ਸ੍ਰੀ ਹਜ਼ੂਰ ਸਾਹਿਬ ਲਈ ਤਕਰੀਬਨ 1300 ਯਾਤਰੂਆਂ ਨੂੰ ਲੈ ਜਾ ਰਹੀ ਪਹਿਲੀ ਰੇਲ ਗੱਡੀ ਨੂੰ ਕੀਤਾ ਰਵਾਨਾ

27/11/2023 | Public Times Bureau | Panjab

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਹਾਜ਼ਰੀ ਵਿੱਚ ਦੇਸ਼ ਭਰ ਦੇ ਪਵਿੱਤਰ ਸਥਾਨਾਂ ਉਤੇ ਲੋਕਾਂ ਨੂੰ ਲੈ ਕੇ ਜਾਣ ਲਈ ਸੋਮਵਾਰ ਨੂੰ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਦੀ ਸ਼ੁਰੂਆਤ ਕੀਤੀ।ਇੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਦੀ ਸ਼ੁਰੂਆਤ ਮਗਰੋਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਕੀਮ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਤੇ ਫਲਸਫ਼ੇ ਮੁਤਾਬਕ ਹੈ, ਜਿਨ੍ਹਾਂ ਲੋਕਾਈ ਨੂੰ ਭਾਈਚਾਰੇ ਤੇ ਅਮਨ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਲੋਕਾਂ ਨੇ ਕਿਸੇ ਨਾ ਕਿਸੇ ਕਾਰਨ ਅਜੇ ਤੱਕ ਇਨ੍ਹਾਂ ਧਾਰਮਿਕ ਸਥਾਨਾਂ ਦੇ ਦਰਸ਼ਨ ਨਹੀਂ ਕੀਤੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ਰਧਾਲੂਆਂ ਨੂੰ ਦੇਸ਼ ਤੇ ਸੂਬੇ ਭਰ ਦੇ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਸੂਬਾ ਸਰਕਾਰ ਨੇ ਇਹ ਸਕੀਮ ਸ਼ੁਰੂ ਕੀਤੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਅੱਜ ਅੰਮ੍ਰਿਤਸਰ ਤੋਂ 300 ਸ਼ਰਧਾਲੂ, ਜਲੰਧਰ ਤੋਂ 220 ਅਤੇ ਧੂਰੀ ਤੋਂ 500 ਤੋਂ ਵੱਧ ਸ਼ਰਧਾਲੂ ਇਸ ਰੇਲ ਗੱਡੀ ਰਾਹੀਂ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨਾਂ ਲਈ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਆਗਾਮੀ ਤਿੰਨ ਮਹੀਨਿਆਂ ਵਿੱਚ 50 ਹਜ਼ਾਰ ਤੋਂ ਵੱਧ ਸ਼ਰਧਾਲੂ ਇਹ ਸਹੂਲਤ ਹਾਸਲ ਕਰਨਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿੱਚੋਂ 13 ਹਜ਼ਾਰ ਸ਼ਰਧਾਲੂ ਰੇਲ ਗੱਡੀਆਂ ਰਾਹੀਂ ਜਾਣਗੇ ਅਤੇ ਹਰੇਕ ਅੱਠ ਦਿਨਾਂ ਬਾਅਦ ਚੱਲਣ ਵਾਲੀਆਂ ਇਨ੍ਹਾਂ 13 ਰੇਲ ਗੱਡੀਆਂ ਵਿੱਚੋਂ ਹਰੇਕ ਗੱਡੀ ਵਿੱਚ ਇਕ ਹਜ਼ਾਰ ਯਾਤਰੀ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਾਕੀ ਸ਼ਰਧਾਲੂ ਬੱਸਾਂ ਰਾਹੀਂ ਸਫ਼ਰ ਕਰਨਗੇ ਅਤੇ ਰੋਜ਼ਾਨਾ ਦਸ ਬੱਸਾਂ ਚੱਲਣਗੀਆਂ, ਜਿਨ੍ਹਾਂ ਵਿੱਚੋਂ ਹਰੇਕ ਬੱਸ ਵਿੱਚ 43 ਯਾਤਰੀ ਸਵਾਰ ਹੋਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਕਿਸੇ ਐਮਰਜੈਂਸੀ ਨਾਲ ਨਜਿੱਠਣ ਲਈ ਇਨ੍ਹਾਂ ਯਾਤਰੀਆਂ ਨਾਲ ਡਾਕਟਰਾਂ, ਵਲੰਟੀਅਰਾਂ ਤੇ ਅਧਿਕਾਰੀਆਂ ਦੀ ਇਕ ਟੀਮ ਵੀ ਸਫ਼ਰ ਕਰੇਗੀ। ਉਨ੍ਹਾਂ ਕਿਹਾ ਕਿ ਯਾਤਰੀਆਂ ਦੇ ਪਹੁੰਚਣ ਤੋਂ ਪਹਿਲਾਂ ਸਾਰੇ ਪ੍ਰਬੰਧਾਂ ਲਈ ਅਧਿਕਾਰੀਆਂ ਦੀ ਇਕ ਟੀਮ ਅਗਾਊਂ ਭੇਜੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ 75 ਸਾਲ ਤੋਂ ਵੱਧ ਉਮਰ ਵਾਲਿਆਂ ਨੂੰ ਆਪਣੇ ਨਾਲ ਇਕ ਨੌਜਵਾਨ ਨੂੰ ਦੇਖਭਾਲ ਲਈ ਲੈ ਕੇ ਜਾਣ ਦੀ ਇਜਾਜ਼ਤ ਹੋਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਸਕੀਮ ਪਹਿਲਾਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਦਿੱਲੀ ਸਰਕਾਰ ਨੇ ਸ਼ੁਰੂ ਕੀਤੀ ਸੀ। ਉਨ੍ਹਾਂ ਕਿਹਾ ਕਿ ਹੁਣ ਇਸ ਸਕੀਮ ਨੂੰ ਪੰਜਾਬ ਵਿੱਚ ਲਾਗੂ ਕੀਤਾ ਗਿਆ ਹੈ ਅਤੇ ਨੇੜਲੇ ਧਾਰਮਿਕ ਸਥਾਨਾਂ ਲਈ ਏ.ਸੀ. ਬੱਸਾਂ ਅਤੇ ਦੂਰ-ਦੁਰਾਡੇ ਦੇ ਸਥਾਨਾਂ ਲਈ ਰੇਲ ਗੱਡੀਆਂ ਦੀ ਸਹੂਲਤ ਦਿੱਤੀ ਗਈ ਹੈ। ਉਨ੍ਹਾਂ ਸ਼ਰਧਾਲੂਆਂ ਦੀ ਯਾਤਰਾ ਲਈ ਉਨ੍ਹਾਂ ਨੂੰ ਏ.ਸੀ. ਕਮਰੇ ਤੇ ਖਾਣ-ਪੀਣ ਦੀਆਂ ਵਸਤਾਂ ਵੀ ਮੁਹੱਈਆਂ ਕੀਤੀਆਂ ਜਾਣਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਰੇਲ ਗੱਡੀਆਂ ਰਾਹੀਂ ਸ਼ਰਧਾਲੂ ਸ੍ਰੀ ਹਜ਼ੂਰ ਸਾਹਿਬ ਤੇ ਸ੍ਰੀ ਪਟਨਾ ਸਾਹਿਬ, ਵਾਰਾਨਸੀ, ਮਥੁਰਾ, ਅਜਮੇਰ ਸ਼ਰੀਫ਼ ਤੇ ਹੋਰ ਸਥਾਨਾਂ ਦੇ ਦਰਸ਼ਨ ਕਰਨਗੇ।

ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਬੱਸਾਂ ਰਾਹੀਂ ਸ਼ਰਧਾਲੂ ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਆਨੰਦਪੁਰ ਸਾਹਿਬ ਤੇ ਸ੍ਰੀ ਦਮਦਮਾ ਸਾਹਿਬ, ਸ੍ਰੀ ਵੈਸ਼ਨੋ ਦੇਵੀ, ਮਾਤਾ ਚਿੰਤਪੁਰਨੀ ਜੀ, ਮਾਤਾ ਨੈਣਾ ਦੇਵੀ ਜੀ, ਮਾਤਾ ਜਵਾਲਾ ਜੀ, ਸਾਲਾਸਰ ਧਾਮ, ਖਾਟੂ ਸ਼ਿਆਮ ਜੀ ਅਤੇ ਹੋਰ ਸਥਾਨਾਂ ਦੇ ਦਰਸ਼ਨ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਇਕ ਧਰਮ ਨਿਰਪੱਖ ਸੂਬਾ ਹੈ, ਜਿੱਥੇ ਨਫ਼ਰਤ ਤੋਂ ਇਲਾਵਾ ਹੋਰ ਹਰੇਕ ਤਰ੍ਹਾਂ ਦੇ ਬੀਜ ਪੁੰਗਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਹ ਫਿਰਕੂ ਸਦਭਾਵਨਾ, ਭਾਈਚਾਰੇ, ਪਿਆਰ ਤੇ ਅਮਨ ਦੀ ਧਰਤੀ ਹੈ। ਭਗਵੰਤ ਸਿੰਘ ਮਾਨ ਨੇ ਇਹ ਵੀ ਕਿਹਾ ਕਿ ਇਕ ਹੋਰ ਮਿਸਾਲੀ ਪਹਿਲਕਦਮੀ ਤਹਿਤ ਸੂਬਾ ਸਰਕਾਰ ਨੇ ਲੋਕਾਂ ਨੂੰ ਅਨਾਜ ਦੀ ਘਰ-ਘਰ ਸਪਲਾਈ ਦੀ ਵੀ ਸ਼ੁਰੂਆਤ ਕੀਤੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਤੱਕ ਸੂਬੇ ਦੇ 37 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ, ਉਹ ਵੀ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ਉਤੇ। ਉਨ੍ਹਾਂ ਕਿਹਾ ਕਿ ਸੂਬੇ ਵਿੱਚ 58 ਹਜ਼ਾਰ ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਹੋਇਆ ਹੈ, ਜਿਸ ਨਾਲ ਪ੍ਰਾਈਵੇਟ ਸੈਕਟਰ ਵਿੱਚ 2.98 ਲੱਖ ਤੋਂ ਜ਼ਿਆਦਾ ਨੌਕਰੀਆਂ ਦੇ ਮੌਕੇ ਪੈਦਾ ਹੋਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰੀ ਨੌਕਰੀਆਂ ਬਿਲਕੁੱਲ ਪਾਰਦਰਸ਼ੀ ਤਰੀਕੇ ਨਾਲ ਅਤੇ ਨੌਜਵਾਨਾਂ ਦੀ ਕਾਬਲੀਅਤ ਦੇ ਆਧਾਰ ਉਤੇ ਦਿੱਤੀਆਂ ਜਾ ਰਹੀਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ 664 ਆਮ ਆਦਮੀ ਕਲੀਨਿਕ ਕਾਰਜਸ਼ੀਲ ਹਨ ਅਤੇ 100 ਹੋਰ ਕਲੀਨਿਕ ਤਿਆਰ ਹਨ, ਜੋ ਜਲਦੀ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਬਹੁ-ਗਿਣਤੀ ਘਰਾਂ ਨੂੰ ਮੁਫ਼ਤ ਬਿਜਲੀ ਮੁਹੱਈਆ ਕਰ ਰਹੀ ਹੈ। ਇਸ ਦੇ ਨਾਲ-ਨਾਲ ਆਮ ਲੋਕਾਂ ਦੀ ਭਲਾਈ ਲਈ ਆਮ ਲੋਕਾਂ ਭਾਵੇਂ ਉਹ ਕਾਰੋਬਾਰੀ ਹਨ, ਵਪਾਰੀ ਹਨ ਜਾਂ ਖੇਤ ਮਜ਼ਦੂਰ ਜਾਂ ਕੋਈ ਹੋਰ, ਉਨ੍ਹਾਂ ਦੀ ਭਲਾਈ ਲਈ ਕਈ ਫੈਸਲੇ ਕੀਤੇ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ ਸਕੂਲ ਆਫ਼ ਐਮੀਨੈਂਸ ਦੀ ਸਥਾਪਨਾ ਕੀਤੀ ਗਈ ਹੈ ਅਤੇ ਪੰਜਾਬ ਦੇ ਸਕੂਲਾਂ ਵਿੱਚ ‘ਬਿਜ਼ਨਸ ਬਲਾਸਟਰਜ਼’ ਨਾਂ ਦੀ ਸਕੀਮ ਸਫ਼ਲਤਾ ਪੂਰਵਕ ਚੱਲ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਦਿੱਲੀ ਸਰਕਾਰ ਦੇ ਸ਼ਾਸਨ ਦੇ ਸਫ਼ਲ ਮਾਡਲ ਨੂੰ ਪੰਜਾਬ ਵਿੱਚ ਦੁਹਰਾਇਆ ਜਾ ਰਿਹਾ ਹੈ ਅਤੇ ਇਹ ਲੋਕਾਂ ਦੇ ਹਿੱਤ ਵਿੱਚ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦਾ ਮੰਤਵ ਕਿਸੇ ਵਿਸ਼ੇਸ਼ ਪਰਿਵਾਰ ਦੀ ਥਾਂ ਸੂਬੇ ਦੇ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਉਨ੍ਹਾਂ ਦਾ ਪਰਿਵਾਰ ਹਨ ਅਤੇ ਉਨ੍ਹਾਂ ਦੀ ਸਰਕਾਰ ਦਾ ਹਰ ਕਦਮ ਸੂਬੇ ਅਤੇ ਇੱਥੋਂ ਦੇ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਉਣਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਧਿਰ ਕੋਲ ਉਨ੍ਹਾਂ ਦੀ ਸਰਕਾਰ ਵਿਰੁੱਧ ਉਠਾਉਣ ਲਈ ਕੋਈ ਮੁੱਦਾ ਨਹੀਂ ਹੈ ਅਤੇ ਉਹ ਵੱਖ-ਵੱਖ ਮੁੱਦਿਆਂ `ਤੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਸ ਗੁੰਮਰਾਹਕੁੰਨ ਪ੍ਰਚਾਰ ਵੱਲ ਧਿਆਨ ਨਾ ਦੇ ਕੇ ਰੰਗਲਾ ਪੰਜਾਬ ਬਣਾਉਣ ਲਈ ਸੂਬਾ ਸਰਕਾਰ ਦੇ ਯਤਨਾਂ ਵਿੱਚ ਸਹਿਯੋਗ ਕਰਨਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਸੇ ਵੀ ਲੋਕਤੰਤਰੀ ਪ੍ਰਣਾਲੀ ਵਿਚ ਲੋਕ ਸਭ ਤੋਂ ਉੱਪਰ ਹੁੰਦੇ ਹਨ ਅਤੇ ਸੂਬੇ ਨੂੰ ਦੇਸ਼ ਵਿਚ ਮੋਹਰੀ ਬਣਾਉਣ ਲਈ ਆਮ ਲੋਕਾਂ ਦਾ ਸਹਿਯੋਗ ਜ਼ਰੂਰੀ ਹੁੰਦਾ ਹੈ।

