ਲੁਧਿਆਣਾ ਵਿਖੇ ਗੁਰੂ ਨਾਨਕ ਭਵਨ ਵਿੱਚ ਹੋਈ ਕਾਰਜਕਾਰਨੀ ਮੀਟਿੰਗ ਦੌਰਾਨ ਆਮ ਆਦਮੀ ਪਾਰਟੀ ਨੇ ਕੇਂਦਰ ਸਰਕਾਰ ਅਤੇ ਭਾਜਪਾ ‘ਤੇ ਪੰਜਾਬ ਵਿੱਚ ਸਿਆਸੀ ਦਬਾਅ ਅਤੇ ਵੋਟਰਾਂ ਦੇ ਅਧਿਕਾਰਾਂ ਨਾਲ ਖੇਡਣ ਦੇ ਗੰਭੀਰ ਦੋਸ਼ ਲਗਾਏ। ਮੀਟਿੰਗ ਵਿੱਚ ਪੰਜਾਬ ਦੇ ਸਾਰੇ ਵਿਧਾਇਕਾਂ ਨੂੰ ਸੱਦਾ ਦਿੱਤਾ ਗਿਆ ਸੀ ਅਤੇ ਮੁੱਖ ਚਰਚਾ ਵਿਸ਼ਾ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸੀ। ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਕਿਹਾ ਕਿ ਭਾਜਪਾ ਪੰਜਾਬ ਵਿੱਚ ਈਡੀ ਅਤੇ ਸੀਬੀਆਈ ਵਰਗੀਆਂ ਏਜੰਸੀਆਂ ਰਾਹੀਂ ਆਪਣਾ ਸਿਆਸੀ ਅਜੰਡਾ ਚਲਾ ਰਹੀ ਹੈ ਅਤੇ ਹੁਣ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦੇ ਜ਼ਰੀਏ ਲੱਖਾਂ ਵੋਟਾਂ ਕੱਟਣ ਦੀ ਤਿਆਰੀ ਕੀਤੀ ਜਾ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਕਿਸੇ ਵੀ ਨਾਗਰਿਕ ਦੇ ਵੋਟ ਦੇ ਅਧਿਕਾਰ ਨੂੰ ਖਤਮ ਨਹੀਂ ਹੋਣ ਦੇਵੇਗੀ ਅਤੇ ਇਸ ਮਾਮਲੇ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ।
ਸਿਸੋਦੀਆ ਨੇ ਭਾਜਪਾ ਨੂੰ ਪੰਜਾਬ ਵਿਰੋਧੀ ਪਾਰਟੀ ਕਰਾਰ ਦਿੰਦਿਆਂ ਕਿਹਾ ਕਿ ਜਦੋਂ ਵੀ ਮੌਕਾ ਮਿਲਦਾ ਹੈ, ਪੰਜਾਬ ਦੇ ਹੱਕਾਂ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਉਨ੍ਹਾਂ ਚੰਡੀਗੜ੍ਹ, ਭਾਖੜਾ ਬੰਨ੍ਹ ਅਤੇ ਪੰਜਾਬ ਯੂਨੀਵਰਸਿਟੀ ਵਰਗੇਮਸਲਿਆਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਹੁਣ ਪੰਜਾਬੀਆਂ ਦੀਆਂ ਵੋਟਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਇਸਦਾ ਕਰਾਰਾ ਜਵਾਬ ਦੇਣਗੇ। ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਗ੍ਰਿਫ਼ਤਾਰੀ ਸਬੰਧੀ ਸਿਸੋਦੀਆ ਨੇ ਕਿਹਾ ਕਿ ਅਰੋੜਾ ਦਬਾਅ ਅੱਗੇ ਝੁਕਣ ਵਾਲੇ ਨਹੀਂ ਹਨ। ਉਨ੍ਹਾਂ ਦਾ ਕਹਿਣਾ ਸੀ ਕਿ ਕੇਂਦਰ ਸਰਕਾਰ ਵੱਲੋਂ ਇਮਾਨਦਾਰ ਲੋਕਾਂ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ, ਪਰ ਕੁਝ ਲੋਕ ਆਪਣੇ ਸਿਧਾਂਤਾਂ ‘ਤੇ ਡਟੇ ਰਹਿੰਦੇ ਹਨ।
ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਭਾਜਪਾ ਨੂੰ ਇਹ ਅਹਿਸਾਸ ਹੋ ਚੁੱਕਾ ਹੈ ਕਿ ਉਹ ਪੰਜਾਬ ਨੂੰ ਸਿੱਧੇ ਤੌਰ ‘ਤੇ ਨਹੀਂ ਜਿੱਤ ਸਕਦੀ, ਇਸ ਲਈ ਚੋਣ ਪ੍ਰਕਿਰਿਆ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦੇ ਨਾਂ ‘ਤੇ ਵੋਟਾਂ ਕੱਟਣ ਅਤੇ ਜਾਲਸਾਜ਼ੀ ਵਾਲੀਆਂ ਵੋਟਾਂ ਬਣਾਉਣ ਦੀ ਯੋਜਨਾ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਲੋਕ ਇਸ ਯਤਨ ਨੂੰ ਕਾਮਯਾਬ ਨਹੀਂ ਹੋਣ ਦੇਣਗੇ। ਤੇਲ ਦੀਆਂ ਵਧ ਰਹੀਆਂ ਕੀਮਤਾਂ ‘ਤੇ ਅਮਨ ਅਰੋੜਾ ਨੇ ਕੇਂਦਰ ਸਰਕਾਰ ਨੂੰ ਨਿਸ਼ਾਨੇ ‘ਤੇ ਲੈਂਦਿਆਂ ਕਿਹਾ ਕਿ ਸਰਕਾਰ ਹਰ ਮੋਰਚੇ ‘ਤੇ ਅਸਫਲ ਹੋ ਚੁੱਕੀ ਹੈ। ਰਾਜ ਸਭਾ ਮੈਂਬਰ ਰਵਨੀਤ ਬਿੱਟੂ ਦੇ ਬਿਆਨ ‘ਤੇ ਪ੍ਰਤੀਕਿਰਿਆ ਦਿੰਦਿਆਂ ਉਨ੍ਹਾਂ ਕਿਹਾ ਕਿ ਜਾਂਚ ਏਜੰਸੀਆਂ ਦਾ ਵਰਤੋਂ ਕਰਕੇ ਵਿਰੋਧੀਆਂ ਨੂੰ ਨਿਸ਼ਾਨਾ ਬਣਾਇਆ ਜਾਂਦਾ ਹੈ ਅਤੇ ਬਾਅਦ ਵਿੱਚ ਉਨ੍ਹਾਂ ਨੂੰ ਸੱਤਾਧਾਰੀ ਪਾਰਟੀ ਵਿੱਚ ਸ਼ਾਮਲ ਕਰਵਾ ਲਿਆ ਜਾਂਦਾ ਹੈ।
ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾਂ ਨੇ ਵੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਨੂੰ ਲੋਕਤੰਤਰ ਲਈ ਖ਼ਤਰਨਾਕ ਕਦਮ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਲੋਕਾਂ ਦੇ ਅਧਿਕਾਰਾਂ ਨੂੰ ਕਮਜ਼ੋਰ ਕਰਨ ਦਾ ਇੱਕ ਸਾਧਨ ਬਣ ਸਕਦਾ ਹੈ। ਸੰਧਵਾਂ ਨੇ ਦਾਅਵਾ ਕੀਤਾ ਕਿ ਚੋਣਾਂ ਨੇੜੇ ਆਉਣ ਨਾਲ ਕੇਂਦਰੀ ਏਜੰਸੀਆਂ ਦੀਆਂ ਕਾਰਵਾਈਆਂ ਹੋਰ ਤੇਜ਼ ਹੋਣਗੀਆਂ। ਉਨ੍ਹਾਂ ਤੇਲ ਦੀਆਂ ਕੀਮਤਾਂ ਨੂੰ ਲੈ ਕੇ ਵੀ ਕੇਂਦਰ ਸਰਕਾਰ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਇੱਕ ਪਾਸੇ ਲੋਕਾਂ ਨੂੰ ਖਰਚ ਘਟਾਉਣ ਦੀ ਸਲਾਹ ਦਿੱਤੀ ਜਾ ਰਹੀ ਹੈ, ਜਦਕਿ ਦੂਜੇ ਪਾਸੇ ਸੱਤਾ ਧਾਰੀ ਆਗੂ ਵਿਦੇਸ਼ ਦੌਰਿਆਂ ਵਿੱਚ ਰੁੱਝੇ ਹੋਏ ਹਨ। ਲੁਧਿਆਣਾ ਵਿੱਚ ਹੋਈ ਇਹ ਮੀਟਿੰਗ ਪੰਜਾਬ ਦੀ ਸਿਆਸਤ ਵਿੱਚ ਵਧ ਰਹੇ ਤਣਾਅ ਅਤੇ ਚੋਣੀ ਮਾਹੌਲ ਨੂੰ ਹੋਰ ਗਰਮਾ ਗਈ ਹੈ। ਆਉਣ ਵਾਲੇ ਸਮੇਂ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਅਤੇ ਕੇਂਦਰੀ ਏਜੰਸੀਆਂ ਦੀ ਕਾਰਵਾਈ ਪੰਜਾਬ ਦੀ ਰਾਜਨੀਤੀ ਦਾ ਕੇਂਦਰੀ ਮੁੱਦਾ ਬਣ ਸਕਦੀ ਹੈ।
Political Turmoil Over Punjab Elections Aap Accuses Centre Of Weakening Democracy
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)