ਧਰਤੀ ਹੇਠਲੇ ਪਾਣੀ ਦੀ ਬਚਤ ਅਤੇ ਖੇਤੀਬਾੜੀ ਨੂੰ ਟਿਕਾਊ ਬਣਾਉਣ ਵੱਲ ਪੰਜਾਬ ਸਰਕਾਰ ਨੇ ਇੱਕ ਹੋਰ ਮਹੱਤਵਪੂਰਣ ਕਦਮ ਚੁੱਕਿਆ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਲਕਾ ਦਿੜ੍ਹਬਾ ਦੇ ਪਿੰਡ ਮੌੜਾਂ ਵਿਖੇ ₹1 ਕਰੋੜ 43 ਲੱਖ 45 ਹਜ਼ਾਰ ਦੀ ਲਾਗਤ ਨਾਲ ਤਿਆਰ ਹੋਣ ਵਾਲੀ ਨਹਿਰੀ ਪਾਣੀ ਦੀ ਪਾਈਪ ਲਾਈਨ ਦੇ ਕੰਮ ਦੀ ਸ਼ੁਰੂਆਤ ਕੀਤੀ।

ਇਸ ਮੌਕੇ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਸਦਕਾ ਪੰਜਾਬ ਸਰਕਾਰ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦਾ ਸੁਪਨਾ ਪੂਰਾ ਕਰ ਰਹੀ ਹੈ। ਇਸ ਉਪਰਾਲੇ ਨਾਲ ਨਾ ਸਿਰਫ਼ ਫਸਲਾਂ ਦੀ ਪੈਦਾਵਾਰ ਵਧੇਗੀ, ਸਗੋਂ ਧਰਤੀ ਹੇਠਲੇ ਪਾਣੀ ਦੀ ਵਰਤੋਂ ਵੀ ਘਟੇਗੀ, ਜਿਸ ਨਾਲ ਪਾਣੀ ਦਾ ਡਿੱਗਦਾ ਪੱਧਰ ਸੰਭਾਲਿਆ ਜਾ ਸਕੇਗਾ।

ਨਹਿਰੀ ਪਾਣੀ ਦੇ ਇਸ ਨਵੇਂ ਪ੍ਰੋਜੈਕਟ ਨਾਲ ਲਗਭਗ 125 ਕਿਸਾਨਾਂ ਨੂੰ ਸਿੱਧਾ ਲਾਭ ਮਿਲੇਗਾ। ਕਿਸਾਨਾਂ ਵੱਲੋਂ ਵੱਧ ਰਹੀ ਨਹਿਰੀ ਪਾਣੀ ਦੀ ਵਰਤੋਂ ਨਾਲ ਖੇਤਾਂ ਵਿੱਚ ਉਤਪਾਦਕਤਾ ਵਿੱਚ ਸੁਧਾਰ ਆ ਰਿਹਾ ਹੈ ਅਤੇ ਭੂਜਲ ਦੀ ਬਚਤ ਵੀ ਹੋ ਰਹੀ ਹੈ।

ਇਸੇ ਮੌਕੇ ਤੇ, ਵਿੱਤ ਮੰਤਰੀ ਨੇ ਪਿੰਡ ਗੁਜਰਾਂ ਵਿਖੇ ₹25 ਲੱਖ ਦੀ ਲਾਗਤ ਨਾਲ ਬਣਨ ਵਾਲੇ ਪੰਚਾਇਤੀ ਘਰ ਦਾ ਵੀ ਨੀਂਹ ਪੱਥਰ ਰੱਖਿਆ। ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਬ ਪੱਖੀ ਵਿਕਾਸ ਲਈ ਵਚਨਬੱਧ ਹੈ। ਬਿਨਾਂ ਕਿਸੇ ਰਾਜਨੀਤਿਕ ਭੇਦਭਾਵ ਤੋਂ ਪਿੰਡਾਂ ਨੂੰ ਵਿਕਾਸ ਲਈ ਗਰਾਂਟਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਪਿਛਲੇ ਤਿੰਨ ਸਾਲਾਂ ਵਿੱਚ ਪੰਜਾਬ ਨੇ ਤਰੱਕੀ ਦੀਆਂ ਨਵੀਆਂ ਉਚਾਈਆਂ ਛੂਹੀਆਂ ਹਨ ਅਤੇ ਮੁੱਖ ਮੰਤਰੀ ਮਾਨ ਦੀ ਦੂਰਦਰਸ਼ੀ ਨੀਤੀਆਂ ਕਰਕੇ ਪਿੰਡਾਂ ਤੇ ਸ਼ਹਿਰਾਂ ਦੋਹਾਂ ਦੀ ਤਸਵੀਰ ਬਦਲ ਰਹੀ ਹੈ।