ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ) ਨੇ ਪੰਜਾਬ ਵਿਚ ਹੜ੍ਹਾਂ ਦੀ ਗੰਭੀਰ ਸਥਿਤੀ ’ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਸਮੂਹ ਲੇਖਕ ਭਾਈਚਾਰੇ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਹਰ ਸੰਭਵ ਰਾਹਤ ਕਾਰਜਾਂ ਵਿਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਹੈ। ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ, ਜਨਰਲ ਸਕੱਤਰ ਸੁਸ਼ੀਲ ਦੁਸਾਂਝ, ਸੀਨੀਅਰ ਮੀਤ ਪ੍ਰਧਾਨ ਮੱਖਣ ਸਿੰਘ ਕੁਹਾੜ ਅਤੇ ਦਫ਼ਤਰ ਸਕੱਤਰ ਦੀਪ ਦੇਵਿੰਦਰ ਸਿੰਘ ਨੇ ਜਾਰੀ ਬਿਆਨ ਵਿਚ ਕਿਹਾ ਕਿ ਪੰਜਾਬ ਦੇ ਕਈ ਇਲਾਕਿਆਂ ਵਿਚ ਹੜ੍ਹਾਂ ਕਾਰਨ ਵੱਡੇ ਪੱਧਰ ’ਤੇ ਨੁਕਸਾਨ ਹੋਇਆ ਹੈ।
ਫ਼ਸਲਾਂ, ਘਰਾਂ ਅਤੇ ਜਨਤਕ ਸੰਪਤੀਆਂ ਦਾ ਭਾਰੀ ਖ਼ਰਾਬਾ ਹੋਇਆ ਹੈ, ਜਿਸ ਕਾਰਨ ਲੱਖਾਂ ਲੋਕ ਪ੍ਰਭਾਵਿਤ ਹੋਏ ਹਨ। ਕਈ ਪਿੰਡ ਪਾਣੀ ਵਿਚ ਡੁੱਬ ਗਏ ਹਨ ਅਤੇ ਲੋਕਾਂ ਨੂੰ ਰਾਹਤ ਕੈਂਪਾਂ ਵਿਚ ਪਨਾਹ ਲੈਣੀ ਪਈ ਹੈ। ਇਸ ਸੰਕਟਕਾਲੀ ਸਥਿਤੀ ਵਿੱਚ ਲੇਖਕ ਭਾਈਚਾਰੇ ਦੀ ਜ਼ਿੰਮੇਵਾਰੀ ਹੈ ਕਿ ਉਹ ਸਮਾਜਿਕ ਸਰੋਕਾਰਾਂ ਨੂੰ ਮੁੱਖ ਰੱਖਦਿਆਂ ਪੀੜਤਾਂ ਦੀ ਮਦਦ ਲਈ ਅੱਗੇ ਆਉਣ। ਸਭਾ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਵੀ ਕਿਹਾ ਹੈ ਕਿ ਉਹ ਪਹਿਲ ਦੇ ਅਧਾਰ ਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਦੀ ਸਿਹਤ, ਸਿੱਖਿਆ, ਬਿਜਲੀ ਅਤੇ ਰੈਣ ਬਸੇਰਿਆਂ ਲਈ ਫੌਰੀ ਕਦਮ ਚੁੱਕੇ ਜਾਣ।





