ਲੋਕਾਂ ਨੂੰ ਘਰਾਂ ਦੇ ਨੇੜੇ ਹੀ ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਪ੍ਰੋਗਰਾਮ ਤਹਿਤ ਅੱਜ ਮਾਲੇਰਕੋਟਲਾ ਸਬ ਡਵੀਜਨ ਦੇ ਪਿੰਡ ਮਦੇਵੀ ਵਿਖੇ ਡਿਪਟੀ ਕਮਿਸ਼ਨਰ ਡਾ ਪੱਲਵੀ ਦੀਆਂ ਹਦਾਇਤਾਂ ਤੇ ਵਿਸ਼ੇਸ ਜਨ ਸੁਣਵਾਈ ਕੈਂਪ ਲਾਇਆ ਗਿਆ। ਇਸ ਮੌਕੇ ਐਸ.ਡੀ.ਐਮ.ਮਾਲੇਰਕੋਟਲਾ ਅਪਰਨਾ ਐਮ.ਬੀ ਅਤੇ ਸਹਾਇਕ ਕਮਿਸ਼ਨਰ ਹਰਬੰਸ ਸਿੰਘ ਨੇ ਲੋਕਾਂ ਦੀਆਂ ਸਾਂਝੀਆਂ ਅਤੇ ਨਿੱਜੀ ਸਮੱਸਿਆਵਾਂ ਸੁਣੀਆਂ । ਇਸ ਮੌਕੇ ਜਿਲ੍ਹੇ ਦੇ ਸਮੂਹ ਵਿਭਾਗਾਂ ਦੇ ਮੁੱਖੀ/ਨੁਮਾਇੰਦੇ ਮੌਜੂਦ ਸਨ ਤਾਂ ਜੋ ਲੋਕਾਂ ਦੀਆਂ ਯੋਗ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਯਕੀਨੀ ਬਣਾਇਆ ਜਾ ਸਕੇ । ਕੈਂਪ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸਾਸ਼ਨ ਲੋਕਾਂ ਨੂੰ ਵੱਖ-ਵੱਖ ਸੇਵਾਵਾਂ ਸੁਚਾਰੂ ਢੰਗ ਨਾਲ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ।
ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਕੈਂਪ ਦੌਰਾਨ ਪ੍ਰਾਪਤ ਹੋਣ ਵਾਲੀਆਂ ਦਰਖਾਸਤਾਂ ਨੂੰ ਪਹਿਲ ਦੇ ਆਧਾਰ ’ਤੇ ਵਿਚਾਰ ਕੇ ਬਿਨੈਕਾਰਾਂ ਨੂੰ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ ਅਤੇ ਲੋਕਾਂ ਨੂੰ ਬਰੂਹਾਂ ’ਤੇ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਇਸ ਪਹਿਲਕਦਮੀ ਦਾ ਵੱਧ ਤੋਂ ਵੱਧ ਲਾਭ ਦਿੱਤਾ ਜਾਵੇ। ਇਸ ਮੌਕੇ ਪਿੰਡਾਂ ਦੀ ਸੜਕ ਦੀ ਮੁੜ ਤੋਂ ਉਸਾਰੀ, ਗੰਦੇ ਪਾਣੀ ਦੀ ਨਿਕਾਸੀ, ਸਾਫ ਸਫਾਈ ਆਦਿ ਸਮੱਸਿਆਵਾਂ ਤੋਂ ਪ੍ਰਸਾਸ਼ਨਿਕ ਅਧਿਕਾਰੀਆਂ ਨੂੰ ਪਿੰਡ ਨਿਵਾਸੀਆਂ ਨੇ ਅਵਗਤ ਕਰਵਾਇਆ । ਕੈਂਪ ਦੌਰਾਨ ਸੇਵਾ ਕੇਂਦਰ, ਖੁਰਾਕ ਤੇ ਸਿਵਲ ਸਪਲਾਈਜ਼, ਕਿਰਤ, ਮਾਲ ਵਿਭਾਗ,ਖੇਤੀਬਾੜੀ ਵਿਭਾਗ,ਪਸ਼ੂ ਪਾਲਣ ਵਿਭਾਗ,ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪਾਵਰਕਾਮ, ਜਲ ਸਪਲਾਈ ਤੇ ਸੈਨੀਟੇਸ਼ਨ ਸਮੇਤ ਵੱਖ-ਵੱਖ ਵਿਭਾਗਾਂ ਵੱਲੋਂ ਸਟਾਲ ਲਾ ਕੇ ਬਿਨੈਕਾਰਾਂ ਨੂੰ ਆਪੋ-ਆਪਣੇ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਦਾ ਲਾਭ ਪ੍ਰਦਾਨ ਕੀਤਾ ਗਿਆ । ਪਿੰਡਾਂ ਦੇ ਲੋਕਾਂ ਨੇ ਇਸ ਕੈਂਪ ਦਾ ਭਰਪੂਰ ਲਾਭ ਲਿਆ।
ਕੈਂਪ ਵਿੱਚ ਨਾਗਰਿਕ ਸੇਵਾਵਾਂ ਦਾ ਲਾਭ ਹਾਸਲ ਕਰਨ ਵਾਲੇ ਲਾਭਪਾਤਰੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੇ ਇਸ ਨਿਵੇਕਲੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਰਕਾਰ ਦੀ ਇਸ ਪਹਿਲਕਦਮੀ ਸਦਕਾ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਇਕੋ ਛੱਤ ਹੇਠਾਂ ਮਿਲ ਰਹੀਆਂ ਹਨ, ਜਿਸ ਨਾਲ ਲੋਕਾਂ ਦੇ ਪੈਸੇ ਅਤੇ ਸਮੇਂ ਦੀ ਬੱਚਤ ਹੋ ਰਹੀ ਹੈ। ਇਸ ਮੌਕੇ ਐਸ.ਡੀ.ਐਮ.ਮਾਲੇਰਕੋਟਲਾ ਅਪਰਨਾ ਐਮ.ਬੀ ਅਤੇ ਸਹਾਇਕ ਕਮਿਸ਼ਨਰ ਹਰਬੰਸ ਸਿੰਘ ਨੇ ਪਿੰਡ ਨਿਵਾਸੀਆਂ ਨੂੰ ਸਵੱਛਤਾ ਹੀ ਸੇਵਾ 2024 ਦਾ ਮੁਹਿੰਮ ਦਾ ਹਿੱਸਾ ਬਣਨ ਦਾ ਸੱਦਾ ਵੀ ਦਿੱਤਾ ਅਤੇ ਕਿਹਾ ਕਿ ਕਿਹਾ ਕਿ ਆਪਣੇ ਆਲੇ ਦੁਆਲੇ ਦੀ ਸਫਾਈ ਰੱਖਣਾ ਸਾਡੀ ਸਾਰਿਆਂ ਦੀ ਨੈਤਿਕ ਜਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਸਾਫ ਸਫਾਈ ਨੂੰ ਸਾਨੂੰ ਸਿਰਫ ਇਕ ਮੁਹਿੰਮ ਪੰਦਰਵਾੜੇ ਜਾਂ ਪ੍ਰਤੀਯੋਗਤਾ ਦੌਰਾਨ ਹੀ ਨਹੀਂ ਬਲਕਿ ਇਸਦੀ ਨਿਰੰਤਰ ਆਦਤ ਬਣਾਉਣੀ ਚਾਹੀਦੀ ਹੈ।





