ਸ਼੍ਰੀ ਅਕਾਲ ਤਖ਼ਤ ਸਾਹਿਬ ਤੇ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰਾਂ ਗਿਆਨੀ ਰਘਬੀਰ ਸਿੰਘ ਤੇ ਗਿਆਨੀ ਸੁਲਤਾਨ ਸਿੰਘ ਨੂੰ ਹਟਾਉਣ ਮਗਰੋਂ ਸਿੱਖ ਜਗਤ ਅੰਦਰ ਗੁੱਸੇ ਦੀ ਲਹਿਰ ਦੌੜ ਗਈ ਹੈ। ਦੇਸ਼-ਵਿਦੇਸ਼ ਦੀਆਂ ਸੰਗਤਾਂ ਵੱਲੋਂ ਸ਼੍ਰੋਮਣੀ ਕਮੇਟੀ ਦੇ ਇਸ ਫੈਸਲੇ ਦਾ ਵਿਰੋਧ ਹੋ ਰਿਹਾ ਹੈ। ਇਸ ਦੇ ਨਾਲ ਹੀ ਸਿੱਖ ਸੰਗਤ ਵੱਲੋਂ ਸ਼੍ਰੋਮਣੀ ਅਕਾਲੀ ਦੇ ਬਾਦਲ ਪੱਖੀ ਧੜੇ ਖਿਲਾਫ ਭੜਾਸ ਕੱਢੀ ਜਾ ਰਹੀ ਹੈ। ਅਕਾਲੀ ਦਲ ਦੇ ਸੀਨੀਅਰ ਲੀਡਰਾਂ ਨੇ ਅਸਤੀਫੇ ਦੇਣੇ ਸ਼ੁਰੂ ਕਰ ਦਿੱਤੇ ਹਨ। ਇਸ ਨਾਲ ਬਾਦਲ ਧੜੇ ਦੀ ਹਾਲਤ ਕਸੂਤੀ ਬਣ ਗਈ ਹੈ।
ਦਲ ਖਾਲਸਾ ਦਾ ਤਿੱਖਾ ਵਾਰ
ਜਥੇਦਰਾਂ ਨੂੰ ਹਟਾਉਣ ਦੇ ਸ਼੍ਰੋਮਣੀ ਕਮੇਟੀ ਦੇ ਫ਼ੈਸਲੇ ਦਾ ਦਲ ਖਾਲਸਾ ਨੇ ਨੋਟਿਸ ਲੈਂਦਿਆਂ ਬਾਦਲ ਧੜੇ ਦੇ ਲੀਡਰਾਂ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਨੂੰ ਚੁਣੌਤੀ ਦੇਣ ਵਾਲੇ ਪੰਥ ਦੇ ਦੁਸ਼ਮਣ ਕਰਾਰ ਦਿੱਤਾ ਹੈ। ਵਰਕਿੰਗ ਪ੍ਰਧਾਨ ਪਰਮਜੀਤ ਸਿੰਘ ਮੰਡ, ਜਨਰਲ ਸਕੱਤਰ ਪਰਮਜੀਤ ਸਿੰਘ ਟਾਂਡਾ ਤੇ ਸਿਆਸੀ ਸਕੱਤਰ ਕੰਵਰਪਾਲ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਸੱਤ ਮਾਰਚ ਦੇ ਫ਼ੈਸਲੇ ਨੂੰ ਸਿੱਖ ਇਤਿਹਾਸ ਵਿੱਚ ਕਾਲਾ ਚੈਪਟਰ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਜਦੋਂ ਤੱਕ ਤਖ਼ਤਾਂ ਦੇ ਜਥੇਦਾਰਾਂ ਦੀ ਨਿਯੁਕਤੀ ਤੇ ਉਨ੍ਹਾਂ ਨੂੰ ਸੇਵਾਮੁਕਤ ਕਰਨ ਦਾ ਕੋਈ ਵਿਧੀ-ਵਿਧਾਨ ਤੇ ਪ੍ਰਬੰਧ ਹੋਂਦ ਵਿੱਚ ਨਹੀਂ ਆਉਂਦਾ ਉਦੋਂ ਤੱਕ ਸਿੱਖ ਪੰਥ ਨੂੰ ਸ਼ਰਮਸਾਰ ਕਰਨ ਵਾਲੀਆਂ ਅਜਿਹੀਆਂ ਅਣਸੁਖਾਵੀਂ ਘਟਨਾਵਾਂ ਸਾਹਮਣੇ ਆਉਂਦੀਆਂ ਰਹਿਣਗੀਆਂ।
