ਪੰਜਾਬ ਦੇ ਲਗਾਤਾਰ ਵਿਗੜਦੇ ਜਾ ਰਹੇ ਹਾਲਾਤ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਬੇਹੱਦ ਚਿੰਤਤ ਹਨ। ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਉਨ੍ਹਾਂ ਆਪਣੇ ਮੰਤਰੀਆਂ ਤੇ ਵਿਧਾਇਕਾਂ ਨੂੰ ਲੋਕਾਂ ਦੀ ਰੱਖਿਆ ਤੇ ਰਾਹਤ ਸਮੱਗਰੀ ਉਨ੍ਹਾਂ ਤਕ ਪਹੁੰਚਾਉਣ ਦੀ ਜ਼ਿੰਮੇਵਾਰੀ ਸੌਂਪੀ ਹੋਈ ਹੈ ਤੇ ਆਪ ਵੀ ਸੰਬੰਧਤ ਇਲਾਕਿਆਂ ਦਾ ਦੌਰਾ ਕਰ ਰਹੇ ਹਨ। ਫਿਰ ਵੀ ਸਥਿਤੀ ਹੋਰ ਸੰਕਟ ਵਾਲੀ ਹੁੰਦੀ ਦੇਖ ਉਨ੍ਹਾਂ ਪੀਐੱਮ ਮੋਦੀ ਨੂੰ ਇਕ ਪੱਤਰ ਲਿਖ ਕੇ ਪੰਜਾਬ ਦੇ ਹਾਲਾਤ ਬਾਰੇ ਜਾਣੂ ਕਰਵਾਉਂਦਿਆਂ ਬਕਾਇਆ ਫੰਡ ਜਾਰੀ ਕਰਨ ਦੀ ਮੰਗ ਕੀਤੀ ਹੈ। ਆਪਣੇ ਪੱਤਰ 'ਚੇ ਉਨ੍ਹਾਂ ਲਿਖਿਆ ਕਿ ਪੰਜਾਬ ਲਈ ਔਖਾ ਸਮਾਂ ਹੈ। ਇਸ ਲਈ ਕੇਂਦਰ ਸਰਕਾਰ ਪੰਜਾਬ ਦੇ 60,000 ਕਰੋੜ ਰੁਪਏ ਦੇ ਬਕਾਇਆ ਫੰਡ ਨੂੰ ਜਾਰੀ ਕਰ ਦੇਵੇ ਤਾਂ ਜੋ ਰਾਹਤ ਕਾਰਜ ਹੋਰ ਵਧੀਆ ਢੰਗ ਨਾਲ ਹੋ ਸਕੇ।

ਉਨ੍ਹਾਂ ਕੇਂਦਰ ਸਰਕਾਰ ਤੋਂ SDRF ਨਿਯਮਾਂ 'ਚ ਬਦਲਾਅ ਕਰਨ ਦੀ ਮੰਗ ਵੀ ਕੀਤੀ ਤਾਂ ਜੋ ਕਿਸਾਨਾਂ ਨੂੰ ਹੜ੍ਹਾਂ ਦੇ ਨੁਕਸਾਨ ਦੀ ਮੁਆਵਜ਼ਾ ਰਾਸ਼ੀ 50,000 ਰੁਪਏ ਤਕ ਵਧਾਈ ਜਾ ਸਕੇ। ਦਰਅਸਲ, ਪੰਜਾਬ ਸਰਕਾਰ ਕਿਸਾਨਾਂ ਨੂੰ 50,000 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣਾ ਚਾਹੁੰਦੀ ਹੈ ਜਿਸ ਲਈ ਉਨ੍ਹਾਂ ਕੇਂਦਰ ਤੋਂ ਸਹਿਮਤੀ ਮੰਗੀ ਹੈ। ਉਨ੍ਹਾਂ ਪੱਤਰ 'ਚ ਇਹ ਵੀ ਲਿਖਿਆ ਕਿ ਪੰਜਾਬ ਹੁਣ ਤਕ ਦੀ ਸਭ ਤੋਂ ਗੰਭੀਰ ਹੜ੍ਹ ਸਥਿਤੀ ਦਾ ਸਾਹਮਣਾ ਕਰ ਰਿਹਾ ਹੈ ਜਿਸ ਵਿਚ ਪੰਜਾਬ ਦੇ 1000 ਪਿੰਡ ਤੇ ਲੱਖਾਂ ਲੋਕ ਪ੍ਰਭਾਵਿਤ ਹੋਏ ਹਨ। ਸਭ ਤੋਂ ਵੱਧ ਗੁਰਦਾਸਪੁਰ, ਕਪੂਰਥਲਾ, ਅੰਮ੍ਰਿਤਸਰ, ਪਠਾਨਕੋਟ, ਫਿਰੋਜ਼ਪੁਰ, ਫਾਜ਼ਿਲਕਾ ਤੇ ਹੁਸ਼ਿਆਰਪੁਰ 'ਚ ਲੋਕ ਹੜ੍ਹ ਨਾਲ ਪ੍ਰਭਾਵਿਤ ਹੋਏ ਹਨ। ਪੰਜਾਬ ਦੀ ਲਗਪਗ ਤਿੰਨ ਲੱਖ ਏਕੜ ਖੇਤੀਬਾੜੀ ਜ਼ਮੀਨ ਹੜ੍ਹ ਦੇ ਪਾਣੀ 'ਚ ਡੁੱਬ ਚੁੱਕੀ ਹੈ।