ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਦੀ ਨਵੀਂ ਅਨਾਜ ਮੰਡੀ ਸਮੇਤ ਹਲਕੇ ਦੀਆਂ ਵੱਖ-ਵੱਖ ਮੰਡੀਆਂ ਦਾ ਦੌਰਾ ਕੀਤਾ ਅਤੇ ਕਣਕ ਦੀ ਚੱਲ ਰਹੀ ਸਰਕਾਰੀ ਖਰੀਦ ਸੰਬੰਧੀ ਕਿਸਾਨਾਂ, ਮਜ਼ਦੂਰਾਂ ਸਮੇਤ ਸਮਾਜ ਦੇ ਹੋਰ ਵਰਗਾਂ ਨਾਲ ਗੱਲਬਾਤ ਕਰਦੇ ਹੋਏ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ। ਰਾਜ ਦੇ ਹੋਰ ਹਿੱਸਿਆਂ ਵਾਂਗ, ਕੋਟਕਪੂਰਾ ਮਾਰਕੀਟ ਕਮੇਟੀ ਦੇ ਅਧੀਨ ਆਉਣ ਵਾਲੀਆਂ ਮੰਡੀਆਂ ‘ਚ ਵੀ ਕਣਕ ਦੀ ਖਰੀਦ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ ਅਤੇ ਇਸ ਕੰਮ ਦਾ ਜਾਇਜ਼ਾ ਲੈਣ ਲਈ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਖੁਦ ਮੰਡੀਆਂ ਵਿੱਚ ਪਹੁੰਚ ਕੇ ਕਿਸਾਨਾਂ ਨਾਲ ਗੱਲਬਾਤ ਕੀਤੀ।
ਇਸ ਦੌਰਾਨ ਕਿਸਾਨਾਂ ਨੇ ਮੰਡੀਆਂ ਵਿੱਚ ਕਣਕ ਦੀ ਖਰੀਦ ਲਈ ਰਾਜ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਕੀਤੇ ਗਏ ਪ੍ਰਬੰਧਾਂ ‘ਤੇ ਸੰਤੋਸ਼ ਪ੍ਰਗਟਾਇਆ ਅਤੇ ਕੁਝ ਮੰਡੀਆਂ ਵਿੱਚ ਆ ਰਹੀਆਂ ਕਮੀਆਂ ਬਾਰੇ ਵੀ ਦੱਸਿਆ। ਜਿਸ ‘ਤੇ ਵਿਧਾਨ ਸਭਾ ਦੇ ਸਪੀਕਰ ਨੇ ਤੁਰੰਤ ਸਬੰਧਤ ਅਧਿਕਾਰੀਆਂ ਨੂੰ ਇਹ ਕਮੀਆਂ ਦੂਰ ਕਰਨ ਦੇ ਨਿਰਦੇਸ਼ ਦਿੱਤੇ।ਇਸ ਮੌਕੇ ਬੋਲਦੇ ਹੋਏ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾ ਰਹੀ ਅਤੇ ਜਿਹਨਾਂ ਮੰਡੀਆਂ ਵਿੱਚ ਥੋੜ੍ਹੀ ਬਹੁਤ ਕਮੀ ਹੈ। ਉਹਦਾ ਹੱਲ ਵੀ ਕੀਤਾ ਜਾ ਰਿਹਾ ਹੈ। ਵੱਖ-ਵੱਖ ਪਿੰਡਾਂ ਵਿੱਚ ਅੱਗ ਲੱਗਣ ਕਾਰਨ ਕਿਸਾਨਾਂ ਦੀਆਂ ਫਸਲਾਂ ਨੂੰ ਹੋਏ ਨੁਕਸਾਨ ਬਾਰੇ ਪੁੱਛੇ ਜਾਣ ‘ਤੇ ਉਨ੍ਹਾਂ ਨੇ ਕਿਹਾ ਕਿ ਇਸ ਸੰਬੰਧ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਤੋਂ ਰਿਪੋਰਟ ਮੰਗੀ ਗਈ ਹੈ ਅਤੇ ਜਿਨ੍ਹਾਂ ਕਿਸਾਨਾਂ ਨੂੰ ਨੁਕਸਾਨ ਹੋਇਆ ਹੈ। ਉਨ੍ਹਾਂ ਨੂੰ ਸਰਕਾਰ ਵੱਲੋਂ ਮੁਆਵਜ਼ਾ ਦਿੱਤਾ ਜਾਵੇਗਾ।





