ਪਿੰਡ ਝੋਰੜ ਵਿੱਚ ਮੋਬਾਈਲ ਖੋਹ ਦੇ ਮਾਮਲੇ ਤੋਂ ਬਾਅਦ ਦੋ ਨੌਜਵਾਨਾਂ ਨਾਲ ਕਥਿਤ ਤੌਰ ‘ਤੇ ਬੇਰਹਿਮੀ, ਬੇਇੱਜਤੀ ਅਤੇ ਅਣਮਨੁੱਖੀ ਵਿਵਹਾਰ ਕਰਨ ਦੇ ਗੰਭੀਰ ਮਾਮਲੇ ਨੇ ਤੂਲ ਪਕੜ ਲਿਆ ਹੈ। ਪੁਲਿਸ ਨੇ ਇਸ ਘਟਨਾ ਵਿੱਚ 4 ਨਾਮਜ਼ਦ ਅਤੇ 7 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਐੱਸਸੀ ਐਕਟ ਅਤੇ ਭਾਰਤੀ ਨਿਆਂ ਸੰਹਿਤਾ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਅਧਿਕਾਰੀਆਂ ਅਨੁਸਾਰ ਇਹ ਮਾਮਲਾ ਉਸ ਵੇਲੇ ਸ਼ੁਰੂ ਹੋਇਆ ਜਦੋਂ 6 ਜੂਨ ਨੂੰ ਪਿੰਡ ਝੋਰੜ ਨੇੜੇ ਇੱਕ ਪ੍ਰਵਾਸੀ ਵਿਅਕਤੀ ਤੋਂ ਮੋਬਾਈਲ ਫ਼ੋਨ ਖੋਹਿਆ ਗਿਆ ਸੀ। ਇਸ ਮਾਮਲੇ ਵਿੱਚ ਦੋ ਨੌਜਵਾਨਾਂ ਦੀ ਪਛਾਣ ਹੋਣ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਇਸ ਤੋਂ ਬਾਅਦ ਪਿੰਡ ਵਿੱਚ ਤਣਾਅਪੂਰਨ ਹਾਲਾਤ ਬਣ ਗਏ।
ਪੀੜਤ ਪੱਖ ਵੱਲੋਂ ਦਰਜ ਕਰਵਾਏ ਗਏ ਬਿਆਨਾਂ ਅਨੁਸਾਰ ਕੁਝ ਵਿਅਕਤੀਆਂ ਨੇ ਕਥਿਤ ਤੌਰ ‘ਤੇ ਕਾਨੂੰਨ ਆਪਣੇ ਹੱਥ ਵਿੱਚ ਲੈਂਦਿਆਂ ਦੋ ਨੌਜਵਾਨਾਂ ਦੇ ਘਰ ਵਿੱਚ ਦਾਖਲ ਹੋ ਕੇ ਉਨ੍ਹਾਂ ਨਾਲ ਬਦਸਲੂਕੀ ਕੀਤੀ। ਦੋਸ਼ ਹੈ ਕਿ ਉਨ੍ਹਾਂ ਨੂੰ ਜਾਤੀ ਸੂਚਕ ਸ਼ਬਦ ਕਹੇ ਗਏ, ਘਰੋਂ ਘਸੀਟਿਆ ਗਿਆ ਅਤੇ ਬਾਂਹਾਂ ਬੰਨ੍ਹ ਕੇ ਖੇਤਾਂ ਵਿੱਚ ਲਿਜਾਇਆ ਗਿਆ। ਇਸ ਤੋਂ ਇਲਾਵਾ ਗੰਭੀਰ ਦੋਸ਼ਾਂ ਅਨੁਸਾਰ ਦੋਵਾਂ ਨੌਜਵਾਨਾਂ ਨੂੰ ਕੱਪੜਿਆਂ ਤੋਂ ਬਿਨਾਂ ਬੰਨ੍ਹ ਕੇ ਜ਼ਮੀਨ ‘ਤੇ ਸੁੱਟਿਆ ਗਿਆ, ਉਨ੍ਹਾਂ ਨਾਲ ਕੁੱਟਮਾਰ ਕੀਤੀ ਗਈ ਅਤੇ ਰੱਸਿਆਂ ਨਾਲ ਬੰਨ੍ਹ ਕੇ ਘਸੀਟਿਆ ਗਿਆ। ਇਹ ਵੀ ਦਾਅਵਾ ਕੀਤਾ ਗਿਆ ਹੈ ਕਿ ਇਸ ਪੂਰੀ ਘਟਨਾ ਦੀ ਵੀਡੀਓ ਬਣਾਕੇ ਸੋਸ਼ਲ ਮੀਡੀਆ ‘ਤੇ ਵਾਇਰਲ ਕਰ ਦਿੱਤੀ ਗਈ।
ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੁਲਿਸ ਨੇ ਹਰਦੀਪ ਸਿੰਘ, ਅਵਤਾਰ ਸਿੰਘ, ਰਿੰਪਾ ਸਿੰਘ ਅਤੇ ਮਨਪ੍ਰੀਤ ਸਿੰਘ ਸਮੇਤ ਹੋਰ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਨੇ ਦੱਸਿਆ ਹੈ ਕਿ ਵੀਡੀਓ ਫੁਟੇਜ ਅਤੇ ਹੋਰ ਸਬੂਤਾਂ ਦੇ ਆਧਾਰ ‘ਤੇ ਬਾਕੀ ਦੋਸ਼ੀਆਂ ਦੀ ਪਛਾਣ ਕੀਤੀ ਜਾ ਰਹੀ ਹੈ। ਅਧਿਕਾਰੀਆਂ ਮੁਤਾਬਕ ਮਾਮਲੇ ਦੀ ਗੰਭੀਰਤਾ ਨੂੰ ਵੇਖਦਿਆਂ ਵੱਖ-ਵੱਖ ਟੀਮਾਂ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਫਰਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ। ਇਸ ਘਟਨਾ ਤੋਂ ਬਾਅਦ ਪਿੰਡ ਵਿੱਚ ਤਣਾਅ ਦਾ ਮਾਹੌਲ ਬਣਿਆ ਹੋਇਆ ਹੈ।





