਮੰਗਲਵਾਰ ਦੁਪਹਿਰ 3 ਵਜੇ ਪਾਰਟੀ ਦੇ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਮੀਟਿੰਗ ਕਰ ਕੇ ਅਹੁਦੇਦਾਰਾਂ ਦੀ ਚੋਣ ਕਰਨ ਲਈ ਸਾਰੇ ਅਧਿਕਾਰ ਲੈ ਲੈਣਗੇ ਜਿਸ ਤੋਂ ਬਾਅਦ 8 ਨਵੰਬਰ ਦੇ ਜਨਰਲ ਹਾਊਸ ਵਿਚ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਹੋਵੇਗਾ ਜਿਸ ਵਿਚ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਤੇ 11 ਮੈਂਬਰੀ ਅੰਤਿ੍ਰੰਗ ਕਮੇਟੀ ਚੁਣੀ ਜਾਵੇਗੀ ਜਿਸ ਨੂੰ ਬੰਦ ਲਿਫ਼ਾਫ਼ੇ ਦਾ ਨਾਂ ਦਿੱਤਾ ਜਾਂਦਾ ਹੈ।

ਪਿਛਲੇ ਸਾਲ ਲਈ ਜਨਰਲ ਇਜਲਾਸ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਪ੍ਰਧਾਨ ਬਲਦੇਵ ਸਿੰਘ ਕਾਇਮਪੁਰ ਸੀਨੀਅਰ ਮੀਤ ਪ੍ਰਧਾਨ, ਅਵਤਾਰ ਸਿੰਘ ਰਿਆ ਜੂਨੀਅਰ ਮੀਤ ਪ੍ਰਧਾਨ ਅਤੇ ਭਾਈ ਗੁਰਚਰਨ ਸਿੰਘ ਗਰੇਵਾਲ ਨੂੰ ਜਨਰਲ ਸਕੱਤਰ ਚੁਣਿਆ ਗਿਆ ਸੀ। ਇਸ ਤੋਂ ਇਲਾਵਾ 11 ਮੈਂਬਰੀ ਅੰਤਿ੍ਰੰਗ ਕਮੇਟੀ ਵਿਚ ਮੋਹਨ ਸਿੰਘ ਬੰਗੀ, ਜਰਨੈਲ ਸਿੰਘ ਕਰਤਾਰਪੁਰ, ਸੁਰਜੀਤ ਸਿੰਘ ਤੁਗਲਵਾਲ, ਬਾਵਾ ਸਿੰਘ ਗੁਮਾਨਪੁਰਾ, ਬੀਬੀ ਗੁਰਿੰਦਰ ਕੌਰ ਭੋਲੂਵਾਲਾ, ਗੁਰਨਾਮ ਸਿੰਘ ਜੱਸਲ, ਪਰਮਜੀਤ ਸਿੰਘ ਖਾਲਸਾ, ਸ਼ੇਰ ਸਿੰਘ ਮੰਡਵਾਲਾ, ਬਾਬਾ ਗੁਰਪ੍ਰੀਤ ਸਿੰਘ ਰੰਧਾਵਾ, ਭੁਪਿੰਦਰ ਸਿੰਘ ਅਸੰਧ ਤੇ ਮਲਕੀਤ ਸਿੰਘ ਚੰਗਾਲ ਨੂੰ ਚੁਣਿਆ ਗਿਆ ਸੀ।