ਪਿਛਲੀਆਂ ਸਰਕਾਰਾਂ ਉਤੇ ਨਿਸ਼ਾਨਾ ਸੇਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਆਪਣੇ ਸਰਕਾਰੀ ਅਹੁਦਿਆਂ ਦੀ ਦੁਰਵਰਤੋਂ ਕਰਕੇ ਬੇਸ਼ੁਮਾਰ ਦੌਲਤ ਇਕੱਠੀ ਕੀਤੀ ਅਤੇ ਆਪਣੇ ਲਈ ਵੱਡੇ-ਵੱਡੇ ਮਹਿਲਨੁਮਾ ਘਰ ਉਸਾਰੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮਹਿਲਨੁਮਾ ਘਰਾਂ ਦੀਆਂ ਕੰਧਾਂ ਤਾਂ ਉੱਚੀਆਂ ਹਨ, ਪਰ ਦਰਵਾਜ਼ੇ ਆਮ ਤੌਰ ’ਤੇ ਲੋਕਾਂ ਲਈ ਹਮੇਸ਼ਾ ਬੰਦ ਹੀ ਰਹਿੰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਹਮੇਸ਼ਾ ਲੋਕਾਂ ਤੋਂ ਦੂਰੀ ਬਣਾ ਕੇ ਰੱਖੀ, ਜਿਸ ਦੇ ਸਿੱਟੇ ਵਜੋਂ ਸੂਬਾ ਵਾਸੀਆਂ ਨੇ ਉਨ੍ਹਾਂ ਨੂੰ ਸੱਤਾ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ।

