ਈ-ਫਾਰਮੇਸੀ ਪ੍ਰਣਾਲੀ ਦੇ ਵਿਰੋਧ ਅਤੇ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਕੈਮਿਸਟ ਐਸੋਸੀਏਸ਼ਨ ਅਤੇ ਆਲ ਇੰਡੀਆ ਆਰਗੇਨਾਈਜ਼ੇਸ਼ਨ ਆਫ ਕੈਮਿਸਟ ਐਂਡ ਡਰੱਗਿਸਟਸ ਦੇ ਸੱਦੇ ’ਤੇ ਅੱਜ ਸੂਬੇ ਭਰ ਵਿੱਚ ਦਵਾਈ ਵਿਕਰੇਤਾਵਾਂ ਵੱਲੋਂ ਵਿਆਪਕ ਹੜਤਾਲ ਕੀਤੀ ਗਈ। ਇਸ ਬੰਦ ਦਾ ਪ੍ਰਭਾਵ ਪੰਜਾਬ ਦੇ ਵੱਡੇ ਸ਼ਹਿਰਾਂ ਸਮੇਤ ਛੋਟੇ ਕਸਬਿਆਂ ਵਿੱਚ ਵੀ ਸਾਫ਼ ਤੌਰ ’ਤੇ ਵੇਖਣ ਨੂੰ ਮਿਲਿਆ, ਜਿੱਥੇ ਜ਼ਿਆਦਾਤਰ ਮੈਡੀਕਲ ਸਟੋਰ ਬੰਦ ਰਹੇ ਅਤੇ ਦਵਾਈਆਂ ਦੀ ਸਪਲਾਈ ਪ੍ਰਭਾਵਿਤ ਹੋਈ। ਲੁਧਿਆਣਾ ਵਿੱਚ ਹੜਤਾਲ ਦਾ ਸਭ ਤੋਂ ਵੱਧ ਅਸਰ ਵੇਖਣ ਨੂੰ ਮਿਲਿਆ। ਪੰਜਾਬ ਦੀ ਸਭ ਤੋਂ ਵੱਡੀ ਦਵਾਈ ਹੋਲਸੇਲ ਮੰਡੀ ਵਜੋਂ ਜਾਣੀ ਜਾਂਦੀ ਪਿੰਡੀ ਗਲੀ ਸਵੇਰੇ ਤੋਂ ਹੀ ਪੂਰੀ ਤਰ੍ਹਾਂ ਸੁੰਨ-ਸਾਨ ਰਹੀ। ਹੋਲਸੇਲ ਮਾਰਕੀਟ ਦੀਆਂ ਸਾਰੀਆਂ ਦੁਕਾਨਾਂ ਬੰਦ ਰਹਿਣ ਕਾਰਨ ਦਵਾਈਆਂ ਦੀ ਆਵਾਜਾਈ ਅਤੇ ਸਪਲਾਈ ਦਾ ਕੰਮ ਪੂਰੀ ਤਰ੍ਹਾਂ ਠੱਪ ਰਿਹਾ। ਵਪਾਰੀਆਂ ਦਾ ਕਹਿਣਾ ਸੀ ਕਿ ਇਹ ਸੰਘਰਸ਼ ਉਨ੍ਹਾਂ ਦੇ ਭਵਿੱਖ ਅਤੇ ਰੋਜ਼ਗਾਰ ਨਾਲ ਜੁੜਿਆ ਹੋਇਆ ਹੈ।
ਇਸੇ ਤਰ੍ਹਾਂ ਜਲੰਧਰ, ਅੰਮ੍ਰਿਤਸਰ, ਪਟਿਆਲਾ, ਮੁਹਾਲੀ ਅਤੇ ਜ਼ੀਰਕਪੁਰ ਵਿੱਚ ਵੀ ਮੈਡੀਕਲ ਸਟੋਰ ਬੰਦ ਰਹੇ। ਅੰਮ੍ਰਿਤਸਰ ਦੇ ਕਟੜਾ ਸ਼ੇਰ ਸਿੰਘ ਦਵਾਈ ਮਾਰਕੀਟ ਵਿੱਚ ਸਾਰੀਆਂ ਦੁਕਾਨਾਂ ਪੂਰੀ ਤਰ੍ਹਾਂ ਬੰਦ ਰਹੀਆਂ, ਜਦਕਿ ਮਜੀਠਾ ਰੋਡ, ਹਾਲ ਬਾਜ਼ਾਰ ਅਤੇ ਲਾਰੈਂਸ ਰੋਡ ਵਰਗੇ ਇਲਾਕਿਆਂ ਵਿੱਚ ਵੀ ਜ਼ਿਆਦਾਤਰ ਮੈਡੀਕਲ ਸਟੋਰਾਂ ’ਤੇ ਤਾਲੇ ਲਟਕਦੇ ਦਿਖਾਈ ਦਿੱਤੇ। ਇਸ ਕਾਰਨ ਆਮ ਲੋਕਾਂ ਨੂੰ ਦਵਾਈਆਂ ਪ੍ਰਾਪਤ ਕਰਨ ਵਿੱਚ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਮੋਗਾ ਜ਼ਿਲ੍ਹੇ ਵਿੱਚ ਵੀ ਸਮੂਹ ਮੈਡੀਕਲ ਸਟੋਰ ਮਾਲਕਾਂ ਨੇ ਆਪਣੀਆਂ ਮੰਗਾਂ ਦੇ ਸਮਰਥਨ ਵਿੱਚ ਦੁਕਾਨਾਂ ਬੰਦ ਕਰਕੇ ਰੋਸ ਪ੍ਰਦਰਸ਼ਨ ਕੀਤਾ। ਕੈਮਿਸਟ ਆਗੂਆਂ ਨੇ ਦੱਸਿਆ ਕਿ ਸਰਕਾਰ ਵੱਲੋਂ ਈ-ਫਾਰਮੇਸੀ ਨੂੰ ਪ੍ਰੋਤਸਾਹਨ ਦੇਣ ਅਤੇ ਜਨ ਔਸ਼ਧੀ ਕੇਂਦਰਾਂ ਨੂੰ ਵੱਡੇ ਪੱਧਰ ’ਤੇ ਛੂਟਾਂ ਦੇਣ ਕਾਰਨ ਪਰੰਪਰਾਗਤ ਦਵਾਈ ਵਿਕਰੇਤਾਵਾਂ ਦੇ ਵਪਾਰ ’ਤੇ ਗੰਭੀਰ ਅਸਰ ਪੈ ਰਿਹਾ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਬਿਨਾਂ ਸਖ਼ਤ ਨਿਯਮਾਂ ਦੇ ਦਵਾਈਆਂ ਦੀ ਆਨਲਾਈਨ ਵਿਕਰੀ ਮਰੀਜ਼ਾਂ ਦੀ ਸਿਹਤ ਲਈ ਵੀ ਖਤਰਾ ਬਣ ਸਕਦੀ ਹੈ।
ਕੈਮਿਸਟ ਐਸੋਸੀਏਸ਼ਨ ਦੇ ਆਗੂਆਂ ਨੇ ਇਹ ਵੀ ਦੋਸ਼ ਲਗਾਇਆ ਕਿ ਸਰਕਾਰ ਵੱਲੋਂ ਕਈ ਅਹਿਮ ਮੰਗਾਂ ਨੂੰ ਲੰਬੇ ਸਮੇਂ ਤੋਂ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦੀ ਕੋਈ ਢੁੱਕਵਾਂ ਹੱਲ ਨਾ ਕੱਢਿਆ ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾ ਸਕਦਾ ਹੈ। ਉੱਧਰ ਹੜਤਾਲ ਕਾਰਨ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਕਈ ਲੋਕ ਦਵਾਈਆਂ ਲਈ ਇੱਕ ਤੋਂ ਦੂਜੇ ਇਲਾਕੇ ਵਿੱਚ ਭਟਕਦੇ ਰਹੇ। ਖਾਸ ਕਰਕੇ ਰੋਜ਼ਾਨਾ ਦਵਾਈ ਲੈਣ ਵਾਲੇ ਮਰੀਜ਼ਾਂ ਲਈ ਇਹ ਸਥਿਤੀ ਚਿੰਤਾ ਦਾ ਕਾਰਨ ਬਣੀ ਰਹੀ।
Medical Stores Across Punjab Closed Health Services Affected Due To State wide Strike By Chemists
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)