ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਅਰੰਭ ਹੋਏ ਮੀਰੀ-ਪੀਰੀ ਖ਼ਾਲਸਾ ਮਾਰਚ ਦੇ ਦੂਜੇ ਪੜਾਅ ਦੀ ਸ਼ੁਰੂਆਤ 23 ਅਗਸਤ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਤੋਂ ਹੋਵੇਗੀ। ਮਾਰਚ ਮਾਲਵਾ ਅਤੇ ਪੁਆਧ ਦੇ ਵੱਖ-ਵੱਖ ਪਿੰਡਾਂ, ਕਸਬਿਆਂ ਤੇ ਸ਼ਹਿਰਾਂ ਵਿੱਚੋਂ ਹੁੰਦਾ ਹੋਇਆ 4 ਸਤੰਬਰ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਪੂਰਨ ਹੋਵੇਗਾ। ਮਾਰਚ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਸਮੇਤ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਸ਼ਮੂਲੀਅਤ ਕਰਨਗੀਆਂ।

ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਸੰਗਤ ਅਤੇ ਗੁਰੂ ਨਾਨਕ ਨਾਮ ਲੇਵਾ ਸ਼ਰਧਾਲੂਆਂ ਨੂੰ ਮਾਰਚ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਮਾਰਚ ਦਾ ਮੁੱਖ ਉਦੇਸ਼ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿਧਾਂਤਾਂ, ਕੌਮੀ ਏਕਤਾ ਅਤੇ ਸਿੱਖੀ ਪ੍ਰਚਾਰ ਨੂੰ ਉਤਸ਼ਾਹਿਤ ਕਰਨਾ ਹੈ। ਇਸ ਦੇ ਨਾਲ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਸਿੱਖ ਇਤਿਹਾਸ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਲ ਜੋੜਨ ’ਤੇ ਵੀ ਜ਼ੋਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮਾਰਚ ਦੌਰਾਨ ਪੰਜਾਬੀਆਂ ਨੂੰ ਸੂਬੇ ਵਿੱਚ ਰਹਿ ਕੇ ਮਿਹਨਤ ਕਰਨ, ਜ਼ਮੀਨਾਂ ਨਾ ਵੇਚਣ, ਬੱਚਿਆਂ ਨੂੰ ਸਿੱਖਿਅਤ ਤੇ ਹੁਨਰਮੰਦ ਬਣਾਉਣ, ਆਪਸੀ ਟਕਰਾਅ ਤੋਂ ਬਚਣ ਅਤੇ ਧੀਆਂ ਦਾ ਸਤਿਕਾਰ ਕਰਨ ਲਈ ਪ੍ਰੇਰਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਸਿੱਖਾਂ ਦੀ ਘੱਟ ਰਹੀ ਆਬਾਦੀ ਅਤੇ ਪੰਥ ਵਿਰੋਧੀ ਸੋਚ ਬਾਰੇ ਵੀ ਸੰਗਤ ਨੂੰ ਜਾਗਰੂਕ ਕੀਤਾ ਜਾਵੇਗਾ।