ਗੁਰਬਾਣੀ ਦੀ ਤੁਕ ‘ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ॥’ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਗੁਰੂਆਂ ਨੇ ਹਵਾ (ਪਵਨ) ਨੂੰ ਗੁਰੂ, ਪਾਣੀ ਨੂੰ ਪਿਤਾ ਅਤੇ ਜ਼ਮੀਨ (ਧਰਤ) ਨੂੰ ਮਾਤਾ ਦਾ ਦਰਜਾ ਦਿੱਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਅਸੀਂ ਵਾਤਾਵਰਣ ਨੂੰ ਬਚਾਉਣ ਦਾ ਸੰਕਲਪ ਲੈਂਦਿਆਂ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਗੁਰਬਾਣੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਈਏ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪਣੇ ਸੰਬੋਧਨ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਮੌਕੇ `ਤੇ ਲੋਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਮਹਾਨ ਗੁਰੂਆਂ ਦੇ ਦਰਸਾਏ ਰਾਹ `ਤੇ ਚੱਲ ਕੇ ਦਿੱਲੀ ਅਤੇ ਪੰਜਾਬ ਦੇ ਲੋਕਾਂ ਦੀ ਸੇਵਾ ਕਰ ਰਹੀ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅੱਜ ਉਨ੍ਹਾਂ ਲੋਕਾਂ ਦੀ ਸਹੂਲਤ ਲਈ ਮਹੱਤਵਪੂਰਨ ਯੋਜਨਾ ਸ਼ੁਰੂ ਕੀਤੀ ਜਾ ਰਹੀ ਹੈ ਜੋ ਸਾਧਨਾਂ ਦੀ ਘਾਟ ਜਾਂ ਕਿਸੇ ਹੋਰ ਵਜ੍ਹਾ ਕਰਕੇ ਪਵਿੱਤਰ ਤੀਰਥਾਂ ਦੀ ਯਾਤਰਾ ਨਹੀਂ ਕਰ ਸਕਦੇ।

