ਫਿਰੋਜ਼ਪੁਰ ਜ਼ਿਲ੍ਹੇ ਦੇ ਮਮਦੋਟ ਖੇਤਰ ਦੇ ਪਿੰਡ ਬੇਟੂ ਕਦੀਮ ਵਿੱਚ ਸ਼ਨੀਵਾਰ ਰਾਤ ਉਸ ਵੇਲੇ ਦਹਿਸ਼ਤ ਫੈਲ ਗਈ ਜਦੋਂ ਸਾਬਕਾ ਸਰਪੰਚ ਦੇ ਦੋ ਪੁੱਤਰਾਂ 'ਤੇ ਅਣਪਛਾਤੇ ਹਮਲਾਵਰਾਂ ਨੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ। ਹਮਲੇ ਵਿੱਚ ਦੋਵੇਂ ਭਰਾ ਅਜੇ ਅਤੇ ਆਕਾਸ਼ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ।
ਪਰਿਵਾਰਕ ਮੈਂਬਰਾਂ ਵੱਲੋਂ ਉਨ੍ਹਾਂ ਨੂੰ ਤੁਰੰਤ ਨੇੜਲੇ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਦੀ ਨਾਜ਼ੁਕ ਹਾਲਤ ਦੇ ਚਲਦਿਆਂ ਫਰੀਦਕੋਟ ਮੈਡੀਕਲ ਕਾਲਜ ਰੈਫਰ ਕਰ ਦਿੱਤਾ। ਡਾਕਟਰਾਂ ਅਨੁਸਾਰ ਦੋਵਾਂ ਨੂੰ ਗੋਲੀਆਂ ਲੱਗੀਆਂ ਹਨ ਅਤੇ ਵੱਧ ਖੂਨ ਵਹਿਣ ਕਾਰਨ ਹਾਲਤ ਸੰਕਟਮਈ ਹੈ।
ਜਾਣਕਾਰੀ ਮੁਤਾਬਕ 7 ਤੋਂ 10 ਹਮਲਾਵਰ ਇੱਕ ਕਾਰ ਵਿੱਚ ਸਵਾਰ ਹੋ ਕੇ ਆਏ ਅਤੇ ਲਗਭਗ 4–5 ਰਾਉਂਡ ਫਾਇਰ ਕਰਕੇ ਮੌਕੇ ਤੋਂ ਫਰਾਰ ਹੋ ਗਏ। ਪਰਿਵਾਰ ਦਾ ਦਾਅਵਾ ਹੈ ਕਿ ਇਹ ਹਮਲਾ ਪੁਰਾਣੀ ਰੰਜਿਸ਼ ਦਾ ਨਤੀਜਾ ਹੈ, ਜੋ ਸਰਪੰਚੀ ਚੋਣਾਂ ਦੌਰਾਨ ਸ਼ੁਰੂ ਹੋਇਆ ਸੀ।
ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ। ਮਾਮਲਾ ਦਰਜ ਕਰਕੇ ਹਮਲਾਵਰਾਂ ਦੀ ਪਛਾਣ ਲਈ ਤਫ਼ਤੀਸ਼ ਜਾਰੀ ਹੈ। ਇਸ ਘਟਨਾ ਨਾਲ ਪਿੰਡ ਵਿੱਚ ਤਣਾਅ ਦਾ ਮਾਹੌਲ ਬਣਿਆ ਹੋਇਆ ਹੈ।





