ਪੰਜਾਬ ਵਿਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਪਣੇ ਫੇਸਬੁਕ ਸਫੇ ਉਤੇ ਇਸ ਸਬੰਧੀ ਜਾਣਕਾਰੀ ਸਾਂਝੀ ਕਰਕੇ ਲੋਕਾਂ ਨੂੰ ਚੌਕਸ ਕੀਤਾ ਹੈ। ਉਨ੍ਹਾਂ ਨੇ ਆਖਿਆ ਹੈ ਕਿ 5000 ਕਿਉਸਿਕ ਪਾਣੀ ਭਾਖੜਾ ਡੈਮ ਤੋਂ ਵਧਾ ਰਹੇ ਹਾਂ, ਕਿਉਂਕਿ 12,13,14 ਸਤੰਬਰ ਨੂੰ ਮੌਸਮ ਵਿਭਾਗ ਵੱਲੋਂ ਭਾਰੀ ਬਾਰਿਸ਼ ਦੀ ਚਿਤਾਵਨੀ ਆਈ ਹੈ। ਉਨ੍ਹਾਂ ਆਖਿਆ ਕਿ ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਅਗਲੇ 3-4 ਦਿਨ ਸਾਨੂੰ ਮੁੜ ਅਲਰਟ ਰਹਿਣਾ ਪਵੇਗਾ।
ਉਨ੍ਹਾਂ ਆਖਿਆ ਕਿ ਉੱਤਰ ਪ੍ਰਦੇਸ਼ ਵੱਲੋਂ ਬੱਦਲ ਆ ਰਹੇ ਹਨ ਤੇ ਇਕ-ਦੋ ਦਿਨਾਂ ਵਿਚ ਪੰਜਾਬ ਵਿਚ ਦਾਖਲ ਹੋਣਗੇ। ਇਸ ਲਈ ਡੈਮ ਤੋਂ ਵਾਧੂ ਪਾਣੀ ਛੱਡਿਆ ਜਾ ਰਿਹਾ ਹੈ।ਦੱਸ ਦਈਏ ਕਿ ਪੰਜਾਬ ਵਿਚ ਮੀਂਹ ਦਾ ਇਕ ਨਵਾਂ ਦੌਰ ਸ਼ੁਰੂ ਹੋਣ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਦੌਰਾਨ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਪੰਜਾਬ ਵਿਚ ਦਰਿਆਵਾਂ ਦੇ ਪਾਣੀ ਦੇ ਪੱਧਰ ਵਿੱਚ ਕਮੀ ਆਉਣ ਕਾਰਨ ਰਾਹਤ ਮਿਲੀ ਹੈ, ਪਰ 14 ਸਤੰਬਰ ਤੱਕ ਮੀਂਹ ਦੀ ਚਿਤਾਵਨੀ ਨੇ ਚਿੰਤਾ ਵਧਾ ਦਿੱਤੀ ਹੈ। ਭਾਰਤੀ ਮੌਸਮ ਵਿਭਾਗ ਅਨੁਸਾਰ ਉੱਤਰ-ਪੂਰਬੀ ਰਾਜਾਂ ਵਿਚ 11 ਤੋਂ 14 ਸਤੰਬਰ ਤੱਕ ਬਾਰਿਸ਼ ਹੋਣ ਦੀ ਸੰਭਾਵਨਾ ਹੈ ਅਤੇ ਕੁਝ ਜ਼ਿਲ੍ਹਿਆਂ ਵਿੱਚ ਭਾਰੀ ਬਾਰਿਸ਼ ਕਾਰਨ ਹਾਲਾਤ ਵਿਗੜ ਸਕਦੇ ਹਨ।





