‘ਆਪ’ ਸਰਕਾਰ ਨੇ ਪੰਜਾਬ ਦੇ ਹਰੇਕ ਪਿੰਡ ‘ਚ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦਿੱਤੀ-ਅਰਵਿੰਦ ਕੇਜਰੀਵਾਲ

16/11/2024 | Public Times Bureau | Panjab

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਕਿ ਪੰਜਾਬ ਆਪਣੇ ਹਰੇਕ ਪਿੰਡ ਵਿੱਚ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇ ਕੇ ਦੇਸ਼ ਲਈ ਰੋਲ ਮਾਡਲ ਬਣ ਕੇ ਉੱਭਰਿਆ ਹੈ। ਪੰਜਾਬ ਪੁਲਿਸ ਵਿੱਚ 1205 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਮਾਰਚ, 2022 ਤੋਂ ਲੈ ਕੇ ਹੁਣ ਤੱਕ ਨੌਜਵਾਨਾਂ ਨੂੰ ਕਿਸੇ ਸਿਫਾਰਸ਼ ਤੇ ਰਿਸ਼ਵਤ ਤੋਂ ਬਗੈਰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ 48,000 ਤੋਂ ਵੱਧ ਨੌਕਰੀਆਂ ਪ੍ਰਦਾਨ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਨੌਕਰੀਆਂ ਦੇਣ ਦੀ ਇਸ ਵਿਆਪਕ ਮੁਹਿੰਮ ਸਦਕਾ ਪੰਜਾਬ ਦੇ ਹਰੇਕ ਪਿੰਡ ਵਿੱਚ ਹੁਣ ਘੱਟੋ ਘੱਟ ਇਕ ਸਰਕਾਰੀ ਮੁਲਾਜ਼ਮ ਨਿਯੁਕਤ ਹੋਇਆ ਹੈ ਜੋ ਕਿ ਸਾਡੇ ਸਾਰਿਆਂ ਲਈ ਮਾਣ ਅਤੇ ਤਸੱਲੀ ਵਾਲੀ ਗੱਲ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੀ ਇਸ ਮੁਹਿੰਮ ਨੂੰ ਅੱਗੇ ਵੀ ਜਾਰੀ ਰੱਖਿਆ ਜਾਵੇਗਾ ਤਾਂ ਜੋ ਉਹ ਸੂਬੇ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਸਰਗਰਮੀ ਨਾਲ ਹਿੱਸਾ ਲੈ ਸਕਣ।

ਨਵ-ਨਿਯੁਕਤ ਪੁਲਿਸ ਜਵਾਨਾਂ ਨੂੰ ਆਪਣੀ ਡਿਊਟੀ ਦਿਆਨਤਦਾਰੀ ਅਤੇ ਸਮਰਪਿਤ ਭਾਵਨਾ ਨਾਲ ਨਿਭਾਉਣ ਦਾ ਸੱਦਾ ਦਿੰਦਿਆਂ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਮਾਣ ਵਾਲੀ ਗੱਲ ਹੈ ਕਿ ਤੁਸੀਂ ਦੇਸ਼ ਦੀ ਸਭ ਤੋਂ ਵੱਧ ਅਨੁਸ਼ਾਸਿਤ ਅਤੇ ਸ਼ਾਨਦਾਰ ਪੰਜਾਬ ਪੁਲਿਸ ਦਾ ਹਿੱਸਾ ਬਣ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਤੋਂ ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਸੱਤਾ ਸੰਭਾਲੀ ਹੈ, ਸਾਡਾ ਮਿਸ਼ਨ ਸੂਬੇ ਵਿੱਚ ਸਥਿਰਤਾ ਲਿਆਉਣਾ, ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਅਤੇ ਉਨ੍ਹਾਂ ਲਈ ਰੁਜ਼ਗਾਰ ਦੇ ਬਿਹਤਰ ਮੌਕੇ ਪੈਦਾ ਹੈ ਅਤੇ ਅਸੀਂ ਇਹਨਾਂ ਟੀਚਿਆਂ ਨੂੰ ਹਾਸਲ ਕਰਨ ਪ੍ਰਤੀ ਪੂਰੀ ਤਰ੍ਹਾਂ ਵਚਨਬੱਧ ਹਾਂ। ਅਰਵਿੰਦ ਕੇਜਰੀਵਾਲ ਨੇ ਪੰਜਾਬ ਪੁਲਿਸ ਵਿੱਚ ਭਰਤੀ ਹੋਏ 1,746 ਨਵੇਂ ਕਾਂਸਟੇਬਲਾਂ ਵਿੱਚੋਂ ਅੱਜ ਨਿਯੁਕਤੀ ਪੱਤਰ ਹਾਸਲ ਕਰਨ ਵਾਲੇ 1,205 ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ। ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਦੱਸਿਆ ਕਿ ਕੁਝ ਜ਼ਿਲ੍ਹਿਆਂ ਵਿੱਚ ਚੋਣ ਜ਼ਾਬਤਾ ਅਤੇ ਕੁਝ ਹੋਰ ਕਾਰਨਾਂ ਕਰਕੇ ਬਾਕੀ ਨਿਯੁਕਤੀ ਪੱਤਰ ਅਜੇ ਜਾਰੀ ਨਹੀਂ ਕੀਤੇ ਜਾ ਸਕੇ ਪਰ ਜਲਦੀ ਹੀ ਇਹ ਜਾਰੀ ਕਰ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਸਾਡੇ ਨੌਜਵਾਨਾਂ ਲਈ ਰੁਜ਼ਗਾਰ ਦੇ ਸਾਰਥਕ ਮੌਕੇ ਪੈਦਾ ਕਰਨਾ ਮੁੱਖ ਤਰਜੀਹ ਹੈ ਅਤੇ ਪੰਜਾਬ ਸਰਕਾਰ ਪ੍ਰਤਿਭਾਸ਼ਾਲੀ ਨੌਜਵਾਨਾਂ ਨੂੰ ਵੱਖ-ਵੱਖ ਅਹੁਦਿਆਂ ‘ਤੇ ਭਰਤੀ ਕਰਨ ਲਈ ਵਚਨਬੱਧ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਸਾਰੀਆਂ ਨੌਕਰੀਆਂ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਬਿਨਾਂ ਕਿਸੇ ਸਿਫਾਰਸ਼ ਤੋਂ ਦਿੱਤੀਆਂ ਗਈਆਂ ਹਨ। ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਉਨ੍ਹਾਂ ਦੀ ਪਾਰਟੀ ਨੇ ਅਹੁਦਾ ਸੰਭਾਲਿਆ ਸੀ ਤਾਂ ਪੰਜਾਬ ਵਿੱਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਡਾਵਾਂਡੋਲ ਸੀ ਕਿਉਂਕਿ ਇੱਥੇ ਗੈਂਗਸਟਰਾਂ ਅਤੇ ਹੋਰ ਸਮਾਜ ਵਿਰੋਧੀ ਅਨਸਰਾਂ ਦਾ ਦਬਦਬਾ ਸੀ। ਉਨ੍ਹਾਂ ਕਿਹਾ ਕਿ ਆਪ ਸਰਕਾਰ ਦੇ ਸਖ਼ਤ ਯਤਨਾਂ ਸਦਕਾ ਹੁਣ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਦੇਸ਼ ਭਰ ਵਿੱਚ ਸਭ ਤੋਂ ਬਿਹਤਰ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ, “ਪਹਿਲਾਂ ਹਾਲਾਤ ਵਿਗੜ ਰਹੇ ਸਨ ਪਰ ਹੁਣ ਹਾਲਾਤ ਬਦਲ ਗਏ ਹਨ। ਪੰਜਾਬ ਦਾ ਮਾਹੌਲ ਸਕਾਰਾਤਮਕ ਦਿਸ਼ਾ ਵੱਲ ਵਧ ਰਿਹਾ ਹੈ, ਜਿਸ ਕਾਰਨ ਪੰਜਾਬ ਤੇਜ਼ੀ ਨਾਲ ਤਰੱਕੀ ਕਰ ਰਿਹਾ ਹੈ।“

