ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਮਾਲੇਰਕੋਟਲਾ ਪੁਲਿਸ ਵੱਲੋਂ ਵੀਰਵਾਰ ਨੂੰ ਸ਼ਹਿਰ ਦੇ ਮੁੱਖ ਬਾਜ਼ਾਰਾਂ ਅਤੇ ਸੰਵੇਦਨਸ਼ੀਲ ਇਲਾਕਿਆਂ ਵਿੱਚ ਫਲੈਗ ਮਾਰਚ ਕੀਤਾ ਗਿਆ। ਇਸ ਦਾ ਮਕਸਦ ਲੋਕਾਂ ਨੂੰ ਸੁਰੱਖਿਆ ਦਾ ਭਰੋਸਾ ਦਿਵਾਉਣ ਦੇ ਨਾਲ-ਨਾਲ ਅਪਰਾਧੀਆਂ, ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਕਾਨੂੰਨ-ਵਿਵਸਥਾ ਨਾਲ ਖਿਲਵਾੜ ਨਾ ਕਰਨ ਦਾ ਸਪੱਸ਼ਟ ਸੰਦੇਸ਼ ਦੇਣਾ ਸੀ।
ਫਲੈਗ ਮਾਰਚ ਦੀ ਅਗਵਾਈ ਡੀ.ਐੱਸ.ਪੀ. ਮਾਲੇਰਕੋਟਲਾ ਸਬ-ਡਿਵੀਜ਼ਨ ਮਨਵਜੀਤ ਸਿੱਧੂ ਅਤੇ ਡੀ.ਐੱਸ.ਪੀ. ਸੁਮਿਤ ਸੂਦ ਨੇ ਕੀਤੀ। ਇਸ ਮੌਕੇ ਥਾਣਾ ਸਿਟੀ-1, ਥਾਣਾ ਸਿਟੀ-2 ਅਤੇ ਥਾਣਾ ਸੰਦੌਰ ਦੇ ਐੱਸ.ਐੱਚ.ਓਜ਼ ਤੋਂ ਇਲਾਵਾ ਟ੍ਰੈਫਿਕ ਵਿੰਗ ਅਤੇ ਪੀ.ਸੀ.ਆਰ. ਵਿੰਗ ਦੇ ਅਧਿਕਾਰੀ ਅਤੇ ਕਰਮਚਾਰੀ ਵੀ ਮੌਜੂਦ ਰਹੇ। ਪੁਲਿਸ ਟੀਮ ਵੱਲੋਂ ਸ਼ਹਿਰ ਦੇ ਮੁੱਖ ਬਾਜ਼ਾਰਾਂ ਅਤੇ ਹੋਰ ਸੰਵੇਦਨਸ਼ੀਲ ਇਲਾਕਿਆਂ ਵਿੱਚ ਮਾਰਚ ਕਰਦਿਆਂ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ।
ਮੀਡੀਆ ਨਾਲ ਗੱਲਬਾਤ ਕਰਦਿਆਂ ਐੱਸ.ਐੱਸ.ਪੀ. ਮਾਲੇਰਕੋਟਲਾ ਹਰਕਮਲ ਪ੍ਰੀਤ ਸਿੰਘ ਖੱਖ ਨੇ ਕਿਹਾ ਕਿ ਤਿਉਹਾਰ ਖੁਸ਼ੀ ਅਤੇ ਉਤਸ਼ਾਹ ਦਾ ਸਮਾਂ ਹੁੰਦੇ ਹਨ ਅਤੇ ਹਰ ਨਾਗਰਿਕ ਨੂੰ ਸੁਰੱਖਿਅਤ ਤੇ ਸ਼ਾਂਤਮਈ ਮਾਹੌਲ ਵਿੱਚ ਤਿਉਹਾਰ ਮਨਾਉਣ ਦਾ ਹੱਕ ਹੈ। ਉਨ੍ਹਾਂ ਕਿਹਾ, “ਮਾਲੇਰਕੋਟਲਾ ਪੁਲਿਸ ਲੋਕਾਂ ਦੇ ਨਾਲ ਖੜ੍ਹੀ ਹੈ। ਇਸ ਦੇ ਨਾਲ ਹੀ ਅਪਰਾਧ, ਨਸ਼ਾ ਤਸਕਰੀ ਜਾਂ ਅਮਨ-ਸ਼ਾਂਤੀ ਅਤੇ ਕਾਨੂੰਨ-ਵਿਵਸਥਾ ਨੂੰ ਪ੍ਰਭਾਵਿਤ ਕਰਨ ਵਾਲੀ ਕਿਸੇ ਵੀ ਗਤੀਵਿਧੀ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।”