ਉਧਰ, ਸਿੱਖ ਜਥੇਬੰਦੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਨੇ ਤਖ਼ਤਾਂ ਦੇ ਜਥੇਦਾਰਾਂ ਨੂੰ ਜਬਰੀ ਸੇਵਾਵਾਂ ਤੋਂ ਹਟਾਏ ਜਾਣ ਤੇ ਫ਼ੈਸਲੇ ਖ਼ਿਲਾਫ਼ ਅੰਮ੍ਰਿਤਸਰ ਹਾਲ ਗੇਟ ’ਤੇ ਰੋਸ ਦਿਖਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਸੁਖਬੀਰ ਬਾਦਲ ਤੇ ਵਿਰਸਾ ਵਲਟੋਹਾ ਦੇ ਪੁਤਲੇ ਸਾੜੇ ਹਨ। ਜਥੇਬੰਦੀ ਦੇ ਆਗੂ ਭਾਈ ਬਲਬੀਰ ਸਿੰਘ ਮੁੱਛਲ ਨੇ ਕਿਹਾ ਕਿ ਜਿਨ੍ਹਾਂ ਜਥੇਦਾਰਾਂ ਨੂੰ ਹਟਾਇਆ ਗਿਆ ਹੈ, ਉਹ ਸ਼੍ਰੋਮਣੀ ਅਕਾਲੀ ਦਲ ਤੇ ਸਰਪ੍ਰਸਤੀ ਹੇਠ ਚੱਲਣ ਵਾਲੀ ਸ਼੍ਰੋਮਣੀ ਕਮੇਟੀ ਵੱਲੋਂ ਹੀ ਥਾਪੇ ਹੋਏ ਸਨ। ਉਨ੍ਹਾਂ ਕਿਹਾ ਕਿ ਹੁਣ ਜਦੋਂ ਉਨ੍ਹਾਂ ਨੇ ਸਿੱਖ ਕੌਮ ਦੇ ਹੱਕ ਵਿੱਚ ਫ਼ੈਸਲੇ ਲਏ ਹਨ ਤਾਂ ਇਹ ਇਨ੍ਹਾਂ ਨੂੰ ਬਰਦਾਸ਼ਤ ਨਹੀਂ ਹੋਇਆ ਤੇ ਉਨ੍ਹਾਂ ਨੂੰ ਜਬਰੀ ਸੇਵਾ ਤੋਂ ਹਟਾ ਦਿੱਤਾ ਗਿਆ।
ਉਨ੍ਹਾਂ ਦੋਸ਼ ਲਾਇਆ ਕਿ ਪਹਿਲਾਂ ਵੀ ਜਿਨ੍ਹਾਂ ਜਥੇਦਾਰਾਂ ਨੇ ਕੌਮ ਦੇ ਹਿੱਤ ਵਿੱਚ ਫ਼ੈਸਲੇ ਲੈਣ ਸਮੇਂ ਸ਼੍ਰੋਮਣੀ ਅਕਾਲੀ ਦਲ ਦੀ ਅਣਦੇਖੀ ਕੀਤੀ, ਉਨ੍ਹਾਂ ਖ਼ਿਲਾਫ਼ ਇਸੇ ਢੰਗ ਤਰੀਕੇ ਨਾਲ ਹੀ ਫ਼ੈਸਲੇ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇੰਜ ਜਥੇਦਾਰਾਂ ਦਾ ਲਗਾਤਾਰ ਹੋ ਰਿਹਾ ਅਪਮਾਨ ਤੇ ਸਿੱਖ ਸਿਧਾਂਤਾਂ ਦੀ ਉਲੰਘਣਾ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਸਮੁੱਚੀਆਂ ਸਿੱਖ ਜਥੇਬੰਦੀਆਂ ਨੂੰ ਇੱਕ ਮੰਚ ’ਤੇ ਇਕੱਠੇ ਹੋਣ ਤੇ ਬਾਦਲ ਧੜੇ ਖ਼ਿਲਾਫ਼ ਡਟਣ ਦਾ ਸੱਦਾ ਦਿੱਤਾ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਦੇ ਪੁਤਲੇ ਸਾੜੇ ਗਏ ਤੇ ਆਗੂਆਂ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ।
ਸੰਤ ਸਮਾਜ ਦੇ ਆਗੂ ਬਾਬਾ ਸਰਬਜੋਤ ਸਿੰਘ ਬੇਦੀ ਤੇ ਬਾਬਾ ਸੇਵਾ ਸਿੰਘ ਰਾਮਪੁਰ ਖੇੜੇ ਵਾਲਿਆਂ ਨੇ ਜਥੇਦਾਰ ਹਰਪ੍ਰੀਤ ਸਿੰਘ ਤੋਂ ਬਾਅਦ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਤਖ਼ਤ ਸ਼੍ਰੀ ਕੇਸਗੜ੍ਹ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੂੰ ਬਰਤਰਫ਼ ਕਰਨ ਦੇ ਫ਼ੈਸਲੇ ਦਾ ਵਿਰੋਧ ਕੀਤਾ। ਆਗੂਆਂ ਨੇ ਕਿਹਾ ਕਿ ਬਾਦਲ ਪਰਿਵਾਰ ਨੇ ਗਿਆਨੀ ਰਘਬੀਰ ਸਿੰਘ ਤੇ ਗਿਆਨੀ ਸੁਲਤਾਨ ਸਿੰਘ ਨੂੰ ਬਿਨਾਂ ਕਿਸੇ ਦੋਸ਼ ਕੇਵਲ ਆਪਣੀ ਹੱਠ-ਧਰਮੀ ਨੂੰ ਪੂਰਾ ਕਰਨ ਲਈ ਬਰਖ਼ਾਸਤ ਕੀਤਾ ਹੈ। ਕੇਵਲ ਬਾਦਲ ਪਰਿਵਾਰ ਨੂੰ ਖੁਸ਼ ਕਰਨ ਲਈ ਕੁਝ ਵਿਅਕਤੀਆਂ ਵੱਲੋਂ ਸਿੱਖੀ ਰਵਾਇਤਾਂ ਤੇ ਸਿੱਖ ਸੰਸਥਾਵਾਂ ਦੀ ਕੀਤੀ ਜਾ ਰਹੀ ਦੁਰਵਰਤੋਂ ਨਿੰਦਣਯੋਗ ਵਰਤਾਰਾ ਹੈ। ਸੰਤ ਸਮਾਜ ਦੇ ਆਗੂਆਂ ਨੇ ਕਿਹਾ ਕੇ ਬਾਦਲ ਦਲ ਵੱਲੋਂ ਕੀਤਾ ਇਹ ਕੁ-ਕਰਮ ਸ੍ਰੀ ਅਕਾਲ ਤਖਤ ਸਾਹਿਬ ਉੱਪਰ ਹੋਏ ਫੌਜੀ ਹਮਲੇ ਤੋਂ ਬਾਅਦ ਤਖ਼ਤ ਸਾਹਿਬ ਦੇ ਸਿਧਾਂਤ ਤੇ ਵੱਡਾ ਹਮਲਾ ਹੈ।
The Entire Panth Rose Up Against The Decision To Remove The Jathedars Rebellion In The Akali Dal Shiromani Committee Surrounded By Trouble
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)