ਬੀਤੇ ਦਿਨੀਂ ਹੜ੍ਹਾਂ ਦੀ ਚਪੇਟ ਵਿੱਚ ਆਏ ਲੋਕਾਂ ਦੀ ਮਦਦ ਲਈ, ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਦੀ ਅਗਵਾਈ ਹੇਠ ਵੱਡੇ ਪੱਧਰ 'ਤੇ ਰਾਹਤ ਕਾਰਜ ਜਾਰੀ ਹਨ। ਵਿਧਾਇਕ ਛੀਨਾ ਨੇ ਲੁਧਿਆਣਾ ਤੋਂ ਪਠਾਨਕੋਟ ਜ਼ਿਲ੍ਹੇ ਦੇ ਪੋਹਾ ਵਿਧਾਨ ਸਭਾ ਹਲਕੇ ਲਈ ਰਾਹਤ ਸਮੱਗਰੀ ਦੇ ਭਰੇ ਟਰੱਕ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਜਿਸ ਵਿੱਚ ਖਾਣ-ਪੀਣ ਦੀਆਂ ਵਸਤਾਂ ਅਤੇ ਦਵਾਈਆਂ ਵੀ ਸ਼ਾਮਲ ਸਨ। ਵਿਧਾਇਕ ਛੀਨਾ ਨੇ ਦੱਸਿਆ ਕਿ ਇਹ ਰਸਦ ਰਾਵੀ ਦਰਿਆ ਦੇ ਕੰਢੇ ਸਥਿਤ ਵੱਖ-ਵੱਖ ਪਿੰਡਾਂ ਵਿੱਚ ਵੰਡੀ ਜਾਵੇਗੀ ਜਿੱਥੇ ਹੜ੍ਹਾਂ ਕਾਰਨ ਲੋਕਾਂ ਨੂੰ ਬਹੁਤ ਨੁਕਸਾਨ ਹੋਇਆ ਹੈ।

ਵਿਧਾਇਕ ਛੀਨਾ ਨੇ ਕਿਹਾ ਕਿ ਪਠਾਨਕੋਟ ਜ਼ਿਲ੍ਹੇ ਵਿੱਚ ਰਾਵੀ ਦਰਿਆ ਦੇ ਨਾਲ ਲੱਗਦੇ ਮੁੱਖ ਪ੍ਰਭਾਵਿਤ ਪਿੰਡਾਂ ਵਿੱਚ ਮੱਖਣਪੁਰ, ਪੋਲਾ, ਤਾਸ, ਬਹਾਦਰਪੁਰ, ਚੇਬੇ, ਤੂਰ, ਝੁੰਬਰ, ਲਸਾਨੀਆ, ਜੰਗਲੋਟ, ਬਮਿਆਲ, ਪੰਮਾ ਅਤੇ ਨਰੋਟ ਜੈਮਲ ਸਿੰਘ ਸ਼ਾਮਲ ਹਨ ਜਿੱਥੇ ਲੋਕਾਂ ਦਾ ਕਾਫੀ ਨੁਕਸਾਨ ਹੋਇਆ ਹੈ। ਉਨ੍ਹਾਂ ਦੱਸਿਆ ਕਿ ਦਰਿਆ ਦੇ ਪਾਣੀ ਕਾਰਨ ਇਨ੍ਹਾਂ ਪਿੰਡਾਂ ਵਿੱਚ ਲੋਕਾਂ ਦੇ ਘਰ ਬੁਰੀ ਤਰ੍ਹਾਂ ਡੁੱਬ ਗਏ, ਫਸਲਾਂ ਤਬਾਹ ਹੋ ਗਈਆਂ ਅਤੇ ਪਸ਼ੂਆਂ ਲਈ ਚਾਰੇ ਦੀ ਸਮੱਸਿਆ ਵੀ ਆ ਰਹੀ ਹੈ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਹਨ ਜੋ ਇਨ੍ਹਾਂ ਪਿੰਡਾਂ ਦਾ ਦੌਰਾ ਕਰਦਿਆਂ ਪ੍ਰਭਾਵਿਤ ਲੋਕਾਂ ਤੱਕ ਰਾਹਤ ਸਮੱਗਰੀ ਪਹੁੰਚਾਉਣਗੀਆਂ। ਵਿਧਾਇਕ ਰਜਿੰਦਰਪਾਲ ਕੌਰ ਛੀਨਾ ਨੇ ਕਿਹਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਮਦਦ ਪ੍ਰਦਾਨ ਕੀਤੀ ਜਾ ਰਹੀ ਹੈ ਅਤੇ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਹਾਲਾਤ ਸੁਖਾਵੇਂ ਨਹੀਂ ਹੋ ਜਾਂਦੇ। ਉਨ੍ਹਾਂ ਸਥਾਨਕ ਲੋਕਾਂ ਨੂੰ ਅਫਵਾਹਾਂ ਤੋਂ ਬਚਣ ਅਤੇ ਪ੍ਰਸ਼ਾਸਨ ਦਾ ਸਹਿਯੋਗ ਕਰਨ ਦੀ ਵੀ ਅਪੀਲ ਕੀਤੀ।