ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਪਿੰਡ ਫਰਵਾਹੀ ਸਥਿਤ ਘਰ ’ਤੇ ਬੀਤੀ ਦੇਰ ਰਾਤ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਕਰੀਬ 10 ਤੋਂ 12 ਰਾਊਂਡ ਫਾਇਰਿੰਗ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਘਟਨਾ ਦੌਰਾਨ ਘਰ ਵਿੱਚ ਗਾਇਕ ਦਾ ਪਰਿਵਾਰ ਮੌਜੂਦ ਸੀ, ਪਰ ਕਿਸੇ ਦੇ ਜ਼ਖਮੀ ਹੋਣ ਦੀ ਸੂਚਨਾ ਨਹੀਂ ਹੈ। ਪਿੰਡ ਦੇ ਸਰਪੰਚ ਜਗਸੀਰ ਸਿੰਘ ਅਨੁਸਾਰ, ਰਾਤ ਕਰੀਬ 12 ਵਜੇ ਮੋਟਰਸਾਈਕਲ ’ਤੇ ਸਵਾਰ ਕੁਝ ਨੌਜਵਾਨ ਗੁਲਾਬ ਸਿੱਧੂ ਦੇ ਘਰ ਪਹੁੰਚੇ। ਉਨ੍ਹਾਂ ਦੇ ਚਿਹਰੇ ਢੱਕੇ ਹੋਏ ਸਨ। ਘਰ ਨੂੰ ਨਿਸ਼ਾਨਾ ਬਣਾਉਂਦਿਆਂ ਗੋਲੀਆਂ ਚਲਾਉਣ ਤੋਂ ਬਾਅਦ ਉਹ ਫਰਾਰ ਹੋ ਗਏ।
ਘਟਨਾ ਸਮੇਂ ਗੁਲਾਬ ਸਿੱਧੂ ਆਪਣੇ ਸ਼ੋਅ ਅਤੇ ਟੂਰ ਪ੍ਰੋਗਰਾਮਾਂ ਦੇ ਸਿਲਸਿਲੇ ਵਿੱਚ ਘਰ ਤੋਂ ਬਾਹਰ ਸਨ। ਇਸ ਦੌਰਾਨ ਉਨ੍ਹਾਂ ਦੇ ਪਰਿਵਾਰਕ ਮੈਂਬਰ ਘਰ ਦੇ ਅੰਦਰ ਮੌਜੂਦ ਸਨ। ਫਾਇਰਿੰਗ ਦੀ ਇਹ ਘਟਨਾ ਘਰ ਦੇ ਬਾਹਰ ਲੱਗੇ CCTV ਕੈਮਰਿਆਂ ਵਿੱਚ ਕੈਦ ਹੋ ਗਈ ਹੈ। ਪੁਲਿਸ ਵੱਲੋਂ ਫੁਟੇਜ ਦੇ ਆਧਾਰ ’ਤੇ ਹਮਲਾਵਰਾਂ ਦੀ ਪਛਾਣ ਕਰਨ ਅਤੇ ਘਟਨਾ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਵਾਰਦਾਤ ਤੋਂ ਬਾਅਦ ਪਿੰਡ ਵਿੱਚ ਚਿੰਤਾ ਦਾ ਮਾਹੌਲ ਹੈ। ਪਿੰਡ ਵਾਸੀਆਂ ਅਤੇ ਸਰਪੰਚ ਨੇ ਪੁਲਿਸ ਪ੍ਰਸ਼ਾਸਨ ਤੋਂ ਹਮਲਾਵਰਾਂ ਨੂੰ ਜਲਦ ਕਾਬੂ ਕਰਕੇ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।





