ਚੰਡੀਗੜ੍ਹ ਯੂਨੀਵਰਸਿਟੀ ਦੇ ਸੰਸਥਾਪਕ ਚਾਂਸਲਰ ਸਤਨਾਮ ਸਿੰਘ ਸੰਧੂ ਨੂੰ ਮੰਗਲਵਾਰ ਨੂੰ ਰਾਜ ਸਭਾ ਲਈ ਨਾਮਜ਼ਦ ਕੀਤਾ ਗਿਆ। ਗ੍ਰਹਿ ਮੰਤਰਾਲੇ ਨੇ ਇਕ ਨੋਟੀਫਿਕੇਸ਼ਨ ’ਚ ਕਿਹਾ ਕਿ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਸੰਧੂ ਨੂੰ ਰਾਜ ਸਭਾ ਮੈਂਬਰ ਵਜੋਂ ਨਾਮਜ਼ਦ ਕੀਤਾ ਹੈ। ਉਪ ਰਾਸ਼ਟਰਪਤੀ ਤੇ ਰਾਜ ਸਭਾ ਦੇ ਸਭਾਪਤੀ ਜਗਦੀਪ ਧਨਖੜ ਨੇ ਸੰਧੂ ਨੂੰ ਰਾਜ ਸਭਾ ਮੈਂਬਰ ਵਜੋਂ ਨਾਮਜ਼ਦ ਕਰਨ ਦਾ ਸਵਾਗਤ ਕੀਤਾ ਹੈ। ਧਨਖੜ ਨੇ ਕਿਹਾ ਕਿ ਸਮਾਜ ਪ੍ਰਤੀ ਉਨ੍ਹਾਂ ਦੇ ਸੇਵਾ ਕਾਰਜਾਂ ਤੇ ਸਿੱਖਿਆ, ਸਿੱਖਣ ਪ੍ਰਤੀ ਉਨ੍ਹਾਂ ਦਾ ਜਨੂੰਨ ਰਾਜ ਸਭਾ ਲਈ ਤਾਕਤ ਦਾ ਵੱਡਾ ਸਰੋਤ ਹੋਵੇਗਾ। ਮੈਂ ਉਨ੍ਹਾਂ ਦੇ ਕਾਰਜਕਾਲ ਲਈ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੰਦਾ ਹਾਂ। ਪ੍ਰਧਾਨ ਮੰਤਰੀ ਨੇ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਖ਼ੁਸ਼ੀ ਹੈ ਕਿ ਰਾਸ਼ਟਰਪਤੀ ਨੇ ਸੰਧੂ ਨੂੰ ਰਾਜ ਸਭਾ ਲਈ ਨਾਮਜ਼ਦ ਕੀਤਾ ਹੈ। ਪ੍ਰਧਾਨ ਮੰਤਰੀ ਨੇ ਸੰਧੂ ਨੂੰ ਉਨ੍ਹਾਂ ਦੀ ਸੰਸਦੀ ਯਾਤਰਾ ਲਈ ਸ਼ੁਭ ਕਾਮਨਾਵਾਂ ਦਿੱਤੀਆਂ ਹਨ ਤੇ ਕਿਹਾ ਹੈ ਕਿ ਉਨ੍ਹਾਂ ਨੂੰ ਯਕੀਨ ਹੈ ਕਿ ਰਾਜ ਸਭਾ ਦੀ ਕਾਰਵਾਈ ਉਨ੍ਹਾਂ ਦੇ ਵਿਚਾਰਾਂ ਨਾਲ ਹੋਰ ਖ਼ੁਸ਼ਹਾਲ ਹੋਵੇਗੀ।