ਫੁੱਲਾਂਵਾਲ ਇਲਾਕੇ ਵਿੱਚ ਚੋਰਾਂ ਵੱਲੋਂ ਸੁੰਨੇ ਘਰ ਨੂੰ ਨਿਸ਼ਾਨਾ ਬਣਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ, ਕੁਝ ਅਣਪਛਾਤੇ ਬਦਮਾਸ਼ ਘਰ ਵਿੱਚ ਦਾਖਲ ਹੋਏ ਅਤੇ ਨਕਦੀ ਤੇ ਸੋਨੇ ਦੇ ਗਹਿਣੇ ਚੋਰੀ ਕਰਕੇ ਫ਼ਰਾਰ ਹੋ ਗਏ। ਇਸ ਸਬੰਧੀ ਥਾਣਾ ਸਦਰ ਦੀ ਪੁਲਿਸ ਨੂੰ ਦਿੱਤੀ ਗਈ ਸ਼ਿਕਾਇਤ ਵਿੱਚ ਪਿੰਡ ਫੁੱਲਾਂਵਾਲ ਦੇ ਵਾਸੀ ਏਤਿੰਦਰਜੀਤ ਸਿੰਘ ਨੇ ਦੱਸਿਆ ਕਿ ਉਹ ਆਪਣੇ ਪਰਿਵਾਰ ਸਮੇਤ ਕਿਸੇ ਕੰਮ ਦੇ ਸਿਲਸਿਲੇ ‘ਚ ਘਰ ਤੋਂ ਬਾਹਰ ਗਏ ਹੋਏ ਸਨ। ਇਸ ਦੌਰਾਨ ਘਰ ਸੁੰਨਾ ਦੇਖ ਕੇ ਕੁਝ ਅਣਪਛਾਤੇ ਵਿਅਕਤੀ ਅੰਦਰ ਦਾਖਲ ਹੋਏ ਅਤੇ 25 ਹਜ਼ਾਰ ਰੁਪਏ ਦੀ ਨਕਦੀ ਅਤੇ ਸੋਨੇ ਦੇ ਕੀਮਤੀ ਗਹਿਣੇ ਚੋਰੀ ਕਰਕੇ ਮੌਕੇ ਤੋਂ ਫ਼ਰਾਰ ਹੋ ਗਏ।

ਘਰ ਵਾਪਸ ਆਉਣ ‘ਤੇ ਘਰ ਦਾ ਸਮਾਨ ਖਿਲਰਿਆ ਦੇਖ ਕੇ ਪਰਿਵਾਰ ਨੂੰ ਚੋਰੀ ਹੋਣ ਦੀ ਜਾਣਕਾਰੀ ਮਿਲੀ, ਜਿਸ ਤੋਂ ਬਾਅਦ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਗਿਆ। ਇਸ ਮਾਮਲੇ ਸਬੰਧੀ ਜਾਂਚ ਅਧਿਕਾਰੀ ਕੁਲਬੀਰ ਰਾਜ ਨੇ ਦੱਸਿਆ ਕਿ ਪੁਲਿਸ ਨੇ ਏਤਿੰਦਰਜੀਤ ਸਿੰਘ ਦੀ ਸ਼ਿਕਾਇਤ ਦੇ ਆਧਾਰ ‘ਤੇ ਅਣਪਛਾਤੇ ਚੋਰਾਂ ਦੇ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ। ਪੁਲਿਸ ਵੱਲੋਂ ਆਸ-ਪਾਸ ਦੇ ਇਲਾਕਿਆਂ ਦੇ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਹਨ ਅਤੇ ਚੋਰਾਂ ਦੀ ਤਲਾਸ਼ ਲਈ ਜਾਂਚ ਤੇਜ਼ ਕਰ ਦਿੱਤੀ ਗਈ ਹੈ। ਪੁਲਿਸ ਨੇ ਇਲਾਕੇ ਦੇ ਵਸਨੀਕਾਂ ਨੂੰ ਅਪੀਲ ਕੀਤੀ ਹੈ ਕਿ ਘਰ ਤੋਂ ਬਾਹਰ ਜਾਣ ਸਮੇਂ ਸੁਰੱਖਿਆ ਦੇ ਪੂਰੇ ਇੰਤਜ਼ਾਮ ਕਰਕੇ ਜਾਣ ਅਤੇ ਕਿਸੇ ਵੀ ਸ਼ੱਕੀ ਵਿਅਕਤੀ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ।