ਪਾਕਿਸਤਾਨ ਦੇ ਸ਼ੇਖੂਪੁਰਾ ਜ਼ਿਲ੍ਹੇ ਦੇ ਫਰੂਖਾਬਾਦ ਸਥਿਤ ਇੱਕ ਇਤਿਹਾਸਕ ਗੁਰਦੁਆਰਾ ਸਾਹਿਬ ਦੀ ਇਮਾਰਤ ਦੇ ਹਿੱਸੇ ਨੂੰ ਢਾਹੇ ਜਾਣ ਦੇ ਦੋਸ਼ਾਂ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਪਾਕਿਸਤਾਨ ਸਰਕਾਰ ਨੂੰ ਸਿੱਖ ਧਾਰਮਿਕ ਅਤੇ ਇਤਿਹਾਸਕ ਵਿਰਾਸਤਾਂ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਇਸ ਮਾਮਲੇ ਵਿੱਚ ਤੁਰੰਤ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪਾਕਿਸਤਾਨ ਵਿੱਚ ਸਿੱਖ ਇਤਿਹਾਸ ਨਾਲ ਜੁੜੇ ਕਈ ਮਹੱਤਵਪੂਰਨ ਗੁਰਦੁਆਰੇ ਅਤੇ ਵਿਰਾਸਤੀ ਅਸਥਾਨ ਮੌਜੂਦ ਹਨ, ਜਿਨ੍ਹਾਂ ਦੀ ਸੰਭਾਲ ਅਤੇ ਸੁਰੱਖਿਆ ਉੱਥੋਂ ਦੀ ਸਰਕਾਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਮਿਲੀ ਜਾਣਕਾਰੀ ਅਨੁਸਾਰ ਫਰੂਖਾਬਾਦ ਦੀ ਮੰਡੀ ਸਕਰਾਨਾ ਵਿੱਚ ਕੁਝ ਲੋਕਾਂ ਨੇ ਗੁਰਦੁਆਰਾ ਸਾਹਿਬ ਦੀ ਜਾਇਦਾਦ 'ਤੇ ਕਬਜ਼ਾ ਕਰਨ ਦੀ ਨੀਅਤ ਨਾਲ ਇਮਾਰਤ ਦੇ ਇੱਕ ਹਿੱਸੇ ਨੂੰ ਢਾਹ ਦਿੱਤਾ।
ਉਨ੍ਹਾਂ ਦੱਸਿਆ ਕਿ ਇਹ ਗੁਰਦੁਆਰਾ ਸਿੰਘ ਸਭਾ ਲਹਿਰ ਦੇ ਸਮੇਂ ਨਾਲ ਸਬੰਧਤ ਇੱਕ ਇਤਿਹਾਸਕ ਅਸਥਾਨ ਹੈ, ਜਿਸ ਨਾਲ ਸਿੱਖ ਇਤਿਹਾਸ ਦੀਆਂ ਅਹਿਮ ਯਾਦਾਂ ਜੁੜੀਆਂ ਹੋਈਆਂ ਹਨ। ਅਜਿਹੀਆਂ ਵਿਰਾਸਤਾਂ ਨੂੰ ਸੁਰੱਖਿਅਤ ਰੱਖਣਾ ਸਥਾਨਕ ਪ੍ਰਸ਼ਾਸਨ ਅਤੇ ਸਰਕਾਰ ਦਾ ਫਰਜ਼ ਹੈ, ਨਾ ਕਿ ਉਨ੍ਹਾਂ ਨੂੰ ਨੁਕਸਾਨ ਪਹੁੰਚਾ ਕੇ ਇਤਿਹਾਸਕ ਪਛਾਣ ਨੂੰ ਮਿਟਾਇਆ ਜਾਵੇ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਪਾਕਿਸਤਾਨ ਸਰਕਾਰ ਅਤੇ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਦੀ ਤੁਰੰਤ, ਨਿਰਪੱਖ ਅਤੇ ਵਿਸਥਾਰਪੂਰਵਕ ਜਾਂਚ ਕਰਵਾਈ ਜਾਵੇ। ਨਾਲ ਹੀ, ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਕੇ ਗੁਰਦੁਆਰਾ ਸਾਹਿਬ ਦੀ ਇਤਿਹਾਸਕ ਪਹਿਚਾਣ ਨੂੰ ਬਰਕਰਾਰ ਰੱਖਦਿਆਂ ਇਸ ਦੀ ਮੁੜ ਉਸਾਰੀ ਅਤੇ ਸੰਭਾਲ ਲਈ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣ। ਐਡਵੋਕੇਟ ਧਾਮੀ ਨੇ ਕਿਹਾ ਕਿ ਪਾਕਿਸਤਾਨ ਵਿੱਚ ਸਥਿਤ ਗੁਰੂ ਸਾਹਿਬਾਨ ਨਾਲ ਸਬੰਧਤ ਗੁਰਦੁਆਰੇ ਅਤੇ ਹੋਰ ਸਿੱਖ ਵਿਰਾਸਤੀ ਅਸਥਾਨ ਵਿਸ਼ਵ ਭਰ ਦੀ ਸਿੱਖ ਸੰਗਤ ਦੀ ਆਸਥਾ ਦੇ ਕੇਂਦਰ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਨ੍ਹਾਂ ਦੀ ਸੁਰੱਖਿਆ ਲਈ ਮਜ਼ਬੂਤ ਪ੍ਰਬੰਧ ਕੀਤੇ ਜਾਣ, ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਦੀ ਦੁਹਰਾਈ ਨਾ ਹੋਵੇ।
Shiromani Committee Strongly Protests Against Allegations Of Damage To A Historic Gurdwara In Pakistan
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)