ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਸਾਬਕਾ ਕੇਂਦਰੀ ਮੰਤਰੀ ਬੂਟਾ ਸਿੰਘ ਬਾਰੇ ਕੀਤੀ ਟਿੱਪਣੀ ਮਾਮਲੇ 'ਚ ਪੁਲਿਸ ਤੋਂ 19 ਨਵੰਬਰ ਤੱਕ ਵਿਸਥਾਰਪੂਰਬਕ ਰਿਪੋਰਟ ਮੰਗੀ ਹੈ। ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਪੁਲਿਸ ਨੂੰ ਹਫ਼ਤਾਵਾਰੀ ਪ੍ਰਗਤੀ ਰਿਪੋਰਟ ਭੇਜਣ ਦੇ ਨਿਰਦੇਸ਼ ਵੀ ਦਿੱਤੇ ਹਨ।
ਇਸ ਮਾਮਲੇ ਸਬੰਧੀ ਐਸਐਸਪੀ ਕਪੂਰਥਲਾ, ਜਿਨ੍ਹਾਂ ਦਾ ਸੋਮਵਾਰ ਨੂੰ ਦੇਹਾਂਤ ਹੋ ਗਿਆ, ਦੀ ਥਾਂ 'ਤੇ ਡੀਐਸਪੀ ਹਰਗੁਰਦੇਵ ਸਿੰਘ ਕਮਿਸ਼ਨ ਸਾਹਮਣੇ ਪੇਸ਼ ਹੋਏ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਸਰਬਜੋਤ ਸਿੰਘ ਦੇ ਬਿਆਨ ਦਰਜ ਕੀਤੇ ਗਏ ਹਨ, ਉਨ੍ਹਾਂ ਦਾ ਜਾਤੀ ਸਰਟੀਫਿਕੇਟ ਇਕੱਠਾ ਕਰ ਲਿਆ ਗਿਆ ਹੈ ਅਤੇ ਮੀਡੀਆ ਰਿਕਾਰਡ ਫੋਰੈਂਸਿਕ ਜਾਂਚ ਲਈ ਭੇਜਣ ਦੀ ਕਾਰਵਾਈ ਚੱਲ ਰਹੀ ਹੈ।
ਇਸੇ ਮੀਟਿੰਗ ਦੌਰਾਨ ਭਾਈ ਜੀਵਨ ਸਿੰਘ (ਭਾਈ ਜੈਤਾ ਜੀ) ਅਤੇ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀਆਂ ਤਸਵੀਰਾਂ ਦੀ ਬੇਅਦਬੀ ਸਬੰਧੀ ਮਾਮਲੇ 'ਤੇ ਵੀ ਚਰਚਾ ਹੋਈ। ਕਮਿਸ਼ਨ ਸਾਹਮਣੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਵਕੀਲ ਅਰਵਿੰਦ ਸਿੰਘ ਸਚਦੇਵਾ ਨੇ ਚੋਣਾਂ ਦੇ ਕਾਰਨ ਅਗਲੀ ਤਰੀਕ ਦੀ ਮੰਗ ਕੀਤੀ। ਚੇਅਰਮੈਨ ਗੜ੍ਹੀ ਨੇ ਇਹ ਮੰਗ ਮਨਜ਼ੂਰ ਕਰਦਿਆਂ ਬਾਜਵਾ ਨੂੰ 19 ਨਵੰਬਰ ਨੂੰ ਨਿੱਜੀ ਤੌਰ 'ਤੇ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ।





