ਪੰਜਾਬ ਸਰਕਾਰ ਵੱਲੋਂ ਮੰਗਾਂ ਪੂਰੀਆਂ ਨਾ ਕੀਤੇ ਜਾਣ ਦੇ ਰੋਸ ਵਜੋਂ ਸਫ਼ਾਈ ਸੇਵਕਾਂ ਦੀ ਅਣਮਿੱਥੇ ਸਮੇਂ ਲਈ ਸ਼ੁਰੂ ਕੀਤੀ ਹੜਤਾਲ ਸ਼ਨੀਵਾਰ ਨੂੰ ਚੌਥੇ ਦਿਨ ਵੀ ਜਾਰੀ ਰਹੀ। ਹੜਤਾਲ ਕਾਰਨ ਨਗਰ ਕੌਂਸਲਾਂ ਅਤੇ ਨਗਰ ਨਿਗਮਾਂ ਅਧੀਨ ਸਫ਼ਾਈ ਪ੍ਰਬੰਧ ਪ੍ਰਭਾਵਿਤ ਹੋ ਰਹੇ ਹਨ। ਯੂਨੀਅਨ ਆਗੂਆਂ ਨੇ ਚਿਤਾਵਨੀ ਦਿੱਤੀ ਹੈ ਕਿ ਜਦੋਂ ਤੱਕ ਸਰਕਾਰ ਮੰਗਾਂ ਨੂੰ ਲਾਗੂ ਨਹੀਂ ਕਰਦੀ, ਸੰਘਰਸ਼ ਜਾਰੀ ਰਹੇਗਾ। ਸਫ਼ਾਈ ਸੇਵਕ ਯੂਨੀਅਨ ਬਰਨਾਲਾ ਦੇ ਪ੍ਰਧਾਨ ਗੁਲਸ਼ਨ ਕੁਮਾਰ ਅਤੇ ਆਗੂ ਬਿੰਦੂ ਨੇ ਕਿਹਾ ਕਿ ਮਈ ਅਤੇ ਜੂਨ ਮਹੀਨੇ ਦੌਰਾਨ ਵੀ ਸਫ਼ਾਈ ਕਰਮਚਾਰੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਕੀਤੀ ਸੀ। ਉਸ ਵੇਲੇ ਸਰਕਾਰ ਨੇ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਸੀ, ਜਿਸ ਤੋਂ ਬਾਅਦ ਯੂਨੀਅਨ ਨੇ ਹੜਤਾਲ ਵਾਪਸ ਲੈ ਲਈ ਸੀ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਹੁਣ ਆਪਣੇ ਵਾਅਦੇ ਤੋਂ ਪਿੱਛੇ ਹਟ ਗਈ ਹੈ।
ਯੂਨੀਅਨ ਆਗੂਆਂ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਸਕੱਤਰੇਤ ਵਿੱਚ ਕਈ ਮੀਟਿੰਗਾਂ ਹੋਈਆਂ, ਪਰ ਹਰ ਵਾਰ ਸਿਰਫ਼ ਸਮਾਂ ਮੰਗਿਆ ਗਿਆ ਅਤੇ ਮੰਗਾਂ ਦੇ ਹੱਲ ਲਈ ਕੋਈ ਠੋਸ ਫ਼ੈਸਲਾ ਨਹੀਂ ਕੀਤਾ ਗਿਆ। ਇਸ ਕਾਰਨ ਸੂਬੇ ਭਰ ਦੇ ਸਫ਼ਾਈ ਸੇਵਕਾਂ ਵਿੱਚ ਸਰਕਾਰ ਦੀ ਵਾਅਦਾ-ਖ਼ਿਲਾਫ਼ੀ ਨੂੰ ਲੈ ਕੇ ਭਾਰੀ ਰੋਸ ਹੈ। ਉਨ੍ਹਾਂ ਦੱਸਿਆ ਕਿ ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ ’ਤੇ 8 ਜੁਲਾਈ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕੀਤੀ ਗਈ ਹੈ। ਯੂਨੀਅਨ ਦੀਆਂ ਮੁੱਖ ਮੰਗਾਂ ਵਿੱਚ ਕੱਚੇ ਸਫ਼ਾਈ ਕਰਮਚਾਰੀਆਂ ਨੂੰ ਪੱਕਾ ਕਰਨਾ, 10 ਸਾਲਾਂ ਵਾਲੀ ਨੀਤੀ ਨੂੰ ਖ਼ਤਮ ਕਰਕੇ ਤਿੰਨ ਸਾਲਾਂ ਦੀ ਨੀਤੀ ਲਾਗੂ ਕਰਨੀ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨੀ ਅਤੇ ਤਨਖ਼ਾਹਾਂ ਵਿੱਚ ਵਾਧਾ ਕਰਨਾ ਸ਼ਾਮਲ ਹੈ। ਯੂਨੀਅਨ ਆਗੂਆਂ ਨੇ ਸਪੱਸ਼ਟ ਕੀਤਾ ਕਿ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਦੀ, ਹੜਤਾਲ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਜੇਕਰ ਇਸ ਕਾਰਨ ਸਫ਼ਾਈ ਪ੍ਰਬੰਧ ਜਾਂ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਆਉਂਦੀ ਹੈ ਤਾਂ ਇਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।
Sanitation Workers Intensify Agitation Against The Government Over Unfulfilled Promises Indefinite Strike Continues For The Fourth Day
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)