ਅਸਾਮ ਦੇ ਡਿਬਰੂਗੜ੍ਹ ਤੋਂ ਜੁੜੇ ਮਾਮਲੇ ਵਿੱਚ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਅੱਜ ਮੁੜ ਅਦਾਲਤ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਹੋਣੀ ਹੈ। ਦੋ ਦਿਨਾਂ ਦਾ ਪੁਲਿਸ ਰਿਮਾਂਡ ਅੱਜ ਖ਼ਤਮ ਹੋ ਰਿਹਾ ਹੈ, ਜਿਸ ਕਾਰਨ ਕੇਸ ਵਿੱਚ ਅਗਲੇ ਕਦਮਾਂ ‘ਤੇ ਸਭ ਦੀ ਨਜ਼ਰ ਟਿਕੀ ਹੋਈ ਹੈ।
ਇਸ ਤੋਂ ਪਹਿਲਾਂ, ਸ਼ੁੱਕਰਵਾਰ ਨੂੰ ਉਨ੍ਹਾਂ ਨੂੰ ਡਿਬਰੂਗੜ੍ਹ ਦੀ ਅਦਾਲਤ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕੀਤਾ ਗਿਆ ਸੀ। ਇਹ ਮਾਮਲਾ 2024 ਵਿੱਚ ਡਿਬਰੂਗੜ੍ਹ ਕੇਂਦਰੀ ਜੇਲ੍ਹ ਦੇ ਉੱਚ ਸੁਰੱਖਿਆ ਸੈੱਲ ਵਿੱਚੋਂ ਗੈਰਕਾਨੂੰਨੀ ਇਲੈਕਟ੍ਰਾਨਿਕ ਉਪਕਰਨਾਂ ਦੀ ਬਰਾਮਦਗੀ ਨਾਲ ਸੰਬੰਧਿਤ ਹੈ। ਅਦਾਲਤੀ ਕਾਰਵਾਈ ਦੌਰਾਨ ਦੋ ਗਵਾਹਾਂ ਦੇ ਬਿਆਨ ਦਰਜ ਕੀਤੇ ਗਏ, ਜਿਸ ਨਾਲ ਕੁੱਲ ਗਵਾਹਾਂ ਦੀ ਗਿਣਤੀ ਤਿੰਨ ਹੋ ਗਈ ਹੈ।
ਮਾਮਲੇ ਦੀ ਜਾਂਚ ਅਨੁਸਾਰ 17 ਫਰਵਰੀ 2024 ਨੂੰ ਜੇਲ੍ਹ ਪ੍ਰਸ਼ਾਸਨ ਵੱਲੋਂ ਸਪਾਈ ਕੈਮਰਾ ਪੈਨ, ਸਿਮ ਕਾਰਡ ਵਾਲੇ ਸਮਾਰਟਫੋਨ, ਕੀਪੈਡ ਫੋਨ, ਪੈਨ ਡਰਾਈਵ, ਬਲੂਟੁੱਥ ਉਪਕਰਨਾਂ ਅਤੇ ਹੋਰ ਸਾਮਾਨ ਬਰਾਮਦ ਕੀਤਾ ਗਿਆ ਸੀ। ਇਸ ਬਰਾਮਦਗੀ ਤੋਂ ਬਾਅਦ ਕੇਸ ਦਰਜ ਕੀਤਾ ਗਿਆ ਅਤੇ ਤਤਕਾਲੀ ਜੇਲ੍ਹ ਅਧਿਕਾਰੀ ਨਿਪੇਨ ਦਾਸ ਨੂੰ ਵੀ ਗ੍ਰਿਫ਼ਤਾਰ ਕਰਕੇ ਕਾਨੂੰਨੀ ਕਾਰਵਾਈ ਕੀਤੀ ਗਈ।
ਅੰਮ੍ਰਿਤਪਾਲ ਦੇ ਨਾਲ ਜੁੜੇ ਹੋਰ ਨੌਂ ਸਾਥੀਆਂ ਨੂੰ ਵੀ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿਨ੍ਹਾਂ ਨੂੰ ਬਾਅਦ ਵਿੱਚ ਪੰਜਾਬ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਭੇਜਿਆ ਗਿਆ ਸੀ। ਸੁਣਵਾਈ ਦੌਰਾਨ ਅਦਾਲਤ ਨੇ ਮਾਮਲੇ ਦੀ ਅਗਲੀ ਕਾਰਵਾਈ ਜਾਰੀ ਰੱਖੀ।
ਅੰਮ੍ਰਿਤਪਾਲ ਦੀ ਵਕੀਲ ਜਸਬੀਰ ਕੌਰ ਦੇ ਮੁਤਾਬਕ, ਉੱਚ ਅਦਾਲਤ ਦੀ ਇਜਾਜ਼ਤ ਨਾਲ ਪੂਰੀ ਸੁਣਵਾਈ ਵੀਡੀਓ ਕਾਨਫਰੰਸਿੰਗ ਰਾਹੀਂ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਉਨ੍ਹਾਂ ਨੂੰ ਮੁੜ ਡਿਬਰੂਗੜ੍ਹ ਕੇਂਦਰੀ ਜੇਲ੍ਹ ਭੇਜਿਆ ਜਾ ਸਕਦਾ ਹੈ।
ਇਸਦੇ ਨਾਲ ਹੀ, 2023 ਦੇ ਅਜਨਾਲਾ ਥਾਣੇ ‘ਤੇ ਹਮਲੇ ਨਾਲ ਜੁੜੇ ਮਾਮਲੇ ਵਿੱਚ ਵੀ ਅੱਜ ਅਹਿਮ ਸੁਣਵਾਈ ਹੋਣੀ ਹੈ। ਇਸ ਕੇਸ ਵਿੱਚ ਅੰਮ੍ਰਿਤਪਾਲ ਸਮੇਤ 41 ਮੁਲਜ਼ਮਾਂ ‘ਤੇ ਵੱਖ-ਵੱਖ ਧਾਰਾਵਾਂ ਤਹਿਤ ਦੋਸ਼ ਲੱਗੇ ਹਨ, ਜਿਨ੍ਹਾਂ ਵਿੱਚ ਬੈਰੀਕੇਡ ਤੋੜ ਕੇ ਥਾਣੇ ਵਿੱਚ ਦਾਖਲ ਹੋਣ ਅਤੇ ਪੁਲਿਸ ਨਾਲ ਝੜਪ ਦੇ ਇਲਜ਼ਾਮ ਸ਼ਾਮਲ ਹਨ।
ਗੌਰਤਲਬ ਹੈ ਕਿ ਰਾਸ਼ਟਰੀ ਸੁਰੱਖਿਆ ਕਾਨੂੰਨ ਤਹਿਤ ਨਜ਼ਰਬੰਦੀ ਖ਼ਤਮ ਹੋਣ ਤੋਂ ਬਾਅਦ ਪੰਜਾਬ ਪੁਲਿਸ ਨੇ ਉਨ੍ਹਾਂ ਖ਼ਿਲਾਫ਼ ਦਰਜ ਮਾਮਲਿਆਂ ਵਿੱਚ ਕਾਰਵਾਈ ਤੇਜ਼ ਕਰ ਦਿੱਤੀ ਹੈ। ਅੱਜ ਦੀ ਪੇਸ਼ੀ ਨਾਲ ਕੇਸ ਵਿੱਚ ਅਗਲਾ ਰੁਖ ਸਾਫ਼ ਹੋਣ ਦੀ ਸੰਭਾਵਨਾ ਹੈ।
Mp Amritpal Singh s 2 day Police Remand Will End He Will Be Presented In Court Again Through Video Conferencing
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)