ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੱਦੇ 'ਤੇ ਸ਼ੁੱਕਰਵਾਰ ਨੂੰ ਪੰਜਾਬ ਭਰ ਤੋਂ ਹਜ਼ਾਰਾਂ ਕਿਸਾਨ ਮੀਂਹ ਦੇ ਬਾਵਜੂਦ ਚੰਡੀਗੜ੍ਹ ਪਹੁੰਚੇ। ਕਿਸਾਨਾਂ ਨੇ ਸੈਕਟਰ-34 ਦੇ ਦਸਹਿਰਾ ਮੈਦਾਨ ਵਿੱਚ ਵਿਸ਼ਾਲ ਰੈਲੀ ਕਰਨ ਤੋਂ ਬਾਅਦ ਮਟਕਾ ਚੌਂਕ ਤੱਕ ਰੋਸ ਮਾਰਚ ਕੱਢਿਆ। ਪ੍ਰਦਰਸ਼ਨਕਾਰੀਆਂ ਨੇ ਭਾਰਤ-ਅਮਰੀਕਾ ਵਪਾਰ ਸਮਝੌਤੇ, ਪੰਜਾਬ ਦੀ ਨਵੀਂ ਲੈਂਡ ਪੂਲਿੰਗ ਨੀਤੀ, ਇਰਾਨ 'ਤੇ ਅਮਰੀਕੀ ਹਮਲੇ ਅਤੇ ਮਹਿੰਗਾਈ ਖ਼ਿਲਾਫ਼ ਕੇਂਦਰ ਅਤੇ ਪੰਜਾਬ ਸਰਕਾਰ ਦੇ ਵਿਰੁੱਧ ਨਾਅਰੇਬਾਜ਼ੀ ਕੀਤੀ। ਰੈਲੀ ਨੂੰ ਸੰਬੋਧਨ ਕਰਦਿਆਂ ਬੀਕੇਯੂ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਬੀਕੇਯੂ ਏਕਤਾ ਡਕੌਂਦਾ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਨੇ ਦੋਸ਼ ਲਗਾਇਆ ਕਿ ਭਾਰਤ-ਅਮਰੀਕਾ ਵਪਾਰ ਸਮਝੌਤਾ ਕਿਸਾਨਾਂ, ਛੋਟੇ ਕਾਰੋਬਾਰੀਆਂ ਅਤੇ ਮਿਹਨਤਕਸ਼ ਵਰਗ ਲਈ ਨੁਕਸਾਨਦਾਇਕ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਵਿਦੇਸ਼ੀ ਖੇਤੀ ਉਤਪਾਦਾਂ ਦੇ ਆਉਣ ਨਾਲ ਦੇਸ਼ ਦੇ ਕਿਸਾਨਾਂ ਅਤੇ ਛੋਟੇ ਉਦਯੋਗਾਂ 'ਤੇ ਮਾੜਾ ਅਸਰ ਪਵੇਗਾ।
ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਦੀ ਨਵੀਂ ਲੈਂਡ ਪੂਲਿੰਗ ਨੀਤੀ ਦਾ ਵੀ ਵਿਰੋਧ ਕਰਦਿਆਂ ਕਿਹਾ ਕਿ ਇਸ ਰਾਹੀਂ ਕਿਸਾਨਾਂ ਦੀਆਂ ਜ਼ਮੀਨਾਂ ਕਾਰਪੋਰੇਟ ਘਰਾਣਿਆਂ ਅਤੇ ਰੀਅਲ ਅਸਟੇਟ ਕੰਪਨੀਆਂ ਨੂੰ ਸੌਂਪਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਐਲਾਨ ਕੀਤਾ ਕਿ ਕਿਸਾਨ ਇਸ ਨੀਤੀ ਨੂੰ ਕਿਸੇ ਵੀ ਕੀਮਤ 'ਤੇ ਲਾਗੂ ਨਹੀਂ ਹੋਣ ਦੇਣਗੇ। ਰੈਲੀ ਦੌਰਾਨ ਆਗੂਆਂ ਨੇ ਇਰਾਨ 'ਤੇ ਅਮਰੀਕੀ ਹਮਲੇ ਦੀ ਨਿੰਦਾ ਕਰਦਿਆਂ ਕਿਹਾ ਕਿ ਇਸ ਕਾਰਨ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਵਾਧਾ ਹੋ ਰਿਹਾ ਹੈ, ਜਿਸ ਦਾ ਸਿੱਧਾ ਬੋਝ ਆਮ ਲੋਕਾਂ 'ਤੇ ਪੈ ਰਿਹਾ ਹੈ। ਉਨ੍ਹਾਂ ਸਰਕਾਰ ਤੋਂ ਵਧੀਆਂ ਕੀਮਤਾਂ ਵਾਪਸ ਲੈਣ ਅਤੇ ਵੱਡੇ ਕਾਰੋਬਾਰੀਆਂ 'ਤੇ ਵੱਧ ਟੈਕਸ ਲਗਾਉਣ ਦੀ ਮੰਗ ਕੀਤੀ। ਮਹਿਲਾ ਆਗੂ ਹਰਿੰਦਰ ਬਿੰਦੂ ਨੇ ਔਰਤਾਂ ਨੂੰ ਵੀ ਲੋਕ ਸੰਘਰਸ਼ਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਮਹਿੰਗਾਈ ਦਾ ਸਭ ਤੋਂ ਵੱਧ ਅਸਰ ਘਰੇਲੂ ਔਰਤਾਂ 'ਤੇ ਪੈਂਦਾ ਹੈ, ਇਸ ਲਈ ਉਨ੍ਹਾਂ ਦੀ ਭੂਮਿਕਾ ਸੰਘਰਸ਼ਾਂ ਵਿੱਚ ਮਹੱਤਵਪੂਰਨ ਹੈ। ਰੈਲੀ ਦੌਰਾਨ ਸਤਲੁਜ ਫ਼ਿਲਮ 'ਤੇ ਲੱਗੀ ਪਾਬੰਦੀ ਹਟਾਉਣ ਦੀ ਮੰਗ ਸਬੰਧੀ ਮਤਾ ਵੀ ਪਾਸ ਕੀਤਾ ਗਿਆ। ਇਸ ਤੋਂ ਇਲਾਵਾ ਲੋਕਾਂ ਨੂੰ ਫਿਰਕੂ ਰਾਜਨੀਤੀ ਤੋਂ ਸੁਚੇਤ ਰਹਿਣ ਅਤੇ ਲੋਕ ਹਿੱਤਾਂ ਲਈ ਇਕਜੁੱਟ ਹੋ ਕੇ ਸੰਘਰਸ਼ ਜਾਰੀ ਰੱਖਣ ਦਾ ਸੱਦਾ ਦਿੱਤਾ ਗਿਆ।
Massive Protest By Thousands Of Farmers In Chandigarh Organizations Raise Their Voices Against Trade Agreements And The Land Pooling Policy
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)