ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੌਮੀ ਇਨਸਾਫ਼ ਮੋਰਚੇ ਵੱਲੋਂ 21 ਅਗਸਤ ਨੂੰ ਦਿੱਤੇ ਪੰਜਾਬ ਬੰਦ ਦੇ ਸੱਦੇ ਦਾ ਸਮਰਥਨ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਐਲਾਨ ਕੀਤਾ ਕਿ 21 ਅਗਸਤ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਸਮੇਤ ਸਮੂਹ ਅਦਾਰੇ ਬੰਦ ਰਹਿਣਗੇ। ਪੰਜਾਬ ਬੰਦ ਦੇ ਮੱਦੇਨਜ਼ਰ 21 ਅਗਸਤ ਨੂੰ ਹੋਣ ਵਾਲੀ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵੀ ਮੁਲਤਵੀ ਕਰ ਦਿੱਤੀ ਗਈ ਹੈ। ਹੁਣ ਇਹ ਇਕੱਤਰਤਾ 22 ਅਗਸਤ ਨੂੰ ਸਵੇਰੇ 11 ਵਜੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ, ਅੰਮ੍ਰਿਤਸਰ ਵਿਖੇ ਹੋਵੇਗੀ।

ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਲਈ ਪਹਿਲਾਂ ਤੋਂ ਯਤਨਸ਼ੀਲ ਹੈ ਅਤੇ ਇਸ ਮਾਮਲੇ ਨੂੰ ਲੈ ਕੇ ਹੋਣ ਵਾਲੇ ਹਰ ਸੰਘਰਸ਼ ਦਾ ਪੂਰਨ ਸਮਰਥਨ ਕਰਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਸਮਝਣਾ ਚਾਹੀਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਮੰਗ ਉਠਾਉਣ ਵਾਲਿਆਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਜਿਸ ਦਾ ਇਨਸਾਫ਼ਪਸੰਦ ਲੋਕਾਂ ਨੂੰ ਵਿਰੋਧ ਕਰਨਾ ਚਾਹੀਦਾ ਹੈ।