ਗੁਰਦਾਸਪੁਰ ਦੇ ਮੈਰੀਟੋਰੀਅਸ ਸਕੂਲ ਵਿੱਚ ਰਾਤ ਦੇ ਖਾਣੇ ਤੋਂ ਬਾਅਦ ਅੱਠ ਵਿਦਿਆਰਥੀਆਂ ਦੀ ਤਬੀਅਤ ਅਚਾਨਕ ਵਿਗੜ ਗਈ। ਉਲਟੀਆਂ ਅਤੇ ਪੇਟ ਦਰਦ ਦੀ ਸ਼ਿਕਾਇਤ ਮਗਰੋਂ ਸਾਰੇ ਪ੍ਰਭਾਵਿਤ ਵਿਦਿਆਰਥੀਆਂ ਨੂੰ ਤੁਰੰਤ ਸਿਵਲ ਹਸਪਤਾਲ ਗੁਰਦਾਸਪੁਰ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
ਘਟਨਾ ਤੋਂ ਬਾਅਦ ਸਕੂਲ ਵਿੱਚ ਖਾਣੇ ਦੀ ਗੁਣਵੱਤਾ ਨੂੰ ਲੈ ਕੇ ਸਵਾਲ ਖੜ੍ਹੇ ਹੋ ਗਏ ਹਨ। ਹਸਪਤਾਲ ਦੇ ਡਾਕਟਰਾਂ ਮੁਤਾਬਕ ਮੁੱਢਲੀ ਜਾਂਚ ਵਿੱਚ ਇਹ ਮਾਮਲਾ ਆਮ ਫੂਡ ਪੋਇਜ਼ਨਿੰਗ ਵਰਗਾ ਨਹੀਂ ਲੱਗ ਰਿਹਾ। ਹਾਲਾਂਕਿ, ਉਨ੍ਹਾਂ ਸਪਸ਼ਟ ਕੀਤਾ ਕਿ ਇਹ ਸ਼ੁਰੂਆਤੀ ਮੁਲਾਂਕਣ ਹੈ ਅਤੇ ਸਾਰੇ ਵਿਦਿਆਰਥੀਆਂ ਦੇ ਮੈਡੀਕਲ ਟੈਸਟ ਕੀਤੇ ਜਾ ਰਹੇ ਹਨ। ਜਾਂਚ ਰਿਪੋਰਟ ਆਉਣ ਤੋਂ ਬਾਅਦ ਹੀ ਅਸਲ ਕਾਰਨ ਸਪਸ਼ਟ ਹੋ ਸਕੇਗਾ। ਫਿਲਹਾਲ ਸਾਰੇ ਬੱਚਿਆਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ ਅਤੇ ਡਾਕਟਰਾਂ ਵੱਲੋਂ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ।
ਦੂਜੇ ਪਾਸੇ, ਮਾਪਿਆਂ ਨੇ ਸਕੂਲ ਪ੍ਰਸ਼ਾਸਨ 'ਤੇ ਖਾਣੇ ਦੀ ਗੁਣਵੱਤਾ ਨੂੰ ਲੈ ਕੇ ਲਾਪਰਵਾਹੀ ਵਰਤਣ ਦੇ ਗੰਭੀਰ ਦੋਸ਼ ਲਗਾਏ ਹਨ। ਮਾਪਿਆਂ ਦਾ ਕਹਿਣਾ ਹੈ ਕਿ ਸਕੂਲ ਵਿੱਚ ਬੱਚਿਆਂ ਨੂੰ ਮਿਆਰੀ ਅਤੇ ਸਹੀ ਖੁਰਾਕ ਮੁਹੱਈਆ ਨਹੀਂ ਕਰਵਾਈ ਜਾਂਦੀ। ਇਸ ਮਾਮਲੇ 'ਤੇ ਸਕੂਲ ਦੇ ਪ੍ਰਿੰਸੀਪਲ ਰਾਜੀਵ ਮਹਾਜਨ ਨੇ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਸਕੂਲ ਵਿੱਚ ਬੱਚਿਆਂ ਨੂੰ ਹਮੇਸ਼ਾ ਸਾਫ਼-ਸੁਥਰਾ ਅਤੇ ਮਿਆਰੀ ਭੋਜਨ ਦਿੱਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਘਟਨਾ ਵਾਲੇ ਦਿਨ ਉਹ ਮੈਡੀਕਲ ਛੁੱਟੀ 'ਤੇ ਸਨ, ਪਰ ਸੂਚਨਾ ਮਿਲਦੇ ਹੀ ਉਹ ਤੁਰੰਤ ਹਸਪਤਾਲ ਪਹੁੰਚੇ ਅਤੇ ਬੱਚਿਆਂ ਦੇ ਇਲਾਜ ਲਈ ਜ਼ਰੂਰੀ ਪ੍ਰਬੰਧ ਕਰਵਾਏ।