ਦਿੱਲੀ ਦੇ ਮੁੱਖ ਮੰਤਰੀ ਨੇ ਅਫ਼ਸੋਸ ਪ੍ਰਗਟਾਇਆ ਕਿ ਪਿਛਲੇ 75 ਸਾਲਾਂ ਵਿੱਚ ਕਦੇ ਵੀ ਕਿਸੇ ਸਰਕਾਰ ਨੇ ਲੋਕਾਂ ਦੀ ਸਹੂਲਤ ਲਈ ਇਹ ਸਕੀਮ ਸ਼ੁਰੂ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਦਿੱਲੀ ਵਿੱਚ ਹੁਣ ਤੱਕ 80,000 ਤੋਂ ਵੱਧ ਲੋਕ ਇਸ ਯੋਜਨਾ ਦਾ ਲਾਭ ਲੈ ਚੁੱਕੇ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਸ ਯੋਜਨਾ `ਤੇ ਜੋ ਪੈਸਾ ਖਰਚ ਕੀਤਾ ਜਾ ਰਿਹਾ ਹੈ, ਪਿਛਲੀਆਂ ਸਰਕਾਰਾਂ ਵੱਲੋਂ ਉਹੀ ਪੈਸਾ ਆਪਣੀ ਮੌਜ ਮਸਤੀ ਉਤੇ ਖਰਚਿਆ ਜਾਂਦਾ ਸੀ।

ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਿਹਤ, ਸਿੱਖਿਆ ਅਤੇ ਹੋਰ ਹਰ ਖੇਤਰ ਵਿੱਚ ਕ੍ਰਾਂਤੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਦੇਖ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਮੁਫਤ ਇਲਾਜ ਲਈ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ, ਸੂਬੇ ਦੇ 20,000 ਸਕੂਲਾਂ ਦੀ ਕਾਇਆ ਕਲਪ ਕੀਤੀ ਜਾ ਰਹੀ ਹੈ ਅਤੇ ਹੁਣ ਇਹ ਤੀਰਥ ਯਾਤਰਾ ਯੋਜਨਾ ਸ਼ੁਰੂ ਕੀਤੀ ਗਈ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਹ ਖੁਸ਼ਕਿਸਮਤ ਹਨ ਕਿ ਉਹ ਇਸ ਮੁਹਿੰਮ ਦਾ ਹਿੱਸਾ ਬਣ ਕੇ ਇਸ ਯੋਜਨਾ ਦੀ ਸ਼ੁਰੂਆਤ ਕਰ ਰਹੇ ਹਨ।
ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਦਿੱਲੀ ਵਿੱਚ ਇਸ ਯੋਜਨਾ ਨਾਲ ਜੁੜੇ 80 ਫੀਸਦ ਸ਼ਰਧਾਲੂ ਔਰਤਾਂ ਅਤੇ ਬਜ਼ੁਰਗ ਨਾਗਰਿਕ ਹਨ। ਉਨ੍ਹਾਂ ਉਮੀਦ ਜਤਾਈ ਕਿ ਇਹ ਸਕੀਮ ਪੰਜਾਬ ਦੇ ਬਜ਼ੁਰਗ ਨਾਗਰਿਕਾਂ ਤੇ ਔਰਤਾਂ ਨੂੰ ਤੀਰਥ ਸਥਾਨਾਂ ਦੇ ਦਰਸ਼ਨਾਂ ਦੀ ਸਹੂਲਤ ਪ੍ਰਦਾਨ ਕਰਨ ਵਿੱਚ ਅਹਿਮ ਸਾਬਤ ਹੋਵੇਗੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸਰਕਾਰੀ ਖਜ਼ਾਨੇ ਦਾ ਇਕ-ਇਕ ਪੈਸਾ ਆਮ ਆਦਮੀ ਦੀ ਭਲਾਈ `ਤੇ ਖਰਚ ਕੀਤਾ ਜਾ ਰਿਹਾ ਹੈ।

The First Train Carrying About 1300 Passengers Left For Sri Hazur Sahib


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App