ਐੱਸ.ਐੱਸ.ਪੀ. ਨੇ ਕਿਹਾ ਕਿ ਤਿਉਹਾਰਾਂ ਦੇ ਦੌਰਾਨ ਬਾਜ਼ਾਰਾਂ, ਭੀੜ-ਭਾੜ ਵਾਲੇ ਇਲਾਕਿਆਂ ਅਤੇ ਹੋਰ ਸੰਵੇਦਨਸ਼ੀਲ ਸਥਾਨਾਂ ’ਤੇ ਵਿਸ਼ੇਸ਼ ਨਿਗਰਾਨੀ ਰੱਖੀ ਜਾਵੇਗੀ ਅਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੁਲਿਸ ਗਸ਼ਤ ਵਿੱਚ ਹੋਰ ਵਾਧਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ 112 ਹੈਲਪਲਾਈਨ ਰਾਹੀਂ ਚੱਲ ਰਹੇ ਐਮਰਜੈਂਸੀ ਰਿਸਪਾਂਸ ਵਾਹਨ ( Emergency Response Vehicles (ERVs) ਅਤੇ ਪੀ.ਸੀ.ਆਰ ਵਾਹਨਾਂ ਦੇ ਪ੍ਰਬੰਧ ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ, ਤਾਂ ਜੋ ਮਾਲੇਰਕੋਟਲਾ ਜ਼ਿਲ੍ਹੇ ਵਿੱਚ ਲੋਕਾਂ ਨੂੰ 24 ਘੰਟੇ ਪੁਲਿਸ ਸਹਾਇਤਾ ਮੁਹੱਈਆ ਕਰਵਾਈ ਜਾ ਸਕੇ। ਉਨ੍ਹਾਂ ਕਿਹਾ ਕਿ ਕਿਸੇ ਵੀ ਤੁਰੰਤ ਪੁਲਿਸ ਸਹਾਇਤਾ ਲਈ ਨਾਗਰਿਕ 112 ’ਤੇ ਕਾਲ ਕਰ ਸਕਦੇ ਹਨ ਅਤੇ ERV ਵੱਲੋਂ ਲਗਭਗ 5 ਮਿੰਟਾਂ ਦੇ ਅੰਦਰ ਮੌਕੇ ’ਤੇ ਪਹੁੰਚਣ ਦਾ ਪ੍ਰਬੰਧ ਕੀਤਾ ਗਿਆ ਹੈ।
ਐੱਸ.ਐੱਸ.ਪੀ. ਨੇ ਲੋਕਾਂ ਨੂੰ ਪੁਲਿਸ ਦਾ ਸਹਿਯੋਗ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਕਿਸੇ ਵੀ ਸ਼ੱਕੀ ਵਿਅਕਤੀ, ਨਸ਼ਾ ਤਸਕਰੀ ਜਾਂ ਹੋਰ ਗੈਰ-ਕਾਨੂੰਨੀ ਗਤੀਵਿਧੀ ਸਬੰਧੀ ਜਾਣਕਾਰੀ ਤੁਰੰਤ ਨਜ਼ਦੀਕੀ ਪੁਲਿਸ ਥਾਣੇ ਜਾਂ 112 ਹੈਲਪਲਾਈਨ ’ਤੇ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਤਿਉਹਾਰਾਂ ਦੇ ਦੌਰਾਨ ਅਮਨ-ਸ਼ਾਂਤੀ ਅਤੇ ਕਾਨੂੰਨ-ਵਿਵਸਥਾ ਬਣਾਈ ਰੱਖਣ ਅਤੇ ਲੋਕਾਂ ਨੂੰ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਉਣ ਲਈ ਆਉਣ ਵਾਲੇ ਦਿਨਾਂ ਵਿੱਚ ਵੀ ਅਜਿਹੇ ਫਲੈਗ ਮਾਰਚ ਅਤੇ ਵਿਸ਼ੇਸ਼ ਗਸ਼ਤ ਜਾਰੀ ਰਹੇਗੀ।
Flag March By Malerkotla Police To Curb Crime And Drugs
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)