ਇੰਪਰੂਵਮੈਂਟ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਕਰਮਜੀਤ ਸਿੰਘ ਰਿੰਟੂ ਅਤੇ ਸੀਨੀਅਰ ਡਿਪਟੀ ਮੇਅਰ ਪ੍ਰਿਯੰਕਾ ਸ਼ਰਮਾ ਨੇ ਇਕ ਵਾਰ ਫਿਰ ਹੜ੍ਹ ਪ੍ਰਭਾਵਿਤ ਪਿੰਡਾਂ ਰਮਦਾਸ ਦਾ ਦੌਰਾ ਕੀਤਾ ਅਤੇ ਇਸ ਮੌਕੇ 'ਤੇ ਉਨ੍ਹਾਂ ਨੇ ਆਪਣੇ ਸਾਥੀਆਂ ਅਤੇ ਸੇਵਾ ਕਰ ਰਹੇ ਸੰਤਾਂ ਨਾਲ ਮਿਲ ਕੇ ਨੁਕਸਾਨੇ ਗਏ ਘਰਾਂ ਦੇ ਪਰਿਵਾਰਾਂ ਨੂੰ ਜ਼ਰੂਰੀ ਚੀਜ਼ਾਂ ਪ੍ਰਦਾਨ ਕੀਤੀਆਂ।

ਇਸ ਮੌਕੇ 'ਤੇ ਲੋੜਵੰਦਾਂ ਨੂੰ ਫੋਲਡਿੰਗ ਮੰਜੇ, ਬਿਸਤਰੇ, ਰਾਸ਼ਨ, ਦਵਾਈਆ ਅਤੇ ਹੋਰ ਰਾਹਤ ਸਮੱਗਰੀ ਵੰਡੀ ਗਈ। ਕਰਮਜੀਤ ਸਿੰਘ ਰਿੰਟੂ ਨੇ ਕਿਹਾ ਕਿ ਕੁਝ ਦਿਨ ਪਹਿਲਾਂ, ਉਨ੍ਹਾਂ ਨੇ ਆਪਣੀ ਟੀਮ ਨਾਲ ਇਨ੍ਹਾਂ 9 ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਸੀ ਅਤੇ ਲੋਕਾਂ ਦੀਆਂ ਜ਼ਰੂਰਤਾਂ ਦੀ ਸੂਚੀ ਬਣਾਈ ਗਈ ਸੀ। ਉਨ੍ਹਾਂ ਕਿਹਾ ਕਿ ਉਹੀ ਜ਼ਰੂਰੀ ਚੀਜ਼ਾਂ ਲੋਕਾਂ ਤੱਕ ਪਹੁੰਚਾਈਆਂ ਗਈਆਂ ਹਨ। ਕਰਮਜੀਤ ਸਿੰਘ ਰਿੰਟੂ ਨੇ ਕਿਹਾ ਕਿ ਇਹ ਸੇਵਾ ਇਸੇ ਤਰ੍ਹਾਂ ਜਾਰੀ ਰਹੇਗੀ ਅਤੇ ਭਵਿੱਖ ਵਿਚ ਵੀ ਹਰ ਲੋੜਵੰਦ ਦੀ ਮਦਦ ਕਰੇਗੀ। ਉਨ੍ਹਾਂ ਕਿਹਾ ਕਿ ਰਾਹਤ ਸਮੱਗਰੀ ਉਨ੍ਹਾਂ ਸਾਰੇ 9 ਪਿੰਡਾਂ ਵਿਚ ਪਹੁੰਚਾਈ ਜਾਵੇਗੀ, ਜਿਨ੍ਹਾਂ ਦਾ ਪਹਿਲਾਂ ਨਿਰੀਖਣ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਪੰਜਾਬ ਇਨ੍ਹਾਂ ਦਿਨਾਂ ਵਿੱਚ ਹੜ੍ਹਾਂ ਦੀ ਮਾਰ ਦਾ ਸਾਹਮਣਾ ਕਰ ਰਿਹਾ ਹੈ।

ਖੇਤਾਂ ਵਿਚ ਖੜ੍ਹੀਆਂ ਫ਼ਸਲਾਂ ਪਾਣੀ ਨਾਲ ਰੁੜ੍ਹ ਗਈਆਂ ਹਨ, ਘਰਾਂ ਦੀਆਂ ਕੰਧਾਂ ਢਹਿ ਗਈਆਂ ਹਨ। ਉਨ੍ਹਾਂ ਕਿਹਾ ਕਿ ਇਸ ਔਖੇ ਸਮੇਂ ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਕਰਨਾ ਸਭ ਤੋਂ ਢੁਕਵਾਂ ਕੰਮ ਹੈ। ਕਰਮਜੀਤ ਸਿੰਘ ਰਿੰਟੂ ਨੇ ਕਿਹਾ ਕਿ ਪੰਜਾਬ ਸਰਕਾਰ ਹੜ੍ਹਾਂ ਕਾਰਨ ਖੇਤਾਂ ਦੀ ਤਬਾਹੀ ਨੂੰ ਵੀ ਗੰਭੀਰਤਾ ਨਾਲ ਲੈ ਰਹੀ ਹੈ ਅਤੇ ਕਿਸਾਨਾਂ ਨੂੰ ਜਲਦੀ ਹੀ ਮੁਆਵਜ਼ਾ ਦਿੱਤਾ ਜਾਵੇਗਾ। ਭਗਵੰਤ ਮਾਨ ਸਰਕਾਰ ਨੇ ਹੜ੍ਹਾਂ ਕਾਰਨ ਹੋਏ ਨੁਕਸਾਨ ਦੀ ਭਰਪਾਈ ਲਈ ਕਿਸਾਨਾਂ ਨੂੰ ਰਾਹਤ ਪ੍ਰਦਾਨ ਕਰਨ ਲਈ ‘ਜਿਸ ਕਾ ਖੇਤ ਉਸ ਕੀ ਰੇਤ’ ਨੀਤੀ ਲਾਗੂ ਕੀਤੀ ਹੈ। ਇਹ ਨੀਤੀ ਸਿਰਫ਼ ਹੜ੍ਹ ਪ੍ਰਭਾਵਿਤ ਖੇਤਾਂ 'ਤੇ ਲਾਗੂ ਹੋਵੇਗੀ। ਉਨ੍ਹਾਂ ਕਿਹਾ ਕਿ ਕੋਈ ਵੀ ਪਰਿਵਾਰ ਇਕੱਲਾ ਨਹੀਂ ਛੱਡਿਆ ਜਾਵੇਗਾ ਅਤੇ ਪੰਜਾਬ ਸਰਕਾਰ ਘਰ-ਘਰ ਜਾ ਕੇ ਲੋੜੀਂਦੀ ਮਦਦ ਕਰੇਗੀ। ਉਨ੍ਹਾਂ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਜਲਦੀ ਹੀ ਆਮ ਵਾਂਗ ਲਿਆਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਜਾਰੀ ਕੀਤੇ ਹਨ ਤਾਂ ਜੋ ਹੜ੍ਹਾਂ ਕਾਰਨ ਹੋਏ ਨੁਕਸਾਨ ਦੀ ਤੁਰੰਤ ਭਰਪਾਈ ਕੀਤੀ ਜਾ ਸਕੇ।