ਜ਼ਿਲ੍ਹਾ ਮੁਕਤਸਰ ਵਿੱਚ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ। ਮੁਕਤਸਰ, ਮਲੋਟ ਅਤੇ ਗਿੱਦੜਬਾਹਾ ਵਿੱਚ ਹੋ ਰਹੀਆਂ ਚੋਣਾਂ ਲਈ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਵਿਆਪਕ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਵੋਟਿੰਗ ਪ੍ਰਕਿਰਿਆ ਸ਼ਾਂਤੀਪੂਰਵਕ ਅਤੇ ਪਾਰਦਰਸ਼ੀ ਢੰਗ ਨਾਲ ਪੂਰੀ ਕੀਤੀ ਜਾ ਸਕੇ। ਜ਼ਿਲ੍ਹਾ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਸੋਮਵਾਰ ਨੂੰ ਪੋਲਿੰਗ ਪਾਰਟੀਆਂ ਦੇ ਰਵਾਨਾ ਹੋਣ ਤੋਂ ਪਹਿਲਾਂ ਸਾਰੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਦਿੱਤੇ। ਜਾਣਕਾਰੀ ਅਨੁਸਾਰ ਜ਼ਿਲ੍ਹੇ ਵਿੱਚ ਕੁੱਲ 187 ਪੋਲਿੰਗ ਬੂਥ ਸਥਾਪਿਤ ਕੀਤੇ ਗਏ ਹਨ, ਜਿਨ੍ਹਾਂ ਵਿੱਚ ਮੁਕਤਸਰ ਦੇ 31 ਵਾਰਡਾਂ ਲਈ 85 ਬੂਥ, ਗਿੱਦੜਬਾਹਾ ਦੇ 19 ਵਾਰਡਾਂ ਲਈ 41 ਬੂਥ ਅਤੇ ਮਲੋਟ ਦੇ 27 ਵਾਰਡਾਂ ਲਈ 61 ਬੂਥ ਸ਼ਾਮਲ ਹਨ। ਵੋਟਿੰਗ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਹੋਵੇਗੀ। ਚੋਣ ਪ੍ਰਕਿਰਿਆ ਦੀ ਨਿਗਰਾਨੀ ਲਈ ਬੂਥਾਂ ‘ਤੇ ਕੈਮਰੇ ਲਗਾਏ ਗਏ ਹਨ ਅਤੇ ਪੂਰੀ ਵੀਡੀਓਗ੍ਰਾਫੀ ਕੀਤੀ ਜਾ ਰਹੀ ਹੈ।
ਇਸ ਚੋਣ ਵਿੱਚ ਕੁੱਲ 436 ਉਮੀਦਵਾਰ ਮੈਦਾਨ ਵਿੱਚ ਹਨ, ਜਦੋਂ ਕਿ 1 ਲੱਖ 77 ਹਜ਼ਾਰ 586 ਵੋਟਰ ਆਪਣੇ ਮਤ ਦੇ ਅਧਿਕਾਰ ਦਾ ਇਸਤੇਮਾਲ ਕਰਨਗੇ। ਇਨ੍ਹਾਂ ਵਿੱਚ 93,100 ਪੁਰਸ਼, 84,476 ਮਹਿਲਾਵਾਂ ਅਤੇ 10 ਟ੍ਰਾਂਸਜੈਂਡਰ ਵੋਟਰ ਸ਼ਾਮਲ ਹਨ। ਪ੍ਰਸ਼ਾਸਨ ਵੱਲੋਂ ਵੋਟਰਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਬਿਨਾਂ ਡਰ, ਦਬਾਅ ਜਾਂ ਲਾਲਚ ਤੋਂ ਵੋਟ ਪਾਉਣ। ਸਬ-ਡਿਵੀਜ਼ਨਲ ਮੈਜਿਸਟ੍ਰੇਟ ਗੁਰਕਿਰਨਦੀਪ ਸਿੰਘ ਸਿੱਧੂ ਨੇ ਵੋਟਰਾਂ ਨੂੰ ਕਿਹਾ ਹੈ ਕਿ ਉਹ ਵੋਟ ਪਾਉਣ ਸਮੇਂ ਵੋਟਰ ਕਾਰਡ ਅਤੇ ਆਧਾਰ ਕਾਰਡ ਨਾਲ ਲੈ ਕੇ ਆਉਣ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਤੋਂ ਬਚਿਆ ਜਾ ਸਕੇ।
ਉਧਰ ਸੀਨੀਅਰ ਪੁਲਿਸ ਅਧਿਕਾਰੀ ਅਭਿਮਨਿਊ ਰਾਣਾ ਨੇ ਦੱਸਿਆ ਕਿ ਚੋਣਾਂ ਨੂੰ ਸ਼ਾਂਤੀਪੂਰਵਕ ਨੇਪਰੇ ਚਾੜ੍ਹਨ ਲਈ ਜ਼ਿਲ੍ਹੇ ਵਿੱਚ ਲਗਭਗ 1500 ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਸਿਟੀ ਸੀਲਿੰਗ, ਨਾਕਾਬੰਦੀ, ਪੈਟਰੋਲਿੰਗ ਪਾਰਟੀਆਂ ਅਤੇ ਰਾਤਰੀ ਗਸ਼ਤ ਲਗਾਤਾਰ ਜਾਰੀ ਰਹੇਗੀ। ਇਸ ਤੋਂ ਇਲਾਵਾ ਅੰਤਰ-ਜ਼ਿਲ੍ਹਾ ਅਤੇ ਅੰਤਰ-ਰਾਜ ਨਾਕਿਆਂ ‘ਤੇ ਵੀ ਸਖ਼ਤ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਹਰ ਬੂਥ ‘ਤੇ ਪੁਲਿਸ ਦੀ ਡਿਊਟੀ ਲਗਾਈ ਗਈ ਹੈ। ਪ੍ਰਸ਼ਾਸਨ ਨੇ ਸਪਸ਼ਟ ਕੀਤਾ ਹੈ ਕਿ ਕਿਸੇ ਵੀ ਤਰ੍ਹਾਂ ਦੀ ਗੜਬੜ ਜਾਂ ਅਮਨ ਭੰਗ ਕਰਨ ਦੀ ਕੋਸ਼ਿਸ਼ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
Full Preparations For The Municipal Council Elections In Muktsar District Complete Tight Security Deployed At 187 Booths
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)