ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਏ ਆਦੇਸ਼ਾਂ ਅਤੇ ਮੌਜੂਦਾ ਸਮੇਂ ਸਿੱਖ ਪੰਥ ਨੂੰ ਦਰਪੇਸ਼ ਗੰਭੀਰ ਚੁਣੌਤੀਆਂ ਸਬੰਧੀ ਵਿਚਾਰ-ਵਟਾਂਦਰੇ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 5 ਜੁਲਾਈ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ, ਅੰਮ੍ਰਿਤਸਰ ਵਿਖੇ ਵਿਸ਼ੇਸ਼ ਪੰਥਕ ਇਕੱਤਰਤਾ ਬੁਲਾਈ ਗਈ ਹੈ। ਇਸ ਇਕੱਤਰਤਾ ਨੂੰ ਲੈ ਕੇ ਵੱਖ-ਵੱਖ ਧਾਰਮਿਕ ਆਗੂਆਂ ਅਤੇ ਸੰਤ ਸਮਾਜ ਨਾਲ ਸੰਪਰਕ ਮੁਹਿੰਮ ਵੀ ਸ਼ੁਰੂ ਕਰ ਦਿੱਤੀ ਗਈ ਹੈ। ਇਸੇ ਸਿਲਸਿਲੇ ਤਹਿਤ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਬਰਨਾਲਾ ਪਹੁੰਚੇ। ਇੱਥੇ ਉਨ੍ਹਾਂ ਨੇ ਸੰਤ ਸਮਾਜ ਦੇ ਪ੍ਰਮੁੱਖ ਆਗੂਆਂ ਸੰਤ ਹਾਕਮ ਸਿੰਘ ਅਤੇ ਸੰਤ ਰੇਸ਼ਮ ਸਿੰਘ ਨਾਲ ਵਿਸ਼ੇਸ਼ ਬੈਠਕ ਕਰਕੇ ਪੰਥਕ ਮਾਮਲਿਆਂ 'ਤੇ ਵਿਚਾਰ-ਚਰਚਾ ਕੀਤੀ।
ਬੈਠਕ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ 'ਗੁਰੂ ਦੋਖੀ' ਅਤੇ 'ਖਾਲਸਾ ਪੰਥ ਵਿਰੋਧੀ' ਐਲਾਨੇ ਜਾਣ ਤੋਂ ਬਾਅਦ ਬਣੀ ਸਥਿਤੀ ਬਾਰੇ ਵੀ ਵਿਚਾਰ ਕੀਤਾ ਗਿਆ। ਇਸ ਮੌਕੇ ਸੰਤ ਹਾਕਮ ਸਿੰਘ ਅਤੇ ਸੰਤ ਰੇਸ਼ਮ ਸਿੰਘ ਨੂੰ 5 ਜੁਲਾਈ ਨੂੰ ਅੰਮ੍ਰਿਤਸਰ ਵਿਖੇ ਹੋਣ ਵਾਲੀ ਵਿਸ਼ੇਸ਼ ਪੰਥਕ ਇਕੱਤਰਤਾ ਵਿੱਚ ਸ਼ਮੂਲੀਅਤ ਲਈ ਰਸਮੀ ਸੱਦਾ ਪੱਤਰ ਵੀ ਸੌਂਪਿਆ ਗਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਅਤੇ ਹੁਕਮਨਾਮੇ ਦੇ ਸੰਦੇਸ਼ ਨੂੰ ਪੰਜਾਬ ਦੇ ਹਰ ਪਿੰਡ ਅਤੇ ਹਰ ਘਰ ਤੱਕ ਪਹੁੰਚਾਇਆ ਜਾ ਰਿਹਾ ਹੈ ਤਾਂ ਜੋ ਸੰਗਤ ਨੂੰ ਮੌਜੂਦਾ ਹਾਲਾਤਾਂ ਬਾਰੇ ਜਾਣੂ ਕਰਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ 5 ਜੁਲਾਈ ਦੀ ਇਹ ਇਕੱਤਰਤਾ ਸਮੁੱਚੇ ਪੰਥ ਦੀ ਰਾਏ ਲੈਣ ਅਤੇ ਭਵਿੱਖ ਦੀ ਰਣਨੀਤੀ ਤੈਅ ਕਰਨ ਲਈ ਬਹੁਤ ਮਹੱਤਵਪੂਰਨ ਹੋਵੇਗੀ।
ਧਾਮੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਹੁਕਮ ਹਰ ਸਿੱਖ ਲਈ ਸਰਵਉੱਚ ਹੈ ਅਤੇ ਗੁਰੂ ਘਰ ਜਾਂ ਪੰਥ ਵਿਰੋਧੀ ਗਤੀਵਿਧੀਆਂ ਨੂੰ ਕਿਸੇ ਵੀ ਸੂਰਤ ਵਿੱਚ ਸਵੀਕਾਰ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਵਿਸ਼ਵਾਸ ਜਤਾਇਆ ਕਿ 5 ਜੁਲਾਈ ਦਾ ਇਕੱਠ ਕੌਮ ਦੀ ਇਕਜੁੱਟਤਾ ਅਤੇ ਚੜ੍ਹਦੀ ਕਲਾ ਦਾ ਪ੍ਰਤੀਕ ਬਣੇਗਾ। ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਸੰਤ ਸਮਾਜ ਨੂੰ ਅਪੀਲ ਕੀਤੀ ਕਿ ਉਹ ਆਪਣੇ-ਆਪਣੇ ਖੇਤਰਾਂ ਵਿੱਚੋਂ ਵੱਧ ਤੋਂ ਵੱਧ ਸੰਗਤ ਨੂੰ ਨਾਲ ਲੈ ਕੇ 5 ਜੁਲਾਈ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ, ਅੰਮ੍ਰਿਤਸਰ ਵਿਖੇ ਪਹੁੰਚਣ, ਤਾਂ ਜੋ ਪੰਥਕ ਏਕਤਾ ਦਾ ਮਜ਼ਬੂਤ ਸੰਦੇਸ਼ ਦਿੱਤਾ ਜਾ ਸਕੇ। ਇਸ ਮੌਕੇ ਸੰਤ ਹਾਕਮ ਸਿੰਘ ਅਤੇ ਸੰਤ ਰੇਸ਼ਮ ਸਿੰਘ ਨੇ ਭਰੋਸਾ ਦਿਵਾਇਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹਰ ਆਦੇਸ਼ 'ਤੇ ਪਹਿਰਾ ਦੇਣਾ ਸੰਤ ਸਮਾਜ ਦਾ ਮੁੱਢਲਾ ਫਰਜ਼ ਹੈ। ਉਨ੍ਹਾਂ ਕਿਹਾ ਕਿ 5 ਜੁਲਾਈ ਦੀ ਪੰਥਕ ਇਕੱਤਰਤਾ ਵਿੱਚ ਵੱਡੀ ਗਿਣਤੀ ਵਿੱਚ ਸਾਧੂ-ਸੰਤਾਂ ਅਤੇ ਸੰਗਤ ਸਮੇਤ ਸ਼ਮੂਲੀਅਤ ਯਕੀਨੀ ਬਣਾਈ ਜਾਵੇਗੀ।





