ਪੰਜਾਬ ਵਿੱਚ ਵਧ ਰਹੇ ਬਿਜਲੀ ਸੰਕਟ ਅਤੇ ਲੰਬੇ ਲੰਬੇ ਕੱਟਾਂ ਕਾਰਨ ਪੈਦਾ ਹੋਈ ਗੰਭੀਰ ਸਥਿਤੀ ਨੂੰ ਲੈ ਕੇ ਕਿਰਤੀ ਕਿਸਾਨ ਯੂਨੀਅਨ ਨੇ ਸੂਬਾ ਸਰਕਾਰ ਨੂੰ ਕਟਹਿਰੇ ਵਿੱਚ ਖੜ੍ਹਾ ਕਰ ਦਿੱਤਾ ਹੈ। ਜੱਥੇਬੰਦੀ ਨੇ ਦੋਸ਼ ਲਾਇਆ ਹੈ ਕਿ ਸਰਕਾਰ ਦੇ ਬਿਜਲੀ ਸਰਪਲਸ ਹੋਣ ਦੇ ਦਾਅਵੇ ਪੂਰੀ ਤਰ੍ਹਾਂ ਖੋਖਲੇ ਸਾਬਤ ਹੋਏ ਹਨ ਅਤੇ ਲੋਕ ਗਰਮੀ ਦੇ ਮੌਸਮ ਵਿੱਚ ਬੇਹੱਦ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ।
ਜੱਥੇਬੰਦੀ ਨੇ ਐਲਾਨ ਕੀਤਾ ਹੈ ਕਿ ਉਹ 28 ਅਪ੍ਰੈਲ ਨੂੰ ਬਿਜਲੀ ਬੋਰਡ ਦੇ ਚੇਅਰਮੈਨ ਨਾਲ ਮੁਲਾਕਾਤ ਕਰਕੇ ਮਸਲੇ ਨੂੰ ਉਠਾਏਗੀ। ਇਸ ਲਈ ਸਮਾਂ ਲੈਣ ਵਾਸਤੇ ਸੰਪਰਕ ਵੀ ਕੀਤਾ ਗਿਆ ਹੈ। ਇਹ ਫੈਸਲਾ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ ਦੀ ਅਗਵਾਈ ਹੇਠ ਹੋਈ ਸੂਬਾ ਕਮੇਟੀ ਦੀ ਮੀਟਿੰਗ ਵਿੱਚ ਕੀਤਾ ਗਿਆ, ਜਿੱਥੇ ਬਿਜਲੀ ਸੰਕਟ ਉੱਤੇ ਵਿਸਥਾਰ ਨਾਲ ਚਰਚਾ ਕੀਤੀ ਗਈ।
ਕਿਰਤੀ ਕਿਸਾਨ ਯੂਨੀਅਨ ਨੇ ਇਹ ਵੀ ਫੈਸਲਾ ਕੀਤਾ ਹੈ ਕਿ ਕੇਂਦਰ ਸਰਕਾਰ ਵੱਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਨਿਯਮਾਂ ਵਿੱਚ ਕੀਤੀ ਸੋਧ ਅਤੇ ਪੰਜਾਬ ਦੀ ਸਥਾਈ ਮੈਂਬਰੀ ਖਤਮ ਕਰਨ ਦੇ ਨੋਟੀਫਿਕੇਸ਼ਨ ਨੂੰ ਰੱਦ ਕਰਵਾਉਣ ਲਈ 15 ਮਈ ਨੂੰ ਗਵਰਨਰ ਹਾਊਸ ਵੱਲ ਸੰਯੁਕਤ ਕਿਸਾਨ ਮੋਰਚੇ ਦੇ ਪ੍ਰਦਰਸ਼ਨ ਵਿੱਚ ਹਜ਼ਾਰਾਂ ਕਿਸਾਨਾਂ ਸਮੇਤ ਭਾਗ ਲਿਆ ਜਾਵੇਗਾ।
ਜੱਥੇਬੰਦੀ ਦੇ ਆਗੂ ਰਜਿੰਦਰ ਸਿੰਘ ਦੀਪ ਸਿੰਘ ਵਾਲਾ ਅਤੇ ਰਾਮਿੰਦਰ ਸਿੰਘ ਪਟਿਆਲਾ ਨੇ ਕਿਹਾ ਕਿ ਅਚਾਨਕ ਵਧੀ ਗਰਮੀ ਕਾਰਨ ਬਿਜਲੀ ਦੀ ਮੰਗ ਵਿੱਚ ਭਾਰੀ ਵਾਧਾ ਹੋਇਆ ਹੈ, ਜਿਸ ਨੂੰ ਪੂਰਾ ਕਰਨ ਵਿੱਚ ਸਰਕਾਰ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ਘਰੇਲੂ ਖਪਤਕਾਰ ਲੰਬੇ ਕੱਟਾਂ ਕਾਰਨ ਸੜਕਾਂ ’ਤੇ ਉਤਰਣ ਲਈ ਮਜਬੂਰ ਹੋ ਰਹੇ ਹਨ ਅਤੇ ਬਿਜਲੀ ਘਰਾਂ ਅੱਗੇ ਰੋਸ ਪ੍ਰਗਟ ਕਰ ਰਹੇ ਹਨ।
ਆਗੂਆਂ ਨੇ ਦੱਸਿਆ ਕਿ ਕਣਕ ਦੀ ਵਾਢੀ ਲਗਭਗ ਮੁਕੰਮਲ ਹੋ ਚੁੱਕੀ ਹੈ, ਫਿਰ ਵੀ ਖੇਤੀ ਸੈਕਟਰ ਲਈ ਬਿਜਲੀ ਕੱਟ ਜਾਰੀ ਹਨ, ਜੋ ਚਿੰਤਾਜਨਕ ਹੈ। ਉਨ੍ਹਾਂ ਸਵਾਲ ਉਠਾਇਆ ਕਿ ਜੇ ਹੁਣ ਇਹ ਹਾਲਾਤ ਹਨ ਤਾਂ ਝੋਨੇ ਦੇ ਸੀਜ਼ਨ ਦੌਰਾਨ ਸਥਿਤੀ ਹੋਰ ਵੀ ਭਿਆਨਕ ਹੋ ਸਕਦੀ ਹੈ।
ਯੂਨੀਅਨ ਨੇ ਮੰਗ ਕੀਤੀ ਹੈ ਕਿ ਖੇਤੀ ਸੈਕਟਰ ਨੂੰ ਘੱਟੋ ਘੱਟ ਅੱਠ ਘੰਟੇ ਅਤੇ ਘਰੇਲੂ ਖਪਤਕਾਰਾਂ ਨੂੰ ਚੌਵੀ ਘੰਟੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ, ਤਾਂ ਜੋ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਤੋਂ ਰਾਹਤ ਮਿਲ ਸਕੇ।
Power Crisis In Punjab Opens The Door To Surplus Claims Kirti Kisan Union Launches Strong Attack On Government
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)