ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ’ਤੇ ਗੋਲੀ ਚਲਾਉਣ ਦੇ ਮੁਲਜ਼ਮ ਨਰਾਇਣ ਸਿੰਘ ਚੌੜਾ ਨਾਲ ਗੱਲ ਕਰਨ ਵਾਲਿਆਂ ਨੂੰ ਸੰਮਨ ਭੇਜ ਕੇ ਪੁੱਛਗਿੱਛ ਕੀਤੀ ਜਾਣ ਵਾਲੀ ਹੈ। ਪਤਾ ਲੱਗਾ ਹੈ ਕਿ ਪੁਲਿਸ 2 ਦਸੰਬਰ ਤੋਂ 4 ਦਸੰਬਰ ਤੱਕ ਦੀ ਵੀਡੀਓ ਫੁਟੇਜ ਦੀ ਜਾਂਚ ਕਰ ਚੁੱਕੀ ਹੈ। ਇਸ ਲਈ ਉਨ੍ਹਾਂ ਲੋਕਾਂ ਦੀ ਸੂਚੀ ਤਿਆਰ ਕੀਤੀ ਜਾ ਰਹੀ ਹੈ, ਜਿਨ੍ਹਾਂ ਨਾਲ ਚੌੜਾ ਨੇ ਹੱਥ ਮਿਲਾਇਆ, ਜੱਫੀ ਪਾਈ ਅਤੇ ਕੁਝ ਸਮਾਂ ਬਿਤਾਇਆ। ਪੁਲਿਸ ਸਾਰੇ ਸ਼ੱਕੀਆਂ ਤੋਂ ਪੁੱਛਗਿੱਛ ਕਰ ਰਹੀ ਹੈ।ਨਰਾਇਣ ਸਿੰਘ ਚੌੜਾ ਨੂੰ ਸ਼ਨਿਚਰਵਾਰ ਸ਼ਾਮ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ। ਅੱਤਵਾਦੀ ਦੀ ਪੇਸ਼ੀ 'ਤੇ ਸੁਣਵਾਈ ਕਰਦੇ ਹੋਏ ਅਦਾਲਤ ਨੇ ਚੌਥੀ ਵਾਰ ਪੁਲਿਸ ਰਿਮਾਂਡ 'ਚ ਦੋ ਦਿਨ ਦਾ ਵਾਧਾ ਕੀਤਾ ਹੈ।

ਇਸ ਤੋਂ ਪਹਿਲਾਂ ਅਦਾਲਤ ਨੇ ਤਿੰਨ ਵਾਰ ਪੁਲਿਸ ਰਿਮਾਂਡ ਵਿਚ ਤਿੰਨ-ਤਿੰਨ ਦਿਨ ਦਾ ਵਾਧਾ ਕੀਤਾ ਸੀ। ਏਸੀਪੀ ਜਸਪਾਲ ਸਿੰਘ ਨੇ ਦੱਸਿਆ ਕਿ ਅੱਤਵਾਦੀ ਨਰਾਇਣ ਸਿੰਘ ਚੌੜਾ ਤੋਂ ਲਗਾਤਾਰ ਪੁੱਛਗਿੱਛ ਕੀਤੀ ਜਾ ਰਹੀ ਹੈ। ਕੋਤਵਾਲੀ ਪੁਲਿਸ ਅਜੇ ਵੀ ਅੱਤਵਾਦੀ ਦੇ ਸਾਥੀ ਧਰਮ ਸਿੰਘ ਸਮੇਤ ਤਿੰਨ ਲੋਕਾਂ ਦੀ ਭਾਲ ਕਰ ਰਹੀ ਹੈ। ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮ ਚੌੜਾ ਦੀਆਂ ਮੋਬਾਈਲ ਲੋਕੇਸ਼ਨਾਂ ਕਈ ਵਾਰ ਖੇਮਕਰਨ ਸੈਕਟਰ ਵਿਚ ਦਿਖਾਈਆਂ ਜਾ ਰਹੀਆਂ ਹਨ। ਮੁਲਜ਼ਮ ਦੇ ਕਬਜ਼ੇ ’ਚੋਂ ਮਿਲੇ ਮੋਬਾਈਲ ਫੋਨ ਨੇ ਵੀ ਕਈ ਰਾਜ਼ ਖੋਲ੍ਹੇ ਹਨ। 2 ਦਸੰਬਰ ਤੋਂ 4 ਦਸੰਬਰ ਤੱਕ ਦੀ ਸੀਸੀਟੀਵੀ ਫੁਟੇਜ ਵੀ ਸ਼੍ਰੋਮਣੀ ਕਮੇਟੀ ਤੋਂ ਮਿਲੀ ਹੈ, ਜਿਸ ਦੀ ਜਾਂਚ ਕੀਤੀ ਜਾ ਰਹੀ ਹੈ। ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਚੌੜਾ ਨੇ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿਚ ਕਈ ਲੋਕਾਂ ਨਾਲ ਗੱਲਬਾਤ ਕੀਤੀ ਹੈ।