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਅਮਨ-ਕਾਨੂੰਨ ਦੀ ਬਿਹਤਰ ਵਿਵਸਥਾ ਪ੍ਰਦਾਨ ਕਰਨ ਵਿੱਚ ਪੰਜਾਬ ਰੋਲ ਮਾਡਲ ਵਜੋਂ ਉਭਰੇਗਾ ਜਿਸ ਲਈ ਛੇਤੀ ਹੀ ਯੋਜਨਾਬੱਧ ਮਾਡਲ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਪਣੇ ਨਾਗਰਿਕਾਂ ਦੀ ਸੁਰੱਖਿਆ ਕਿਸੇ ਵੀ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੁੰਦੀ ਹੈ ਅਤੇ ਅਸੀਂ ਇਸ ਲਈ ਵਚਨਬੱਧ ਹਾਂ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਪੁਲਿਸ ਨੂੰ ਲੋਕਾਂ ਦੇ ਹਿੱਤਾਂ ਨੂੰ ਸੁਰੱਖਿਅਤ ਕਰਨ ਲਈ ਅਤਿ ਆਧੁਨਿਕ ਬੁਨਿਆਦੀ ਢਾਂਚੇ ਅਤੇ ਤਕਨਾਲੋਜੀ ਨਾਲ ਲੈਸ ਕੀਤਾ ਗਿਆ ਹੈ। ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਵਿੱਚ ਸੁਧਾਰ ਲਈ ਸਭ ਤੋਂ ਵਧੀਆ ਮਿਸਾਲ ਇਹ ਹੈ ਕਿ ਸੂਬਾ ਸਰਕਾਰ ਵੱਲੋਂ 60,000 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਲਿਆਂਦਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਨਿਵੇਸ਼ ਰਾਹੀਂ ਤਿੰਨ ਲੱਖ ਤੋਂ ਵੱਧ ਨੌਕਰੀਆਂ ਪੈਦਾ ਹੋਣਗੀਆਂ ਜਿਸ ਨਾਲ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਨੂੰ ਹੁਲਾਰਾ ਮਿਲੇਗਾ। ਅਰਵਿੰਦ ਕੇਜਰੀਵਾਲ ਨੇ ਕਿਹਾ, “ਦੂਜੀਆਂ ਸਿਆਸੀ ਪਾਰਟੀਆਂ ਨੂੰ ਸੂਬੇ ਨੂੰ ਬਰਬਾਦ ਕਰਨ ਲਈ 75 ਸਾਲ ਲੱਗ ਗਏ ਹਨ ਪਰ ‘ਆਪ’ ਸਰਕਾਰ ਨੇ ਇਸ ਨੂੰ ਮੁੜ ਤਰੱਕੀ ਦੀ ਰਾਹ ਉੱਤੇ ਪਾਉਣ ਲਈ ਪਿਛਲੇ ਢਾਈ ਸਾਲਾਂ ਵਿੱਚ ਇਨਕਲਾਬੀ ਕਦਮ ਚੁੱਕੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਇਹ ਯਤਨ ਜਾਰੀ ਰਹਿਣਗੇ।“

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਦੇਸ਼ ਦੇ ਸ਼ਹੀਦਾਂ ਦੇ ਸੁਪਨੇ ਸਾਕਾਰ ਕਰਨ ਲਈ ਤਨਦੇਹੀ ਨਾਲ ਕੰਮ ਕਰਨ ਦੀ ਅਪੀਲ ਕੀਤੀ । ਉਨ੍ਹਾਂ ਕਿਹਾ ਕਿ ਅੱਜ ਮਹਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਹਾੜਾ ਹੈ, ਜਿਨ੍ਹਾਂ ਨੇ ਦੇਸ਼ ਦੀ ਖਾਤਰ ਛੋਟੀ ਉਮਰ ਵਿੱਚ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ, ਇਸ ਲਈ ਸਾਨੂੰ ਸਾਰਿਆਂ ਨੂੰ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਉਸ ਮਹਾਨ ਦੇਸ਼ ਭਗਤ ਨੂੰ ਢੁਕਵੀਂ ਸ਼ਰਧਾਂਜਲੀ ਹੋਵੇਗੀ ਜਿਨ੍ਹਾਂ ਨੇ ਮਾਤ ਭੂਮੀ ਦੀ ਰਾਖੀ ਜੀਵਨ ਕੁਰਬਾਨ ਕਰ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਸਿਹਤ, ਸਿੱਖਿਆ, ਬਿਜਲੀ, ਪਾਣੀ ਅਤੇ ਬੁਨਿਆਦੀ ਢਾਂਚੇ ਵਰਗੇ ਖੇਤਰਾਂ ਨੂੰ ਕੌਮੀ ਰਾਜਨੀਤੀ ਦਾ ਕੇਂਦਰ ਬਿੰਦੂ ਬਣਾਉਣ ਦਾ ਸਿਹਰਾ ਅਰਵਿੰਦ ਕੇਜਰੀਵਾਲ ਨੂੰ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਹ ਖੇਤਰ ਉਨ੍ਹਾਂ ਦੀ ਸਰਕਾਰ ਦੀਆਂ ਪੰਜ ਪ੍ਰਮੁੱਖ ਤਰਜੀਹਾਂ ਹਨ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿੱਥੇ ਬਾਕੀ ਸਿਆਸੀ ਪਾਰਟੀਆਂ ਨੇ ਹਮੇਸ਼ਾ ਹੀ ਨਫਰਤ ਅਤੇ ਫੁੱਟ ਪਾਊ ਏਜੰਡੇ ਨੂੰ ਅੱਗੇ ਵਧਾਇਆ ਹੈ, ਉੱਥੇ ਹੀ ਸ੍ਰੀ ਕੇਜਰੀਵਾਲ ਨੇ ਆਪਣੀ ਦੂਰਅੰਦੇਸ਼ੀ ਨਾਲ ਰਾਜਨੀਤੀ ਨੂੰ ਨਵੀਂ ਦਿਸ਼ਾ ਦਿੱਤੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਕੇਜਰੀਵਾਲ ਦੀ ਦੂਰਅੰਦੇਸ਼ ਸੋਚ ਨੂੰ ਸੂਬਾ ਸਰਕਾਰ ਵੱਲੋਂ ਆਮ ਆਦਮੀ ਦੀ ਭਲਾਈ ਅਤੇ ਸੂਬੇ ਦੀ ਤਰੱਕੀ ਨੂੰ ਯਕੀਨੀ ਬਣਾਉਣ ਲਈ ਅਮਲ ਵਿੱਚ ਲਿਆਂਦਾ ਗਿਆ ਹੈ। ਉਨ੍ਹਾਂ ਕਿਹਾ ਕਿ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਸੂਬੇ ਦੇ ਲੋਕਾਂ ਨੂੰ ਦਿੱਤੀਆਂ ਗਰੰਟੀਆਂ ਤੋਂ ਇਲਾਵਾ ਸੂਬਾ ਸਰਕਾਰ ਨੇ ਕਈ ਹੋਰ ਲੋਕ ਪੱਖੀ ਪਹਿਲਕਦਮੀਆਂ ਵੀ ਕੀਤੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਨੇ ਨੌਜਵਾਨਾਂ ਨੂੰ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਭਰਤੀ ਕਰਨ ਲਈ ਅਜਿਹੇ ਬਹੁਤ ਸਾਰੇ ਨਿਯੁਕਤੀ ਪੱਤਰ ਵੰਡ ਸਮਾਰੋਹ ਹੁੰਦੇ ਦੇਖੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਹ ਨੌਜਵਾਨਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਅਤੇ ਉਨ੍ਹਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਖੋਲ੍ਹਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਉਨ੍ਹਾਂ ਲਈ ਬਹੁਤ ਹੀ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਹੁਣ ਤੱਕ 48,000 ਤੋਂ ਵੱਧ ਨੌਜਵਾਨਾਂ ਨੂੰ ਨਿਰੋਲ ਯੋਗਤਾ ਦੇ ਆਧਾਰ ‘ਤੇ ਇਨ੍ਹਾਂ ਅਸਾਮੀਆਂ ਲਈ ਚੁਣਿਆ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਨੌਜਵਾਨ ਸਰਕਾਰ ਦਾ ਅਨਿੱਖੜਵਾਂ ਅੰਗ ਬਣ ਚੁੱਕੇ ਹਨ ਅਤੇ ਹੁਣ ਉਨ੍ਹਾਂ ਨੂੰ ਮਿਸ਼ਨਰੀ ਜਜ਼ਬੇ ਨਾਲ ਲੋਕਾਂ ਦੀ ਸੇਵਾ ਕਰਨੀ ਚਾਹੀਦੀ ਹੈ।

ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਨਵੇਂ ਭਰਤੀ ਨੌਜਵਾਨ ਆਪਣੇ ਅਹੁਦੇ ਦੀ ਵਰਤੋਂ ਸਮਾਜ ਦੇ ਲੋੜਵੰਦ ਅਤੇ ਪਛੜੇ ਵਰਗਾਂ ਦੀ ਮਦਦ ਅਤੇ ਸੇਵਾ ਲਈ ਕਰਨਗੇ। ਉਨ੍ਹਾਂ ਕਿਹਾ ਕਿ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਵੱਧ ਤੋਂ ਵੱਧ ਲੋਕਾਂ ਦੀ ਭਲਾਈ ਯਕੀਨੀ ਬਣਾਉਣੀ ਚਾਹੀਦੀ ਹੈ ਤਾਂ ਜੋ ਸਮਾਜ ਦੇ ਹਰ ਵਰਗ ਨੂੰ ਇਸ ਦਾ ਲਾਭ ਮਿਲ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਪੁਲਿਸ ਦੀ ਕੁਸ਼ਲਤਾ ਨੂੰ ਵਧਾਉਣ ਲਈ ਸੂਬਾ ਸਰਕਾਰ ਨੇ ਫੋਰਸ ਵਿੱਚ 10,000 ਨਵੀਆਂ ਅਸਾਮੀਆਂ ਸਿਰਜਣ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਫੈਸਲਾ ਇੱਕ ਪਾਸੇ ਅਪਰਾਧ ਨੂੰ ਰੋਕਣ ਵਿੱਚ ਮਦਦ ਕਰੇਗਾ ਅਤੇ ਦੂਜੇ ਪਾਸੇ ਨੌਜਵਾਨਾਂ ਲਈ ਨਵੀਆਂ ਨੌਕਰੀਆਂ ਪੈਦਾ ਕਰੇਗਾ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਸੂਬੇ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਕਾਇਮ ਰੱਖਣ ਲਈ ਉੱਤਮ ਤਕਨੀਕ ਨਾਲ ਲੈਸ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਸੜਕ ਸੁਰੱਖਿਆ ਫੋਰਸ ਸਫਲਤਾਪੂਰਵਕ ਚੱਲ ਰਹੀ ਹੈ ਅਤੇ ਇਹ ਫੋਰਸ ਆਪਣੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੂਬੇ ਵਿੱਚ ਸੜਕ ਹਾਦਸਿਆਂ ਕਾਰਨ ਹੋਣ ਵਾਲੀਆਂ ਮੌਤਾਂ ਦੀ ਦਰ ਨੂੰ ਲਗਭਗ 45 ਫ਼ੀਸਦੀ ਤੱਕ ਘਟਾਉਣ ਵਿੱਚ ਕਾਮਯਾਬ ਰਹੀ ਹੈ। ਇਸ ਤੋਂ ਪਹਿਲਾਂ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਸਮਾਗਮ ਦੌਰਾਨ ਪਤਵੰਤਿਆਂ ਦਾ ਸਵਾਗਤ ਕੀਤਾ ਜਦੋਂਕਿ ਸਕੱਤਰ ਗ੍ਰਹਿ ਮਾਮਲੇ ਗੁਰਕੀਰਤ ਕ੍ਰਿਪਾਲ ਸਿੰਘ ਨੇ ਸਭ ਦਾ ਧੰਨਵਾਦ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਵੀ.ਕੇ. ਸਿੰਘ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਵੀ ਭਗਤ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

aap Government Has Given Government Jobs To Youth In Every Village Of Punjab Arvind Kejriwal


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App