ਪੰਜਾਬ ਵਿਚ ਮਾਨਸੂਨ ਨੇ ਇਕ ਵਾਰ ਫਿਰ ਰਫ਼ਤਾਰ ਫੜ ਲਈ ਹੈ। ਲਗਾਤਾਰ ਹੋ ਰਹੀ ਬਾਰਿਸ਼ ਨੇ ਸੂਬੇ ਦੇ ਕਈ ਜ਼ਿਲ੍ਹਿਆਂ ਵਿਚ ਜਨਜੀਵਨ ਪ੍ਰਭਾਵਿਤ ਕੀਤਾ ਹੈ। ਮੌਸਮ ਵਿਭਾਗ ਨੇ ਬੁੱਧਵਾਰ ਨੂੰ ਯੈਲੋ ਅਲਰਟ ਜਾਰੀ ਕੀਤਾ ਹੈ ਅਤੇ ਲੋਕਾਂ ਨੂੰ ਚੌਕਸ ਰਹਿਣ ਦੀ ਇਤਲਾਹ ਦਿੱਤੀ ਹੈ।

ਮੌਸਮ ਵਿਭਾਗ ਦੇ ਅਨੁਸਾਰ ਹਿਮਾਚਲ ਪ੍ਰਦੇਸ਼ ਦੀ ਸਰਹੱਦ ਨਾਲ ਲੱਗਦੇ ਚਾਰ ਜ਼ਿਲ੍ਹਿਆਂ- ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਰੂਪਨਗਰ ਵਿਚ ਆਮ ਨਾਲੋਂ ਵੱਧ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿਚ ਪ੍ਰਸ਼ਾਸਨ ਨੂੰ ਅਲਰਟ ਉਤੇ ਰੱਖਿਆ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਦੇ ਬਾਕੀ ਜ਼ਿਲ੍ਹਿਆਂ ਵਿਚ ਹਲਕੀ ਤੋਂ ਆਮ ਬਾਰਿਸ਼ ਦਰਜ ਕੀਤੀ ਜਾਵੇਗੀ।

ਲਗਾਤਾਰ ਬਾਰਿਸ਼ ਕਾਰਨ ਸੂਬੇ ਦੇ ਕਈ ਇਲਾਕਿਆਂ ਵਿੱਚ ਨੁਕਸਾਨ ਦੀਆਂ ਰਿਪੋਰਟਾਂ ਆ ਰਹੀਆਂ ਹਨ। ਸਭ ਤੋਂ ਵੱਧ ਪ੍ਰਭਾਵਿਤ ਜ਼ਿਲ੍ਹਿਆਂ ਵਿਚ ਫਿਰੋਜ਼ਪੁਰ, ਫਾਜ਼ਿਲਕਾ ਅਤੇ ਕਪੂਰਥਲਾ ਸ਼ਾਮਲ ਹਨ। ਇੱਥੇ ਕਈ ਪਿੰਡਾਂ ਦਾ ਇੱਕ ਦੂਜੇ ਨਾਲ ਸੰਪਰਕ ਟੁੱਟ ਗਿਆ ਹੈ ਅਤੇ ਲੋਕਾਂ ਨੂੰ ਬਾਹਰ ਨਿਕਲਣ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਸੂਬਾ ਸਰਕਾਰ ਨੇ ਮੀਂਹ ਅਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਅਤੇ ਬਚਾਅ ਕਾਰਜ ਤੇਜ਼ ਕਰ ਦਿੱਤੇ ਹਨ। ਪ੍ਰਸ਼ਾਸਨ ਨੇ ਕਿਹਾ ਕਿ 172 ਐਂਬੂਲੈਂਸਾਂ ਅਤੇ 438 ਐਨਡੀਆਰਐਫ ਟੀਮਾਂ ਨੂੰ ਮੌਕੇ ਉਤੇ ਤਾਇਨਾਤ ਕੀਤਾ ਗਿਆ ਹੈ, ਤਾਂ ਜੋ ਕਿਸੇ ਵੀ ਐਮਰਜੈਂਸੀ ਵਿੱਚ ਲੋਕਾਂ ਦੀ ਤੁਰੰਤ ਮਦਦ ਕੀਤੀ ਜਾ ਸਕੇ।