ਅੰਮ੍ਰਿਤਸਰ ਸਥਿਤ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਮੰਗਲਵਾਰ ਨੂੰ SGPC ਖ਼ਿਲਾਫ਼ ਦਾਇਰ ਕੀਤੀ ਪਟੀਸ਼ਨ ਵਾਪਸ ਲੈ ਲਈ। ਪਟੀਸ਼ਨ ’ਚ ਰਘਬੀਰ ਸਿੰਘ ਨੇ ਸੇਵਾ ਤੋਂ ਬਰਖ਼ਾਸਤਗੀ ਦਾ ਖ਼ਦਸ਼ਾ ਪ੍ਰਗਟਾਇਆ ਸੀ। ਸੁਣਵਾਈ ਦੌਰਾਨ ਜਦੋਂ ਉਨ੍ਹਾਂ ਦੇ ਵਕੀਲ ਨੇ ਕੋਰਟ ਤੋਂ ਇਹ ਪਟੀਸ਼ਨ ਵਾਪਸ ਲੈਣ ਦੀ ਬੇਨਤੀ ਕੀਤੀ ਤਾਂ ਕੋਰਟ ਨੇ ਕਿਹਾ ਕਿ ਇਹ ਪਟੀਸ਼ਨ ਅਖ਼ਬਾਰਾਂ ਵਿਚ ਪ੍ਰਮੁੱਖਤਾ ਨਾਲ ਛਪ ਚੁੱਕੀ ਹੈ ਅਤੇ ਹੁਣ ਇਸ ਨੂੰ ਵਾਪਸ ਲਿਆ ਜਾ ਰਿਹਾ ਹੈ। ਕੋਰਟ ਨੇ ਗਿਆਨੀ ਰਘਬੀਰ ਸਿੰਘ ਦੀ ਪਟੀਸ਼ਨ ਨੂੰ ਵਾਪਸ ਲੈਣ ਦੀ ਛੋਟ ਦਿੰਦੇ ਹੋਏ ਖ਼ਾਰਜ ਕਰ ਦਿੱਤਾ।

ਆਪਣੀ ਪਟੀਸ਼ਨ ਵਿਚ ਗਿਆਨੀ ਰਘਬੀਰ ਸਿੰਘ ਨੇ ਖ਼ਦਸ਼ਾ ਪ੍ਰਗਟਾਇਆ ਸੀ ਕਿ ਉਨ੍ਹਾਂ ਨੂੰ ਹੈੱਡ ਗ੍ਰੰਥੀ ਦੇ ਅਹੁਦੇ ਤੋਂ ਵੀ ਬਿਨਾਂ ਕਿਸੇ ਅਗਾਊਂ ਸੂਚਨਾ ਅਤੇ ਮੌਕੇ ਦੇ ਹਟਾਇਆ ਜਾ ਸਕਦਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਦਰ ਚੱਲ ਰਹੀ ਸਿਆਸੀ ਖਿੱਚੋਤਾਣ ਦਾ ਸ਼ਿਕਾਰ ਹੋ ਰਹੇ ਹਨ। ਉਨ੍ਹਾਂ ਬੇਨਤੀ ਕੀਤੀ ਹੈ ਕਿ ਐੱਸਜੀਪੀਸੀ ਦੇ ਪ੍ਰਧਾਨ, ਸਕੱਤਰ ਤੇ ਪ੍ਰਬੰਧਕ ਨੂੰ ਉਨ੍ਹਾਂ ਖ਼ਿਲਾਫ਼ ਕਿਸੇ ਵੀ ਕਿਸਮ ਦੀ ਗ਼ੈਰ-ਜ਼ਰੂਰੀ ਜਾਂ ਪੱਖਪਾਤੀ ਕਾਰਵਾਈ ਕਰਨ ਤੋਂ ਰੋਕਿਆ ਜਾਵੇ।