ਧਰਮ ਪ੍ਰਚਾਰ ਨੂੰ ਮਿਲੇਗੀ ਨਵੀਂ ਰਫ਼ਤਾਰ, ਸ਼੍ਰੋਮਣੀ ਕਮੇਟੀ ਵੱਲੋਂ ‘ਚੱਲਦਾ ਵਹੀਰ’ ਮੁਹਿੰਮ ਦਾ ਵਿਸਥਾਰ

14/07/2026 | Public Times Bureau | Panjab

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਵਿੱਚ ਧਰਮ ਪ੍ਰਚਾਰ ਨੂੰ ਹੋਰ ਮਜ਼ਬੂਤ ਕਰਨ ਲਈ ‘ਚੱਲਦਾ ਵਹੀਰ’ ਮੁਹਿੰਮ ਨੂੰ ਵਿਸਥਾਰ ਦੇਣ ਦਾ ਫ਼ੈਸਲਾ ਕੀਤਾ ਹੈ। ਇਸ ਮੁਹਿੰਮ ਤਹਿਤ ਮਾਲਵਾ ਖੇਤਰ ਤੋਂ ਸ਼ੁਰੂਆਤ ਕਰਦਿਆਂ ਪਿੰਡ-ਪਿੰਡ ਗੁਰਮਤਿ ਸਮਾਗਮ ਕਰਵਾਏ ਜਾਣਗੇ ਅਤੇ ਸੰਗਤਾਂ ਤੱਕ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਤੇ ਸਿਧਾਂਤਾਂ ਨੂੰ ਪਹੁੰਚਾਇਆ ਜਾਵੇਗਾ। ਇਸ ਸਬੰਧੀ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ, ਪਟਿਆਲਾ ਵਿਖੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਮਾਲਵਾ ਜ਼ੋਨ ਦੇ ਪ੍ਰਚਾਰਕਾਂ ਦੀ ਵਿਸ਼ੇਸ਼ ਇਕੱਤਰਤਾ ਹੋਈ। ਇਸ ਵਿੱਚ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਅਤੇ ਸ਼੍ਰੋਮਣੀ ਕਮੇਟੀ ਦੇ ਹੋਰ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਵੀ ਹਾਜ਼ਰੀ ਭਰੀ।

ਇਕੱਤਰਤਾ ਨੂੰ ਸੰਬੋਧਨ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ‘ਚੱਲਦਾ ਵਹੀਰ’ ਸਿਰਫ਼ ਗੁਰਮਤਿ ਪ੍ਰਚਾਰ ਤੱਕ ਸੀਮਤ ਨਹੀਂ ਰਹੇਗਾ, ਸਗੋਂ ਇਸ ਰਾਹੀਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਤੇ ਪੰਥਕ ਸਿਧਾਂਤ ਵੀ ਸੰਗਤਾਂ ਤੱਕ ਪਹੁੰਚਾਏ ਜਾਣਗੇ। ਉਨ੍ਹਾਂ ਕਿਹਾ ਕਿ ਕੁਝ ਤਾਕਤਾਂ ਸਿੱਖ ਸੰਸਥਾਵਾਂ ਦੇ ਅੰਦਰੂਨੀ ਮਾਮਲਿਆਂ ਵਿੱਚ ਦਖ਼ਲ ਦੇਣ ਦੀ ਕੋਸ਼ਿਸ਼ ਕਰ ਰਹੀਆਂ ਹਨ, ਪਰ ਅਜਿਹੇ ਯਤਨ ਕਾਮਯਾਬ ਨਹੀਂ ਹੋਣਗੇ। ਉਨ੍ਹਾਂ ਦੇ ਅਨੁਸਾਰ ਅਜਿਹੀਆਂ ਕੋਸ਼ਿਸ਼ਾਂ ਦਾ ਮਕਸਦ ਸਿੱਖ ਕੌਮ ਵਿੱਚ ਭਰਮ ਅਤੇ ਦੁਬਿਧਾ ਪੈਦਾ ਕਰਨਾ ਅਤੇ ਗੁਰਬਾਣੀ ਦੇ ਅਸਲ ਸਿਧਾਂਤਾਂ ਤੋਂ ਦੂਰ ਕਰਨਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪ੍ਰਚਾਰਕਾਂ ਦੀ ਜ਼ਿੰਮੇਵਾਰੀ ਹੈ ਕਿ ਉਹ ਗੁਰਮਤਿ ਦੀ ਰੌਸ਼ਨੀ ਵਿੱਚ ਸੰਗਤਾਂ ਨੂੰ ਸਹੀ ਮਾਰਗਦਰਸ਼ਨ ਦੇਣ ਅਤੇ ਹਰ ਤਰ੍ਹਾਂ ਦੇ ਭਰਮਾਂ ਦਾ ਤੱਥਾਂ ਦੇ ਆਧਾਰ ’ਤੇ ਜਵਾਬ ਦੇਣ।

ਉਨ੍ਹਾਂ ਦੱਸਿਆ ਕਿ ਇਕੱਤਰਤਾ ਦੌਰਾਨ ਇਹ ਵੀ ਫ਼ੈਸਲਾ ਕੀਤਾ ਗਿਆ ਹੈ ਕਿ ਜਲਦੀ ਹੀ ‘ਚੱਲਦਾ ਵਹੀਰ’ ਦੀਆਂ ਤਾਰੀਖਾਂ ਦਾ ਐਲਾਨ ਕੀਤਾ ਜਾਵੇਗਾ ਅਤੇ ਇਸ ਧਰਮ ਪ੍ਰਚਾਰ ਮੁਹਿੰਮ ਨੂੰ ਪੂਰੇ ਪੰਜਾਬ ਵਿੱਚ ਵਿਸਥਾਰ ਦਿੱਤਾ ਜਾਵੇਗਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਭਵਿੱਖ ਵਿੱਚ ਇਸ ਮੁਹਿੰਮ ਦੇ ਨਾਲ-ਨਾਲ ਅੰਮ੍ਰਿਤ ਸੰਚਾਰ ਲਹਿਰ ਨੂੰ ਵੀ ਹੋਰ ਤੇਜ਼ ਕੀਤਾ ਜਾਵੇਗਾ, ਤਾਂ ਜੋ ਵੱਧ ਤੋਂ ਵੱਧ ਲੋਕ ਗੁਰਮਤਿ ਜੀਵਨ ਨਾਲ ਜੁੜ ਸਕਣ। ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਨੇ ਵੀ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਖ਼ਾਸ ਕਰਕੇ ਨੌਜਵਾਨ ਪੀੜ੍ਹੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਅਤੇ ਸਿੱਖ ਸਿਧਾਂਤਾਂ ਬਾਰੇ ਜਾਗਰੂਕ ਕਰਨਾ ਸਮੇਂ ਦੀ ਮੁੱਖ ਲੋੜ ਹੈ। ਸ਼੍ਰੋਮਣੀ ਕਮੇਟੀ ਦਾ ਮੰਨਣਾ ਹੈ ਕਿ ਇਹ ਮੁਹਿੰਮ ਸੰਗਤਾਂ ਨੂੰ ਗੁਰਮਤਿ ਨਾਲ ਜੋੜਨ ਦੇ ਨਾਲ-ਨਾਲ ਪੰਥਕ ਏਕਤਾ ਅਤੇ ਧਾਰਮਿਕ ਜਾਗਰੂਕਤਾ ਨੂੰ ਵੀ ਹੋਰ ਮਜ਼ਬੂਤ ਕਰੇਗੀ।

Religious Outreach To Gain New Momentum Sgpc Expands chalda Vahir Campaign


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App