ਸ਼੍ਰੋਮਣੀ ਅਕਾਲੀ ਦਲ ਦੇ ਬਾਗ਼ੀ ਧੜੇ ਦੇ ਆਗੂਆਂ ਨੇ ਕਿਹਾ ਹੈ ਕਿ ਡੇਰਾ ਸਿਰਸਾ ਮੁਖੀ ਨੂੰ ਮਾਫ਼ੀ ਦਿਵਾਉਣ ਦੇ ਸੰਦਰਭ ’ਚ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਤੇ ਡਾ. ਦਲਜੀਤ ਸਿੰਘ ਚੀਮਾ ਦੀ ਭੂਮਿਕਾ ਅਹਿਮ ਰਹੀ ਸੀ। ਉਨ੍ਹਾਂ ਕਿਹਾ ਕਿ ਜਸਟਿਸ ਰਣਜੀਤ ਸਿੰਘ ਵੱਲੋਂ ਬੇਅਦਬੀ ਦੀਆਂ ਘਟਨਾਵਾਂ ’ਤੇ ਲਿਖੀ ਗਈ ਕਿਤਾਬ ’ਚ ਇਸ ਗੱਲ ਦਾ ਵਿਸ਼ੇਸ਼ ਤੌਰ ’ਤੇ ਜ਼ਿਕਰ ਕੀਤਾ ਗਿਆ ਹੈ ਕਿ ਡੇਰਾ ਸਿਰਸਾ ਮੁਖੀ ਨੂੰ ਮਾਫ਼ੀ ਦਿਵਾਉਣ ’ਚ ਉਕਤ ਆਗੂਆਂ ਦੀ ਕੀ ਭੂਮਿਕਾ ਰਹੀ ਸੀ।ਸ਼ਨਿੱਚਰਵਾਰ ਦੇਰ ਸ਼ਾਮ ਸੀਨੀਅਰ ਅਕਾਲੀ ਦਲ ਦੇ ਬਾਗ਼ੀ ਧੜੇ ਦੇ ਆਗੂਆਂ ਦੀ ਮੀਟਿੰਗ ਹੋਈ, ਜਿਸ ’ਚ ਬਹਿਬਲ ਕਲਾਂ ਤੇ ਕੋਟਕਪੂਰਾ ਦੀਆਂ ਘਟਨਾਵਾਂ ਦੀ ਸਖ਼ਤ ਨਿਖੇਧੀ ਕੀਤੀ ਗਈ। ਜਸਟਿਸ ਰਣਜੀਤ ਸਿੰਘ ਵੱਲੋਂ ਬੇਅਦਬੀ ਦੀਆਂ ਘਟਨਾਵਾਂ ’ਤੇ ਲਿਖੀ ਗਈ ਕਿਤਾਬ ਬਾਰੇ ਵਿਸ਼ੇਸ਼ ਤੌਰ ’ਤੇ ਚਰਚਾ ਕੀਤੀ ਗਈ।
ਉਥੇ ਹੀ ਜ਼ਿਮਨੀ ਚੋਣ ’ਚ ਤਕੜੀ ਚੋਣ ਨਿਸ਼ਾਨ ’ਤੇ ਚੋਣ ਲੜ ਰਹੀ ਬੀਬੀ ਸੁਰਜੀਤ ਕੌਰ ਦੀ ਥਾਂ ਬਸਪਾ ਉਮੀਦਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸਮਰਥਨ ਦੇਣ ਦੀ ਵੀ ਨਿਖੇਧੀ ਕੀਤੀ ਗਈ। ਉਨ੍ਹਾਂ ਕਿਹਾ ਕਿ ਤਕੜੀ ਦੇ ਚੋਣ ਨਿਸ਼ਾਨ ਨਾਲ ਸਿੱਖ ਭਾਈਚਾਰਾ ਭਾਵਨਾਤਮਕ ਤੌਰ ’ਤੇ ਜੁੜਿਆ ਹੈ। ਅਜਿਹੀ ਸਥਿਤੀ ’ਚ ਕਿਸੇ ਹੋਰ ਉਮੀਦਵਾਰ ਦੇ ਸਮਰਥਨ ’ਚ ਪ੍ਰਚਾਰ ਕਰਨਾ ਮਰਿਆਦਾ ਦੇ ਉਲਟ ਹੈ। ਉਨ੍ਹਾਂ ਕਿਹਾ ਕਿ ਉਹ ਪਾਰਟੀ ’ਚ ਰਹਿੰਦਿਆਂ ਹੋਈਆਂ ਭੁੱਲਾਂ ਨੂੰ ਬਖਸ਼ਾਉਣ ਲਈ ਸ੍ਰੀ ਅਕਾਲ ਤਖਤ ਸਾਹਿਬ ਅੱਗੇ ਨਤਮਤਕ ਹੋ ਚੁੱਕੇ ਹਨ। ਇਸ ਦੌਰਾਨ ਉਨ੍ਹਾਂ ਪੰਥਕ ਮਾਣ-ਸਨਮਾਨ ਤੇ ਸਿੱਖ ਕੌਮ ਦੀ ਭਲਾਈ ਲਈ ਉਪਰਾਲੇ ਕਰਨ ਦਾ ਸੱਦਾ ਦਿੱਤਾ।
ਇਸ ਦੇ ਨਾਲ ਹੀ ਉਨ੍ਹਾਂ ਸ਼੍ਰੋਮਣੀ ਕਮੇਟੀ ਚੋਣਾਂ ਲਈ ਆਪਣੀ ਵੋਟ ਪਾਉਣ ਦਾ ਸੱਦਾ ਦਿੱਤਾ। ਇਸ ਮੌਕੇ ਪ੍ਰੋ. ਪ੍ਰੇਮ ਸਿੰਘ ਚੰਦੂ ਮਾਜਰਾ, ਸੁੱਚਾ ਸਿੰਘ ਛੋਟੇਪੁਰ, ਸੁਰਜੀਤ ਸਿੰਘ ਰੱਖੜਾ, ਬੀਬੀ ਜਗੀਰ ਕੌਰ, ਪਰਮਿੰਦਰ ਸਿੰਘ ਢੀਂਡਸਾ, ਭਾਈ ਮਨਜੀਤ ਸਿੰਘ, ਗਗਨਦੀਪ ਸਿੰਘ ਬਰਨਾਲਾ, ਬਲਦੇਵ ਸਿੰਘ ਮਾਨ, ਜਸਟਿਸ ਨਿਰਮਲ ਸਿੰਘ, ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਸਰਵਣ ਸਿੰਘ ਫਿਲੌਰ, ਬੀਬੀ ਪਰਮਜੀਤ ਕੌਰ, ਸੁਖਵਿੰਦਰ ਸਿੰਘ ਔਲਖ, ਬੀਬੀ ਸਤਵਿੰਦਰ ਕੌਰ ਧਾਲੀਵਾਲ, ਸਤਵਿੰਦਰ ਸਿੰਘ ਟੌਹੜਾ, ਕਰਨੈਲ ਸਿੰਘ ਪੰਜੋਲੀ, ਕੁਲਵਿੰਦਰ ਸਿੰਘ ਮੱਟਾ, ਗੁਰਪ੍ਰਤਾਪ ਸਿੰਘ ਵਡਾਲਾ ਆਦਿ ਮੈਂਬਰ ਹਾਜ਼ਰ ਸਨ।





