ਚੰਡੀਗੜ੍ਹ ਤੋਂ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਦੇ ਹਿੱਤ ਵਿੱਚ ਇੱਕ ਮਹੱਤਵਪੂਰਨ ਫੈਸਲਾ ਲਿਆ ਗਿਆ ਹੈ। ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਵਰ੍ਹੇ ਨੂੰ ਸਮਰਪਿਤ ਕਰਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਅਤੇ ਬਾਰਵੀਂ ਜਮਾਤ ਵਿੱਚ ਅਸਫਲ ਰਹੇ ਵਿਦਿਆਰਥੀਆਂ ਲਈ ਇਕ ਯਕਮੁਸ਼ਤ ਵਿਸ਼ੇਸ਼ ਮੌਕਾ ਦਿੱਤਾ ਜਾ ਰਿਹਾ ਹੈ।

ਇਸ ਸੰਬੰਧੀ ਐਲਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮਾਰਚ 2010 ਤੋਂ ਬਾਅਦ ਬੋਰਡ ਦੀਆਂ ਪ੍ਰੀਖਿਆਵਾਂ ਵਿੱਚ ਬੈਠੇ ਪਰ ਪਾਸ ਨਾ ਹੋ ਸਕੇ ਵਿਦਿਆਰਥੀ ਇਸ ਮੌਕੇ ਦਾ ਲਾਭ ਲੈ ਸਕਣਗੇ। ਇਹ ਸਹੂਲਤ ਉਹਨਾਂ ਲਈ ਹੋਵੇਗੀ ਜਿਨ੍ਹਾਂ ਨੇ ਘੱਟੋ-ਘੱਟ ਇੱਕ ਵਿਸ਼ਾ ਪਾਸ ਕੀਤਾ ਹੋਵੇ।

ਸਿੱਖਿਆ ਮੰਤਰੀ ਦੇ ਅਨੁਸਾਰ ਇਸ ਯੋਜਨਾ ਤਹਿਤ ਵਿਦਿਆਰਥੀਆਂ ਨੂੰ ਆਪਣਾ ਬੋਰਡ ਸਰਟੀਫਿਕੇਟ ਪ੍ਰਾਪਤ ਕਰਨ ਦਾ ਇੱਕ ਆਖਰੀ ਮੌਕਾ ਮਿਲੇਗਾ, ਜਿਸ ਨਾਲ ਉਹ ਆਪਣੇ ਭਵਿੱਖ ਨੂੰ ਨਵੀਂ ਦਿਸ਼ਾ ਦੇ ਸਕਣਗੇ। ਇਸ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ 27 ਅਪ੍ਰੈਲ 2026 ਤੋਂ ਸ਼ੁਰੂ ਹੋਵੇਗੀ, ਜਦਕਿ ਪ੍ਰੀਖਿਆਵਾਂ 15 ਜੁਲਾਈ 2026 ਤੋਂ ਆਯੋਜਿਤ ਕੀਤੀਆਂ ਜਾਣਗੀਆਂ।

ਵਿਸਥਾਰਪੂਰਵਕ ਜਾਣਕਾਰੀ, ਵਿਸ਼ਾ-ਵਾਰ ਪਾਠਕ੍ਰਮ ਅਤੇ ਅਰਜ਼ੀ ਦੇਣ ਲਈ ਸਾਰੇ ਨਿਰਦੇਸ਼ ਬੋਰਡ ਦੀ ਅਧਿਕਾਰਤ ਵੈੱਬਸਾਈਟ ‘ਤੇ ਉਪਲਬਧ ਕਰਵਾਏ ਜਾਣਗੇ। ਇਸ ਤੋਂ ਇਲਾਵਾ ਵਿਦਿਆਰਥੀ ਆਪਣੇ ਨੇੜਲੇ ਜ਼ਿਲ੍ਹਾ ਸਿੱਖਿਆ ਦਫ਼ਤਰ ਨਾਲ ਵੀ ਸੰਪਰਕ ਕਰ ਸਕਦੇ ਹਨ।

ਸਿੱਖਿਆ ਮੰਤਰੀ ਨੇ ਕਿਹਾ ਕਿ ਇਹ ਪਹਿਲ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਵੱਲੋਂ ਦਰਸਾਏ ਦਇਆ ਅਤੇ ਨਿਆਂ ਦੇ ਮੂਲ ਸਿਧਾਂਤਾਂ ਤੋਂ ਪ੍ਰੇਰਿਤ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਿੱਖਿਆ ਪ੍ਰਾਪਤ ਕਰਨ ਲਈ ਕਦੇ ਵੀ ਦੇਰੀ ਨਹੀਂ ਹੁੰਦੀ ਅਤੇ ਹਰ ਵਿਦਿਆਰਥੀ ਨੂੰ ਆਪਣਾ ਸੁਪਨਾ ਪੂਰਾ ਕਰਨ ਦਾ ਹੱਕ ਹੈ।

ਇਹ ਫੈਸਲਾ ਉਹਨਾਂ ਹਜ਼ਾਰਾਂ ਵਿਦਿਆਰਥੀਆਂ ਲਈ ਉਮੀਦ ਦੀ ਨਵੀਂ ਕਿਰਨ ਸਾਬਤ ਹੋ ਸਕਦਾ ਹੈ, ਜੋ ਕਿਸੇ ਕਾਰਨ ਕਰਕੇ ਆਪਣੀ ਪੜ੍ਹਾਈ ਪੂਰੀ ਨਹੀਂ ਕਰ ਸਕੇ ਸਨ ਅਤੇ ਹੁਣ ਮੁੜ ਇਕ ਵਾਰ ਆਪਣੇ ਭਵਿੱਖ ਨੂੰ ਸੰਵਾਰ ਸਕਣਗੇ।