ਪੰਜਾਬ ਦੇ ਜ਼ਿਲ੍ਹੇ ਅੰਮ੍ਰਿਤਸਰ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਜ਼ਿਲ੍ਹੇ ਦੇ ਮਜੀਠਾ ਰੋਡ 'ਤੇ ਜਗਰਦੰਬਾ ਕਲੋਨੀ ਦੀ ਗਲੀ ਨੰਬਰ ਇੱਕ ਵਿੱਚ ਦੇਰ ਰਾਤ ਘਰ ਨੂੰ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਪੂਰਾ ਘਰ ਸੜ ਕੇ ਸੁਆਹ ਹੋ ਗਿਆ। ਘਟਨਾ ਸਮੇਂ ਬਜ਼ੁਰਗ ਘਰ ਵਿੱਚ ਇਕੱਲਾ ਸੀ ਅਤੇ ਸੁੱਤਾ ਪਿਆ ਸੀ। ਜਿਸ ਕਾਰਨ ਉਹ ਬੁਰੀ ਤਰ੍ਹਾਂ ਸੜ ਗਿਆ ਅਤੇ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਸਥਾਨਕ ਲੋਕਾਂ ਅਨੁਸਾਰ ਅੱਗ ਲੱਗਣ ਤੋਂ ਥੋੜ੍ਹੀ ਦੇਰ ਬਾਅਦ ਇੱਕ ਜ਼ਬਰਦਸਤ ਧਮਾਕਾ ਹੋਇਆ। ਉਨ੍ਹਾਂ ਦੱਸਿਆ ਕਿ ਇਹ ਧਮਾਕਾ ਏਸੀ ਕੰਪ੍ਰੈਸਰ ਫਟਣ ਜਾਂ ਸਿਲੰਡਰ ਫਟਣ ਕਾਰਨ ਹੋਇਆ ਹੋ ਸਕਦਾ ਹੈ। ਹਾਲਾਂਕਿ, ਅੱਗ ਲੱਗਣ ਦੇ ਸਹੀ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਤਿੰਨ ਤੋਂ 4 ਘੰਟਿਆਂ ਬਾਅਦ, ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਅੱਗ 'ਤੇ ਕਾਬੂ ਪਾਇਆ।

ਦੱਸਿਆ ਜਾ ਰਿਹਾ ਹੈ ਕਿ ਹਾਦਸੇ ਸਮੇਂ ਘਰ ਦਾ ਮੁਖੀ ਅੰਦਰ ਸੌਂ ਰਿਹਾ ਸੀ। ਜਦੋਂ ਕਿ ਪਰਿਵਾਰ ਦੇ ਹੋਰ ਮੈਂਬਰ ਰਾਤ ਦਾ ਖਾਣਾ ਖਾਣ ਤੋਂ ਬਾਅਦ ਸੈਰ ਲਈ ਬਾਹਰ ਗਏ ਹੋਏ ਸਨ। ਇਸ ਦੌਰਾਨ ਘਰ ਮੌਜੂਦ ਬਜ਼ੁਰਗ ਵਿਅਕਤੀ ਅੱਗ ਦੀ ਚਪੇਟ ਵਿੱਚ ਆ ਗਿਆ ਅਤੇ ਬੁਰੀ ਤਰ੍ਹਾਂ ਸੜ ਗਿਆ। ਅੱਗ ਦੀ ਸੂਚਨਾ ਮਿਲਦੇ ਹੀ ਫਾਇਰ ਵਿਭਾਗ ਦੀ ਟੀਮ ਮੌਕੇ 'ਤੇ ਪਹੁੰਚ ਗਈ ਅਤੇ ਅੱਗ ਬੁਝਾਉਣ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ। ਚਸ਼ਮਦੀਦਾਂ ਨੇ ਪੁਲਿਸ ਨੂੰ ਦੱਸਿਆ ਕਿ ਪਹਿਲਾਂ ਇੱਕ ਜ਼ੋਰਦਾਰ ਧਮਾਕਾ ਹੋਇਆ ਅਤੇ ਫਿਰ ਅੱਗ ਲੱਗ ਗਈ। ਉਨ੍ਹਾਂ ਦਾ ਕਹਿਣਾ ਹੈ ਕਿ ਘਰ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਿਆ ਹੈ ਅਤੇ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ ਹੈ। ਫਿਲਹਾਲ ਅੱਗ ਲੱਗਣ ਦੇ ਅਸਲ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਫਾਇਰ ਬ੍ਰਿਗੇਡ ਅਤੇ ਪੁਲਿਸ ਵਿਭਾਗ ਪੂਰੇ ਮਾਮਲੇ ਦੀ ਜਾਂਚ ਕਰ ਰਹੇ ਹਨ।