ਬ੍ਰਿਟੇਨ ਦੀ ਰਾਜਧਾਨੀ ਲੰਡਨ ਵਿੱਚ ਸਿੱਖ ਭਾਈਚਾਰੇ ਨਾਲ ਜੁੜੀ ਇੱਕ ਗੰਭੀਰ ਘਟਨਾ ਸਾਹਮਣੇ ਆਈ ਹੈ, ਜਿੱਥੇ ਹਾਊਂਸਲੋ ਇਲਾਕੇ ਵਿੱਚ 14 ਸਾਲਾ ਸਿੱਖ ਕੁੜੀ ਨੂੰ ਅਗਵਾ ਕਰ ਲਿਆ ਗਿਆ। ਸਿੱਖ ਭਾਈਚਾਰੇ ਦੀ ਤੁਰੰਤ ਕਾਰਵਾਈ ਨਾਲ ਕਰੀਬ 200 ਲੋਕ ਇੱਕਜੁੱਟ ਹੋਏ ਅਤੇ ਕੁੜੀ ਨੂੰ ਸੁਰੱਖਿਅਤ ਤਰੀਕੇ ਨਾਲ ਮੁਲਜ਼ਮ ਦੇ ਚੁੰਗਲ ਵਿੱਚੋਂ ਛੁਡਾ ਲਿਆ ਗਿਆ। ਮਿਲੀ ਜਾਣਕਾਰੀ ਅਨੁਸਾਰ, ਅਗਵਾ ਕਰਨ ਵਾਲੇ ਮੁਲਜ਼ਮ ਦੀ ਉਮਰ 34 ਸਾਲ ਦੱਸੀ ਜਾ ਰਹੀ ਹੈ, ਜਿਸ ਨੂੰ ਸਿੱਖ ਭਾਈਚਾਰੇ ਵੱਲੋਂ ਕਾਬੂ ਕਰਕੇ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਕਾਫ਼ੀ ਸਮੇਂ ਤੋਂ ਨਾਬਾਲਗ ਕੁੜੀ ਨੂੰ ਆਪਣੇ ਨਿਸ਼ਾਨੇ ‘ਤੇ ਲੈਣ ਦੀ ਕੋਸ਼ਿਸ਼ ਕਰ ਰਿਹਾ ਸੀ।
ਪੀੜਤਾ ਦੀ ਪਰਿਵਾਰਕ ਸਥਿਤੀ ਕਮਜ਼ੋਰ ਹੋਣ ਕਾਰਨ ਮੁਲਜ਼ਮ ਨੇ ਉਸਦਾ ਫਾਇਦਾ ਉਠਾਇਆ। ਦਾਅਵਾ ਕੀਤਾ ਗਿਆ ਹੈ ਕਿ ਪਿਛਲੇ ਇੱਕ ਸਾਲ ਤੋਂ ਉਹ ਕੁੜੀ ਨੂੰ ਬਲੈਕਮੇਲ ਕਰ ਰਿਹਾ ਸੀ। ਘਟਨਾ ਦੌਰਾਨ ਕੁੜੀ ਨੂੰ ਇੱਕ ਕਮਰੇ ਵਿੱਚ ਬੰਦ ਕਰਕੇ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ। ਕਈ ਵਾਰ ਭੱਜਣ ਦੀ ਕੋਸ਼ਿਸ਼ ਕਰਨ ਦੇ ਬਾਵਜੂਦ ਉਹ ਅਸਫਲ ਰਹੀ। ਘਟਨਾ ਦੀ ਜਾਣਕਾਰੀ ਮਿਲਦੇ ਹੀ ਸਿੱਖ ਭਾਈਚਾਰੇ ਦੇ ਲੋਕ ਤੁਰੰਤ ਇਕੱਠੇ ਹੋਏ ਅਤੇ ਸਾਂਝੀ ਕੋਸ਼ਿਸ਼ ਨਾਲ ਕੁੜੀ ਨੂੰ ਬਚਾ ਲਿਆ ਗਿਆ। ਇਸ ਤੋਂ ਬਾਅਦ ਮੁਲਜ਼ਮ ਨੂੰ ਪੁਲਿਸ ਹਵਾਲੇ ਕਰ ਦਿੱਤਾ ਗਿਆ। ਇਸ ਮਾਮਲੇ ਨੇ ਲੰਡਨ ਵਿੱਚ ਨਾਬਾਲਗਾਂ ਦੀ ਸੁਰੱਖਿਆ ਅਤੇ ਗ੍ਰੂਮਿੰਗ ਸੰਬੰਧੀ ਚਿੰਤਾਵਾਂ ਨੂੰ ਫਿਰ ਉਭਾਰ ਦਿੱਤਾ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਸਾਰੇ ਤੱਥਾਂ ਦੀ ਤਸਦੀਕ ਕੀਤੀ ਜਾ ਰਹੀ ਹੈ।





