ਆਸਟ੍ਰੇਲੀਆ ਦੇ ਵਰਜੀਨੀਆ ਸਥਿਤ ਗੁਰਦੁਆਰਾ ਦਸ਼ਮੇਸ਼ ਦਰਬਾਰ ਦੀ ਇਮਾਰਤ ਅੱਗ ਕਾਰਨ ਪੂਰੀ ਤਰ੍ਹਾਂ ਨੁਕਸਾਨੇ ਜਾਣ ਦੀ ਘਟਨਾ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਸਿੱਖ ਸੰਗਤ ਨੂੰ ਗੁਰੂ ਘਰਾਂ ਦੀ ਸੁਰੱਖਿਆ ਲਈ ਚੌਕਸ ਰਹਿਣ ਦੀ ਅਪੀਲ ਕੀਤੀ ਹੈ। ਜਥੇਦਾਰ ਨੇ ਸੈਂਟਰਲ ਸਿੱਖ ਐਸੋਸੀਏਸ਼ਨ ਆਫ਼ ਨਿਊਜ਼ੀਲੈਂਡ ਦੇ ਮੁੱਖ ਸੇਵਾਦਾਰ ਦਲਜੀਤ ਸਿੰਘ ਨੂੰ ਹਦਾਇਤ ਕੀਤੀ ਹੈ ਕਿ ਉਹ ਸਿੰਘਾਂ ਸਮੇਤ ਮੌਕੇ ’ਤੇ ਜਾ ਕੇ ਘਟਨਾ ਦਾ ਜਾਇਜ਼ਾ ਲੈਣ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਾਵਨ ਬੀੜਾਂ ਸਮੇਤ ਸਮੁੱਚੀ ਸਥਿਤੀ ਦੀ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸੌਂਪਣ।

ਉਨ੍ਹਾਂ ਕਿਹਾ ਕਿ ਦਲਜੀਤ ਸਿੰਘ ਸਥਾਨਕ ਪ੍ਰਸ਼ਾਸਨ ਅਤੇ ਗੁਰਦੁਆਰਾ ਪ੍ਰਬੰਧਕਾਂ ਨਾਲ ਤਾਲਮੇਲ ਕਰਕੇ ਘਟਨਾ ਦੇ ਕਾਰਨਾਂ ਦੀ ਜਾਣਕਾਰੀ ਇਕੱਠੀ ਕਰਨਗੇ। ਨਾਲ ਹੀ ਗੁਰਦੁਆਰਾ ਦਸ਼ਮੇਸ਼ ਦਰਬਾਰ ਦੀ ਪ੍ਰਬੰਧਕ ਕਮੇਟੀ ਨੂੰ ਵੀ ਘਟਨਾ ਸਬੰਧੀ ਪੂਰੀ ਰਿਪੋਰਟ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਭੇਜਣ ਲਈ ਕਿਹਾ ਗਿਆ ਹੈ। ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਵਰਜੀਨੀਆ ਦੀ ਸਿੱਖ ਸੰਗਤ ਨੂੰ ਹੌਸਲਾ ਰੱਖਣ ਅਤੇ ਚੜ੍ਹਦੀ ਕਲਾ ਵਿੱਚ ਰਹਿਣ ਦਾ ਸੰਦੇਸ਼ ਦਿੰਦਿਆਂ ਕਿਹਾ ਕਿ ਘਟਨਾ ਦੇ ਕਾਰਨਾਂ ਦੀ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜਾਂਚ ਵਿੱਚ ਇਹ ਪਤਾ ਲਗਾਇਆ ਜਾਵੇ ਕਿ ਅੱਗ ਪਿੱਛੇ ਕੋਈ ਸ਼ਰਾਰਤੀ ਕਾਰਵਾਈ ਤਾਂ ਨਹੀਂ ਸੀ।