ਪੁੰਛ ਜ਼ਿਲ੍ਹੇ ਦੇ ਮੇਂਢਰ ਵਿੱਚ ਸੱਤਵੀਂ ਜਮਾਤ ਦੀ ਨਾਬਾਲਗ ਵਿਦਿਆਰਥਣ ਨੂੰ ਅਗਵਾ ਕਰਕੇ ਤਿੰਨ ਦਿਨ ਬੰਧਕ ਬਣਾਉਣ ਅਤੇ ਜਬਰ-ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਕਾਰਵਾਈ ਕਰਦਿਆਂ ਵਿਦਿਆਰਥਣ ਨੂੰ ਬਰਾਮਦ ਕਰ ਲਿਆ ਹੈ ਅਤੇ ਮਾਮਲੇ ਵਿੱਚ ਕੈਬ ਚਾਲਕ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ ਪੀੜਤਾ ਦੇ ਪਿਤਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਨ੍ਹਾਂ ਦੀ ਧੀ 6 ਸਤੰਬਰ ਨੂੰ ਸਕੂਲ ਤੋਂ ਘਰ ਵਾਪਸ ਆ ਰਹੀ ਸੀ। ਦੋਸ਼ ਹੈ ਕਿ ਕੈਬ ਚਾਲਕ ਜ਼ਹੂਰ ਮੁਸ਼ਤਾਕ ਉਰਫ਼ ਸੋਨੂ ਉਸਨੂੰ ਘਰ ਛੱਡਣ ਦੀ ਬਜਾਏ ਜ਼ਬਰਦਸਤੀ ਆਪਣੇ ਘਰ ਲੈ ਗਿਆ, ਜਿੱਥੇ ਉਸਦਾ ਸਾਥੀ ਮੁਹੰਮਦ ਇਰਫ਼ਾਨ ਵੀ ਮੌਜੂਦ ਸੀ।
ਸ਼ਿਕਾਇਤ ਅਨੁਸਾਰ, ਦੋਵਾਂ ਨੇ ਵਿਦਿਆਰਥਣ ਨੂੰ ਤਿੰਨ ਦਿਨ ਤੱਕ ਬੰਧਕ ਬਣਾ ਕੇ ਰੱਖਿਆ ਅਤੇ ਉਸ ਨਾਲ ਵਾਰ-ਵਾਰ ਜਬਰ-ਜਨਾਹ ਕੀਤਾ। ਮਾਮਲੇ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਤੁਰੰਤ ਜਾਂਚ ਸ਼ੁਰੂ ਕੀਤੀ ਅਤੇ ਵਿਦਿਆਰਥਣ ਨੂੰ ਦੋਸ਼ੀਆਂ ਦੇ ਕਬਜ਼ੇ ਤੋਂ ਛੁਡਵਾ ਲਿਆ। ਦੋਵਾਂ ਮੁਲਜ਼ਮਾਂ ਖ਼ਿਲਾਫ਼ ਪੋਕਸੋ ਐਕਟ ਅਤੇ ਬੀਐੱਨਐੱਸ ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੀੜਤਾ ਦਾ ਮੈਡੀਕਲ ਪ੍ਰੀਖਣ ਵੀ ਕਰਵਾਇਆ ਗਿਆ ਹੈ। ਪੁਲਿਸ ਵੱਲੋਂ ਘਟਨਾ ਨਾਲ ਸਬੰਧਤ ਹੋਰ ਸਬੂਤ ਇਕੱਠੇ ਕਰਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਘਟਨਾ ਤੋਂ ਬਾਅਦ ਇਲਾਕੇ ਵਿੱਚ ਰੋਸ ਪਾਇਆ ਜਾ ਰਿਹਾ ਹੈ। ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਨਾਬਾਲਗ ਨਾਲ ਸਬੰਧਤ ਮਾਮਲੇ ਵਿੱਚ ਅਫ਼ਵਾਹਾਂ ਤੋਂ ਬਚਣ ਅਤੇ ਜਾਂਚ ਨੂੰ ਪ੍ਰਭਾਵਿਤ ਕਰਨ ਵਾਲੀ ਕੋਈ ਵੀ ਜਾਣਕਾਰੀ ਜਨਤਕ ਨਾ ਕਰਨ। ਜ਼ਿਕਰਯੋਗ ਹੈ ਕਿ ਹਾਲ ਹੀ ਵਿੱਚ ਡੋਡਾ ਵਿੱਚ ਵੀ ਨਾਬਾਲਗ ਨਾਲ ਜਬਰ-ਜਨਾਹ ਅਤੇ ਗਰਭਪਾਤ ਦੌਰਾਨ ਮੌਤ ਦੇ ਮਾਮਲੇ ਵਿੱਚ ਪੁਲਿਸ ਨੇ 10 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ।





