ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਹੋਈ ਫਾਇਰਿੰਗ ਦੇ ਮਾਮਲੇ ਵਿੱਚ ਬਰਨਾਲਾ ਪੁਲਿਸ ਨੇ ਦੋ ਕਥਿਤ ਸ਼ੂਟਰਾਂ ਨੂੰ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਹੈ। ਮੰਗਲਵਾਰ ਸਵੇਰੇ ਕਰੀਬ 6 ਵਜੇ ਪਿੰਡ ਪੱਖੋ ਕਲਾਂ ਤੋਂ ਧੂੜਕੋਟ/ਪੁਲਾੜਾ ਵੱਲ ਜਾਂਦੀ ਲਿੰਕ ਸੜਕ ’ਤੇ ਦਾਣਾ ਮੰਡੀ ਨੇੜੇ ਪੁਲਿਸ ਅਤੇ ਦੋਵਾਂ ਵਿਚਾਲੇ ਗੋਲੀਬਾਰੀ ਹੋਈ। ਪੁਲਿਸ ਮੁਤਾਬਕ, ਜਵਾਬੀ ਕਾਰਵਾਈ ਵਿੱਚ ਦੋਵੇਂ ਸ਼ੂਟਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ। ਕਾਰਵਾਈ ਦੀ ਅਗਵਾਈ ਸੀਆਈਏ ਸਟਾਫ਼ ਦੇ ਇੰਚਾਰਜ ਇੰਸਪੈਕਟਰ ਬਲਜੀਤ ਸਿੰਘ ਕਰ ਰਹੇ ਸਨ। ਪੁਲਿਸ ਅਨੁਸਾਰ, ਦੋਵੇਂ ਸ਼ੂਟਰ ਇੱਕ ਮੋਟਰਸਾਈਕਲ ’ਤੇ ਸਵਾਰ ਸਨ ਅਤੇ ਪੁਲਾੜਾ ਵੱਲੋਂ ਦਾਣਾ ਮੰਡੀ ਰਾਹੀਂ ਮਾਨਸਾ ਰੋਡ ਵੱਲ ਜਾਣ ਦੀ ਕੋਸ਼ਿਸ਼ ਕਰ ਰਹੇ ਸਨ। ਪੁਲਿਸ ਟੀਮ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਦੋਵਾਂ ਨੇ ਕਥਿਤ ਤੌਰ ’ਤੇ ਪੁਲਿਸ ’ਤੇ ਗੋਲੀਆਂ ਚਲਾਈਆਂ। ਇਸ ਤੋਂ ਬਾਅਦ ਹੋਈ ਜਵਾਬੀ ਗੋਲੀਬਾਰੀ ਵਿੱਚ ਦੋਵੇਂ ਜ਼ਖ਼ਮੀ ਹੋ ਗਏ।

ਦੋ ਪਿਸਤੌਲ, ਕਾਰਤੂਸ ਅਤੇ ਮੋਟਰਸਾਈਕਲ ਬਰਾਮਦ

ਪੁਲਿਸ ਨੇ ਦੋਵਾਂ ਸ਼ੂਟਰਾਂ ਕੋਲੋਂ ਦੋ ਪਿਸਤੌਲ ਅਤੇ ਕਾਰਤੂਸ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਮੁਤਾਬਕ, ਜਿਸ ਮੋਟਰਸਾਈਕਲ ’ਤੇ ਦੋਵੇਂ ਸਵਾਰ ਸਨ, ਉਹੀ ਮੋਟਰਸਾਈਕਲ ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ ਲਈ ਵਰਤੀ ਗਈ ਸੀ। ਮੋਟਰਸਾਈਕਲ ਨੂੰ ਵੀ ਕਬਜ਼ੇ ਵਿੱਚ ਲੈ ਲਿਆ ਗਿਆ ਹੈ। ਫਾਇਰਿੰਗ ਦੀ ਘਟਨਾ ਤੋਂ ਬਾਅਦ ਬਰਨਾਲਾ ਪੁਲਿਸ ਵੱਲੋਂ ਲਗਾਤਾਰ ਸ਼ੂਟਰਾਂ ਦੀ ਭਾਲ ਕੀਤੀ ਜਾ ਰਹੀ ਸੀ। ਪੁਲਿਸ ਨੇ ਇਸ ਮਾਮਲੇ ਵਿੱਚ ਦੋ ਸ਼ੂਟਰਾਂ ਤੋਂ ਇਲਾਵਾ ਕਥਿਤ ਗਰੋਹ ਦੇ ਕੁਝ ਹੋਰ ਮੈਂਬਰਾਂ ਨੂੰ ਵੀ ਗ੍ਰਿਫ਼ਤਾਰ ਕੀਤੇ ਜਾਣ ਦੀ ਜਾਣਕਾਰੀ ਦਿੱਤੀ ਹੈ। ਪੁਲਿਸ ਅਨੁਸਾਰ, ਗ੍ਰਿਫ਼ਤਾਰ ਵਿਅਕਤੀਆਂ ਤੋਂ ਹਥਿਆਰਾਂ ਦੀ ਬਰਾਮਦਗੀ ਦੇ ਨਾਲ-ਨਾਲ ਪੰਜਾਬ ਵਿੱਚ ਹੋਰ ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਦੀਆਂ ਕਥਿਤ ਯੋਜਨਾਵਾਂ ਬਾਰੇ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ। ਡੀਆਈਜੀ ਵੱਲੋਂ ਦੁਪਹਿਰ ਨੂੰ ਹੋਰ ਜਾਣਕਾਰੀ ਮਾਮਲੇ ਸਬੰਧੀ ਪਟਿਆਲਾ ਰੇਂਜ ਦੇ ਡੀਆਈਜੀ ਵੱਲੋਂ ਮੰਗਲਵਾਰ ਦੁਪਹਿਰ ਮੀਡੀਆ ਨਾਲ ਹੋਰ ਵੇਰਵੇ ਸਾਂਝੇ ਕੀਤੇ ਜਾਣ ਦੀ ਜਾਣਕਾਰੀ ਹੈ। ਇਸ ਦੌਰਾਨ ਗ੍ਰਿਫ਼ਤਾਰੀਆਂ, ਬਰਾਮਦ ਹਥਿਆਰਾਂ ਅਤੇ ਜਾਂਚ ਨਾਲ ਜੁੜੀ ਹੋਰ ਜਾਣਕਾਰੀ ਸਾਹਮਣੇ ਆਉਣ ਦੀ ਉਮੀਦ ਹੈ।