ਮਹਿਲ ਕਲਾਂ ਦੇ ਪਿੰਡ ਛੀਨੀਵਾਲ ਕਲਾਂ ਦੀ ਮੁਅੱਤਲ ਸਰਪੰਚ ਸੁਖਦੀਪ ਕੌਰ ਨੂੰ ਮੁੜ ਅਹੁਦੇ ’ਤੇ ਲਿਆਉਣ ਦੀ ਮੰਗ ਨੂੰ ਲੈ ਕੇ ਪਿੰਡ ਦੇ ਪੰਚਾਂ, ਭਾਰਤੀ ਕਿਸਾਨ ਯੂਨੀਅਨ ਕਾਦੀਆਂ ਅਤੇ ਕਿਸਾਨਾਂ ਵੱਲੋਂ ਬੀਡੀਪੀਓ ਦਫ਼ਤਰ ਮਹਿਲ ਕਲਾਂ ਵਿਖੇ ਰੋਸ ਧਰਨਾ ਦਿੱਤਾ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਅਤੇ ਪੰਚਾਇਤ ਵਿਭਾਗ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਧਰਨੇ ਵਿੱਚ ਸ਼ਾਮਲ ਆਗੂਆਂ ਨੇ ਕਿਹਾ ਕਿ ਨਿਯਮਾਂ ਅਨੁਸਾਰ ਜੇਕਰ ਸਰਪੰਚ ਮੁਅੱਤਲ ਹੁੰਦਾ ਹੈ ਤਾਂ ਪੰਚਾਇਤ ਦਾ ਕੰਮ ਚੁਣੇ ਹੋਏ ਪੰਚਾਂ ਰਾਹੀਂ ਚਲਾਇਆ ਜਾਣਾ ਚਾਹੀਦਾ ਹੈ, ਪਰ ਉਨ੍ਹਾਂ ਦਾ ਦੋਸ਼ ਹੈ ਕਿ ਅਧਿਕਾਰੀ ਪ੍ਰਬੰਧਕ ਨਿਯੁਕਤ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।
ਕਿਸਾਨ ਆਗੂਆਂ ਨੇ ਕਿਹਾ ਕਿ ਪਿੰਡ ਦੀ ਪੰਚਾਇਤ ਦੇ ਖਾਤੇ ਵਿੱਚ ਲਗਭਗ 42 ਲੱਖ ਰੁਪਏ ਦੀ ਵਿਕਾਸ ਰਾਸ਼ੀ ਮੌਜੂਦ ਹੈ। ਉਨ੍ਹਾਂ ਮੰਗ ਕੀਤੀ ਕਿ ਪੰਚਾਇਤ ਦੇ ਚੁਣੇ ਹੋਏ ਮੈਂਬਰਾਂ ਨੂੰ ਕੰਮ ਕਰਨ ਦਾ ਅਧਿਕਾਰ ਦਿੱਤਾ ਜਾਵੇ ਅਤੇ ਸਰਪੰਚ ਦੀ ਮੁਅੱਤਲੀ ਦਾ ਮਾਮਲਾ ਜਲਦ ਹੱਲ ਕੀਤਾ ਜਾਵੇ। ਪ੍ਰਦਰਸ਼ਨਕਾਰੀਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਅਤੇ ਵਿਭਾਗ ਵੱਲੋਂ ਜਲਦ ਲਿਖਤੀ ਫ਼ੈਸਲਾ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਇਸ ਦੌਰਾਨ ਤਹਿਸੀਲਦਾਰ ਮਹਿਲ ਕਲਾਂ ਸੁਖਵੀਰ ਸਿੰਘ ਅਤੇ ਥਾਣਾ ਮੁਖੀ ਕੁਲਵਿੰਦਰ ਸਿੰਘ ਧਾਲੀਵਾਲ ਨੇ ਮਾਮਲੇ ਦੇ ਹੱਲ ਲਈ ਏਡੀਸੀ ਵਿਕਾਸ ਬਰਨਾਲਾ ਨਾਲ ਗੱਲਬਾਤ ਕੀਤੀ। ਇਸ ਤੋਂ ਬਾਅਦ ਕਿਸਾਨ ਆਗੂਆਂ ਦਾ ਇੱਕ ਵਫ਼ਦ ਅਧਿਕਾਰੀਆਂ ਨਾਲ ਮੀਟਿੰਗ ਲਈ ਬਰਨਾਲਾ ਰਵਾਨਾ ਹੋ ਗਿਆ। ਧਰਨੇ ਵਿੱਚ ਕਿਸਾਨ ਜਥੇਬੰਦੀਆਂ ਦੇ ਆਗੂਆਂ, ਪੰਚਾਇਤ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਹਿੱਸਾ ਲਿਆ। ਉਨ੍ਹਾਂ ਨੇ ਪ੍ਰਸ਼ਾਸਨ ਤੋਂ ਮਾਮਲੇ ਦਾ ਜਲਦ ਹੱਲ ਕਰਨ ਦੀ ਮੰਗ ਕੀਤੀ।
Protest Sit in In Mahal Kalan Demanding The Reinstatement Of The Sarpanch
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)