ਦਿੜ੍ਹਬਾ ਹਲਕੇ ਵਿੱਚ ਈ.ਟੀ.ਟੀ. ਟੈਟ ਪਾਸ ਅਧਿਆਪਕ ਐਸੋਸੀਏਸ਼ਨ ਜੈ ਸਿੰਘ ਵਾਲਾ ਵੱਲੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਗੌਰਮੈਂਟ ਟੀਚਰਜ਼ ਯੂਨੀਅਨ ਪੰਜਾਬ ਦੇ ਸਹਿਯੋਗ ਨਾਲ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਵਾਅਦਿਆਂ ਖ਼ਿਲਾਫ਼ ਵਿਆਪਕ ਜਾਗਰੂਕਤਾ ਮੁਹਿੰਮ ਚਲਾਈ ਗਈ। ਜਾਣਕਾਰੀ ਅਨੁਸਾਰ ਪਿਛਲੇ ਦਿਨੀਂ ਦਿੜ੍ਹਬਾ ਹਲਕੇ ਦੇ ਦਸ ਪਿੰਡਾਂ ਵਿੱਚ ਪ੍ਰਚਾਰ ਮੁਹਿੰਮ ਚਲਾਉਣ ਅਤੇ ਦਿੜ੍ਹਬਾ ਸ਼ਹਿਰ ਵਿੱਚ ਰਾਤ ਸਮੇਂ ਜਾਗੋ ਕੱਢਣ ਤੋਂ ਬਾਅਦ ਕਰੀਬ 180 ਈ.ਟੀ.ਟੀ. ਅਧਿਆਪਕ ਆਪਣੇ ਪਰਿਵਾਰਾਂ ਸਮੇਤ ਪਿੰਡ ਖੇਤਲਾ ਅਤੇ ਕਾਕੂਵਾਲਾ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਨੇ ਘਰ-ਘਰ ਜਾ ਕੇ ਪ੍ਰਚਾਰ ਕਰਦਿਆਂ ਪੈਂਫਲੇਟ ਵੰਡੇ।
ਇਸ ਦੌਰਾਨ ਅਧਿਆਪਕਾਂ ਅਤੇ ਕਿਸਾਨਾਂ ਵੱਲੋਂ ਪੈਦਲ ਮਾਰਚ ਵੀ ਕੀਤਾ ਗਿਆ ਅਤੇ ਲੋਕਾਂ ਨੂੰ ਸਰਕਾਰੀ ਵਾਅਦਿਆਂ ਦੀ ਹਕੀਕਤ ਬਾਰੇ ਜਾਣੂ ਕਰਵਾਇਆ ਗਿਆ। ਆਗੂਆਂ ਦਾ ਦਾਅਵਾ ਸੀ ਕਿ ਲੋਕਾਂ ਨਾਲ ਕੀਤੇ ਗਏ ਵਾਅਦੇ, ਜਿਨ੍ਹਾਂ ਵਿੱਚ ਨਸ਼ਾ ਮੁਕਤ ਪੰਜਾਬ, ਬੇਰੁਜ਼ਗਾਰਾਂ ਨੂੰ ਨੌਕਰੀਆਂ ਅਤੇ ਕਿਸਾਨਾਂ ਲਈ ਵੱਖ-ਵੱਖ ਭਰੋਸੇ ਸ਼ਾਮਲ ਸਨ, ਅਜੇ ਤੱਕ ਪੂਰੇ ਨਹੀਂ ਹੋਏ। ਸੂਬਾ ਪ੍ਰਧਾਨ ਕਮਲ ਠਾਕੁਰ ਨੇ ਕਿਹਾ ਕਿ ਲੋਕਾਂ ਨੂੰ ਘਰ-ਘਰ ਜਾ ਕੇ ਇਹ ਸਮਝਾਇਆ ਗਿਆ ਕਿ ਸਰਕਾਰ ਵੱਲੋਂ ਕੀਤੇ ਵਾਅਦਿਆਂ ਦੀ ਅਸਲ ਹਕੀਕਤ ਕੀ ਹੈ। ਉਨ੍ਹਾਂ ਅਨੁਸਾਰ ਲੋਕਾਂ ਨੇ ਵੀ ਇਸ ਪ੍ਰਚਾਰ ਨੂੰ ਧਿਆਨ ਨਾਲ ਸੁਣਿਆ ਅਤੇ ਭਵਿੱਖ ਵਿੱਚ ਝੂਠੇ ਵਾਅਦੇ ਕਰਨ ਵਾਲਿਆਂ ਨੂੰ ਸਬਕ ਸਿਖਾਉਣ ਦੀ ਗੱਲ ਕੀਤੀ।
ਇਸ ਦੌਰਾਨ ਪਿੰਡਾਂ ਵਿੱਚ ਵੱਡੀ ਗਿਣਤੀ ਲੋਕ ਚੌਂਕਾਂ ਵਿੱਚ ਇਕੱਠੇ ਹੋ ਕੇ ਅਧਿਆਪਕਾਂ ਦੇ ਵਿਚਾਰ ਸੁਣਦੇ ਨਜ਼ਰ ਆਏ। ਨਾਲ ਹੀ ਪਿੰਡ ਖੇਤਲਾ ਅਤੇ ਕਾਕੂਵਾਲਾ ਦੀਆਂ ਗਲੀਆਂ ਵਿੱਚ ਪੋਸਟਰ ਵੀ ਚਿਪਕਾਏ ਗਏ। ਸੂਬਾ ਜਨਰਲ ਸਕੱਤਰ ਸੋਹਨ ਸਿੰਘ ਨੇ ਦਾਅਵਾ ਕੀਤਾ ਕਿ ਵਿੱਤ ਮੰਤਰੀ ਵੱਲੋਂ ਲੰਬੇ ਸਮੇਂ ਤੋਂ ਮਸਲੇ ਦਾ ਹੱਲ ਨਾ ਕਰਨ ਕਾਰਨ ਸੰਘਰਸ਼ ਜਾਰੀ ਹੈ, ਜਦਕਿ ਸਿੱਖਿਆ ਵਿਭਾਗ ਵੱਲੋਂ ਅਧਿਆਪਕਾਂ ਦੇ ਹੱਕ ਵਿੱਚ ਰਿਪੋਰਟ ਭੇਜੀ ਜਾ ਚੁੱਕੀ ਹੈ। ਕਿਸਾਨ ਆਗੂਆਂ ਨੇ ਵੀ ਇਸ ਮੁਹਿੰਮ ਵਿੱਚ ਹਿੱਸਾ ਲੈਂਦਿਆਂ ਸਰਕਾਰ ਖ਼ਿਲਾਫ਼ ਆਪਣਾ ਸਮਰਥਨ ਜਤਾਇਆ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਅਤੇ ਬਲਾਕ ਆਗੂਆਂ ਸਮੇਤ ਵੱਡੀ ਗਿਣਤੀ ਕਿਸਾਨਾਂ ਨੇ ਇਸ ਪ੍ਰਦਰਸ਼ਨ ਵਿੱਚ ਸ਼ਮੂਲੀਅਤ ਕੀਤੀ।
Joint Campaign By Teachers And Farmers Against The Promises Of The Finance Minister Door to door Campaign In The Villages Of Dirba
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)